ਭਾਜਪਾ ਨੇ ਪੰਜਾਬ ਸਰਕਾਰ ਘੇਰੀ
ਪੰਜਾਬ ਵਿੱਚ ‘ਆਪ’ ਸਰਕਾਰ ਵੱਲੋਂ ਸਾਢੇ ਤਿੰਨ ਸਾਲਾਂ ਵਿੱਚ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਨਾ ਦੇਣ ਅਤੇ ਹਰਿਆਣਾ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ 11 ਮਹੀਨੇ ਵਿੱਚ ਔਰਤਾਂ ਨੂੰ 2100-2100 ਰੁਪਏ ਦੇਣ ਦਾ ਵਾਅਦਾ ਪੂਰਾ ਕਰਨ ਨਾਲ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਭਾਜਪਾ ਦੀ ਇਸ ਪਹਿਲਕਦਮੀ ’ਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ‘ਆਪ’ ਦੀ ਘੇਰਾਬੰਦੀ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਨਾਇਬ ਸੈਣੀ ਨੇ ਦੂਜੀ ਵਾਰ ਮੁੱਖ ਮੰਤਰੀ ਦੀ ਸਹੁੰ ਚੁੱਕਣ ਤੋਂ 11 ਮਹੀਨੇ ਬਾਅਦ ਹੀ ਆਪਣਾ ਵਾਅਦਾ ਪੁਰਾ ਕਰ ਕੇ ਔਰਤਾਂ ਨੂੰ 2100-2100 ਰੁਪਏ ਪ੍ਰਤੀ ਮਹੀਨਾ ਦੇਣਾ ਸ਼ੁਰੂ ਕਰ ਦਿੱਤਾ ਹੈ, ਜਦੋਂ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਪੂਰਾ ਕਰਨ ਵਿੱਚ ਅਸਮਰੱਥ ਰਹੇ ਹਨ। ਇਸ ਤੋਂ ਪਤਾ ਚੱਲਦਾ ਹੈ ਕਿ ਭਾਜਪਾ ਦੇ ਵਾਅਦੇ ਸੱਚੇ ਹਨ ਅਤੇ ‘ਆਪ’ ਦੇ ਵਾਅਦੇ ਝੂਠੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸੂਬੇ ਦੀਆਂ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਜੋ ਕਿ ‘ਆਪ’ ਦੀ ਜਿੱਤ ਵਿੱਚ ਵੱਡਾ ਕਾਰਨ ਸਾਬਤ ਹੋਇਆ ਸੀ ਪਰ ‘ਆਪ’ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਵਿੱਚ ਅਸਮਰੱਥ ਰਹੀ ਹੈ।