ਪੰਜਾਬ ਫੇਰੀ ਦੇ ਆਖ਼ਰੀ ਪੜਾਅ ਵਿੱਚ ਭਾਰਤੀ ਜਨਤਾ ਪਾਰਟੀ ਦੇ ਕੌਮੀ ਸੰਗਠਨ ਜਨਰਲ ਸਕੱਤਰ, ਰਾਜ ਸਭਾ ਮੈਂਬਰ ਅਤੇ ਪੰਜਾਬ ਅਤੇ ਹਰਿਆਣਾ ਦੇ ਇੰਚਾਰਜ ਡਾ. ਸਤੀਸ਼ ਪੂਨੀਆ ਨੇ ਅੱਜ ਅੰਮ੍ਰਿਤਸਰ ਦਾ ਦੌਰਾ ਕੀਤਾ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਜਾਂ ਕਿਸੇ ਹੋਰ ਪਾਰਟੀ ਨਾਲ ਗੱਠਜੋੜ ਬਾਰੇ ਅਟਕਲਾਂ ਨੂੰ ਖ਼ਾਰਜ ਕਰਦਿਆਂ ਸਪੱਸ਼ਟ ਕੀਤਾ ਕਿ ਭਾਜਪਾ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਾਰੀਆਂ 117 ਸੀਟਾਂ ’ਤੇ ਚੋਣ ਲੜੇਗੀ।
ਭਾਜਪਾ ਜ਼ਿਲ੍ਹਾ ਦਫ਼ਤਰ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਪਹੁੰਚਣ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਦੀ ਅਗਵਾਈ ਵਿੱਚ ਪਾਰਟੀ ਵਰਕਰਾਂ ਨੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ। ਡਾ. ਪੂਨੀਆ ਨੇ ਸ਼ਹੀਦ ਹਰਬੰਸ ਲਾਲ ਖੰਨਾ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਬਾਅਦ ਉਨ੍ਹਾਂ ਸ੍ਰੀ ਦੁਰਗਿਆਣਾ ਤੀਰਥ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਕੇਂਦਰੀ ਵਾਲਮੀਕਿ ਮੰਦਰ ਵਿਖੇ ਮੱਥਾ ਟੇਕਿਆ। ਇਸ ਮੌਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਸਾਬਕਾ ਸੰਸਦ ਮੈਂਬਰ ਸ਼ਵੇਤ ਮਲਿਕ, ਸੂਬਾ ਜਨਰਲ ਸਕੱਤਰ ਅਨਿਲ ਸਰੀਨ ਅਤੇ ਸੂਬਾ ਮੀਤ ਪ੍ਰਧਾਨ ਰਾਕੇਸ਼ ਰਾਠੌਰ ਹਾਜ਼ਰ ਸਨ।
ਉਨ੍ਹਾਂ ਪੰਜਾਬ ਵਿੱਚ ਵਧ ਰਹੇ ਨਸ਼ੇ ਅਤੇ ਭ੍ਰਿਸ਼ਟਾਚਾਰ ਦੇ ਮੁੱਦਿਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪਾਰਟੀ ਲੋਕਾਂ ਨੂੰ ਨਸ਼ੇ ਦੇ ਖਤਰੇ ਅਤੇ ਨਾਰਕੋ-ਅਤਿਵਾਦ ਤੋਂ ਮੁਕਤ ਕਰਨ ਲਈ ਸਮਰਪਿਤ ਅਤੇ ਬੇਦਾਗ ਕਾਰਜ ਯੋਜਨਾ ਤਿਆਰ ਕਰ ਰਹੀ ਹੈ। ਡਾ. ਪੂਨੀਆ ਨੇ ਪੰਜਾਬ ਦੇ ਵਿਕਾਸ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਪਾਰਟੀ ਦੀਆਂ ਪ੍ਰਮੁੱਖ ਤਰਜੀਹਾਂ ਐਲਾਨਿਆ।
ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸੂਬੇ ਵਿੱਚ ਮਾਫੀਆ ਰਾਜ, ਗੈਂਗਸਟਰਵਾਦ, ਜਬਰੀ ਵਸੂਲੀ, ਡਰੱਗ ਮਾਫੀਆ, ਰੇਤ ਮਾਫੀਆ ਅਤੇ ਭੂ-ਮਾਫੀਆ ਦਾ ਬੋਲਬਾਲਾ ਹੈ। ਲੋਕ ‘ਆਪ’ ਤੋਂ ਅੱਕ ਚੁੱਕੇ ਹਨ।

