ਪੱਤਰ ਪ੍ਰੇਰਕ
ਫਗਵਾੜਾ, 27 ਅਪਰੈਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਵਾਰ ਚੋਣਾਂ ’ਚ ਭਾਜਪਾ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਪਾਰਟੀ ਦਾ ਆਪਣਾ ਆਧਾਰ ਮਜ਼ਬੂਤ ਨਹੀਂ ਹੈ। ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਦੇ ਇਥੇ ਪੁੱਜਣ ਮੌਕੇ ਕਰਵਾਏ ਸਮਾਗਮ ’ਚ ਸ਼ਾਮਲ ਹੋਣ ਮੌਕੇ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਕੇਂਦਰ ’ਚ ਸਿੱਖਾਂ ਦੇ ਸਹਿਯੋਗ ਨਾਲ ਬਣੀ ਸੀ ਜੋ ਸਿੱਖਾਂ ਦੇ ਧਾਰਮਿਕ ਮਸਲਿਆਂ ’ਚ ਦਖ਼ਲਅੰਦਾਜ਼ੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਦੀਆਂ ਸਮੱਸਿਆਵਾਂ, ਬੰਦੀ ਸਿੰਘਾਂ ਦੀ ਰਿਹਾਈ ਆਦਿ ਮਸਲੇ ਹੱਲ ਨਹੀਂ ਕੀਤੇ।