ਭਾਜਪਾ ਚੋਣਾਂ ਤੋਂ ਪਹਿਲਾਂ ਈ ਡੀ ਦੀ ਦੁਰਵਰਤੋਂ ਕਰਨ ਲੱਗੀ: ਸਿਸੋਦੀਆ
ਕੇਂਦਰ ਸਰਕਾਰ ’ਤੇ ਪੰਜਾਬ ’ਚ 4 ਹਜ਼ਾਰ ਈ ਡੀ ਅਧਿਕਾਰੀ ਤਾਇਨਾਤ ਕਰਨ ਦੇ ਦੋਸ਼ ਲਾਏ
ਆਮ ਆਦਮੀ ਪਾਰਟੀ (ਆਪ) ਨੇ ਮੁਹਾਲੀ ਸਥਿਤ ਗਮਾਡਾ ਦਫ਼ਤਰ ਵਿੱਚ ਦੋ ਦਿਨਾਂ ਤੋਂ ਚੱਲ ਰਹੀ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਦੀ ਕਾਰਵਾਈ ਦੇ ਸਬੰਧ ’ਚ ਕੇਂਦਰ ਦੀ ਭਾਜਪਾ ਸਰਕਾਰ ’ਤੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਈ ਡੀ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਆਪਣੇ ਪੈਰ ਲਾਉਣ ਵਿੱਚ ਨਾਕਾਮ ਰਹੀ ਹੈ, ਉਹ ਹੁਣ ਕੇਂਦਰੀ ਜਾਂਚ ਏਜੰਸੀ ਦਾ ਸਹਾਰਾ ਲੈ ਰਹੀ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ 4,000 ਈ ਡੀ ਅਧਿਕਾਰੀ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਰਾਹੀਂ ਕੇਂਦਰ ਸਰਕਾਰ ਵੱਲੋਂ ਪੰਜਾਬ ਅਤੇ ਪੰਜਾਬੀਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਸਿਸੋਦੀਆ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਵਿੱਚ ਕੱਢੀ ਜਾ ਰਹੀ ਨਸ਼ਾ ਯਾਤਰਾ ਤੋਂ ਸਾਫ਼ ਹੋ ਗਿਆ ਹੈ ਕਿ ਪੰਜਾਬ ਦੇ ਲੋਕ ਭਾਜਪਾ ਨੂੂੰ ਮੂੰਹ ਨਹੀਂ ਲਾ ਰਹੇ। ਇਸੇ ਕਰ ਕੇ ਭਾਜਪਾ ਵੱਲੋਂ ਪੰਜਾਬ ਵਿੱਚ ਈ ਡੀ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਈ ਡੀ ਨੂੰ ਪੰਜਾਬ ਵਿੱਚ ਛਾਪਿਆਂ ਦੌਰਾਨ ਭ੍ਰਿਸ਼ਟਾਚਾਰ ਦਾ ਨਾ ਤਾਂ ਕੋਈ ਪੈਸਾ ਮਿਲਿਆ ਹੈ ਅਤੇ ਨਾ ਹੀ ਕੋਈ ਦਸਤਾਵੇਜ਼। ਕੇਂਦਰ ਨੇ ਈ ਡੀ ਦੀ ਵਰਤੋਂ ਸਿਆਸੀ ਦਬਾਅ ਬਣਾਉਣ ਅਤੇ ਭਾਜਪਾ ਲਈ ਪ੍ਰਚਾਰ ਕਰਨ ਵਾਸਤੇ ਕੀਤੀ ਹੈ। ਉਨ੍ਹਾਂ ਕਿਹਾ ਕਿ ਈ ਡੀ ਦਾ ਨਾਮ ਐਨਫੋਰਸਮੈਂਟ ਡਾਇਰੈਕਟੋਰੇਟ ਤੋਂ ਬਦਲਦੇ ‘ਇੰਪਲਾਈਡ ਡਾਕੂ’ ਰੱਖ ਦੇਣਾ ਚਾਹੀਦਾ ਹੈ।
ਈ ਡੀ ਨੇ ਸਰਕਾਰੀ ਕੰਮ ਠੱਪ ਕੀਤਾ: ਹਰਪਾਲ ਚੀਮਾ
‘ਆਪ’ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਲਾਲਚੰਦ ਸਿੰਘ ਕਟਾਰੂਚੱਕ, ਹਰਜੋਤ ਸਿੰਘ ਬੈਂਸ ਅਤੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਤੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਨੇ ਸਰਕਾਰੀ ਦਫ਼ਤਰਾਂ ਦਾ ਕੰਮ ਠੱਪ ਕਰ ਦਿੱਤਾ ਹੈ ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਪਿਆ। ਉਨ੍ਹਾਂ ਕਿਹਾ ਕਿ ਦਿੱਲੀ, ਬਿਹਾਰ ਅਤੇ ਪੱਛਮੀ ਬੰਗਾਲ ਵਿੱਚ ਵੀ ਭਾਜਪਾ ਨੇ ਈ ਡੀ ਦੀ ਵੱਡੇ ਪੱਧਰ ’ਤੇ ਦੁਰਵਰਤੋਂ ਕੀਤੀ ਸੀ ਪਰ ਪੰਜਾਬ ਦੀ ‘ਆਪ’ ਈ ਡੀ ਦੀ ਕਾਰਵਾਈ ਤੋਂ ਡਰਨ ਵਾਲੀ ਨਹੀਂ ਹੈ।

