ਲੈਂਡ ਪੂਲਿੰਗ ਨੀਤੀ ਖ਼ਿਲਾਫ਼ ‘ਜ਼ਮੀਨ ਬਚਾਓ, ਕਿਸਾਨ ਬਚਾਓ’ ਯਾਤਰਾ ਕੱਢੇਗੀ ਭਾਜਪਾ
ਪੰਜਾਬ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਪੰਜਾਬ ਭਾਜਪਾ ਵੀ ਨਿੱਤਰ ਆਈ ਹੈ, ਜਿਸ ਨੇ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਪੰਜਾਬ ਭਰ ਵਿੱਚ ਸੰਘਰਸ਼ ਵਿੱਢਣ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਭਾਜਪਾ ਵੱਲੋਂ ਲੈਂਡ ਪੂਲਿੰਗ ਨੀਤੀ ਦੇ ਖ਼ਿਲਾਫ਼ ਪੰਜਾਬ ਵਿੱਚ ‘ਜ਼ਮੀਨ ਬਚਾਓ, ਕਿਸਾਨ ਬਚਾਓ’ ਯਾਤਰਾ ਕੱਢੀ ਜਾਵੇਗੀ। ਇਹ ਯਾਤਰਾ ਪੰਜਾਬ ਦੇ ਹਰ ਪਿੰਡ ਤੱਕ ਪਹੁੰਚ ਕਰਕੇ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰੇਗੀ।
ਇਸ ਗੱਲ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ, ਜਨਰਲ ਸਕੱਤਰ ਅਨਿਲ ਸਰੀਨ ਅਤੇ ਹੋਰ ਆਗੂਆਂ ਨੇ ਚੰਡੀਗੜ੍ਹ ’ਚ ਪਾਰਟੀ ਦਫ਼ਤਰ ਵਿਖੇ ਕੀਤਾ। ਭਾਜਪਾ ਦੇ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਭਾਜਪਾ ਵੱਲੋਂ 17 ਅਗਸਤ ਤੋਂ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ‘ਜ਼ਮੀਨ ਬਚਾਓ, ਕਿਸਾਨ ਬਚਾਓ’ ਯਾਤਰਾ ਦੀ ਸ਼ੁਰੂਆਤ ਕੀਤੀ ਜਾਵੇਗੀ। ਇਹ ਯਾਤਰਾ 17 ਅਗਸਤ ਨੂੰ ਪਟਿਆਲਾ ਤੋਂ ਸ਼ੁਰੂ ਹੋ ਕੇ ਸੂਬੇ ਦੇ ਸਾਰੇ ਜ਼ਿਲ੍ਹਿਆ ਅਤੇ ਸ਼ਹਿਰਾਂ ਵਿੱਚੋਂ ਹੁੰਦੇ ਹੋਏ 5 ਸਤੰਬਰ 2025 ਨੂੰ ਪਠਾਨਕੋਟ ’ਚ ਸਮਾਪਤ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ‘ਜ਼ਮੀਨ ਬਚਾਓ, ਕਿਸਾਨ ਬਚਾਓ’ ਯਾਤਰਾ ਦੌਰਾਨ ਭਾਜਪਾ ਵੱਲੋਂ ਸੂਬੇ ਦੇ ਸਾਰੇ ਪਿੰਡਾਂ ਤੱਕ ਪਹੁੰਚ ਕੀਤੀ ਜਾਵੇਗੀ। ਇਸ ਦੌਰਾਨ ਕਿਸਾਨਾਂ ਨੂੰ ਲੈਂਡ ਪੂਲਿੰਗ ਨੀਤੀ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ।