ਆਤਿਸ਼ ਗੁਪਤਾ
ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਵੱਲੋਂ ਸਾਲ 2027 ਦੀਆਂ ਚੋਣਾਂ ਇਕੱਲੇ ਲੜੀਆਂ ਜਾਣਗੀਆਂ। ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਅਤੇ ਹਰਿਆਣਾ ਵਿੱਚ ਚੌਟਾਲਿਆਂ ਨੇ ਭਾਜਪਾ ਨੂੰ ਧੋਖਾ ਦਿੱਤਾ ਸੀ। ਪੰਜਾਬ ’ਚ ਕਿਸਾਨੀ ਵਿਰੋਧ ਦੇ ਬਾਵਜੂਦ ਭਾਜਪਾ ਨੇ ਸਾਲ 2022 ਦੀ ਵਿਧਾਨ ਸਭਾ ਚੋਣ ਅਤੇ 2024 ਦੀਆਂ ਲੋਕ ਸਭਾ ਚੋਣਾਂ ਇਕੱਲੇ ਲੜੀਆਂ ਸਨ। ਹੁਣ ਸਾਲ 2027 ਦੀਆਂ ਚੋਣਾਂ ਭਾਜਪਾ ਇਕੱਲੇ ਹੀ ਲੜੇਗੀ। ਅਕਾਲੀ ਦਲ ਨੂੰ ਨਾਲ ਰਲਾ ਕੇ ਭਾਜਪਾ ਬੇਅਦਬੀ ਸਣੇ ਹੋਰ ਦੋਸ਼ ਆਪਣੇ ’ਤੇ ਨਹੀਂ ਲੁਆ ਸਕਦੀ। ਸ੍ਰੀ ਬਿੱਟੂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ’ਚ ਪ੍ਰਦਰਸ਼ਨ ਲਈ ਆਉਣ ਵਾਲਿਆਂ ਦਾ ’ਵਰਸਿਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਹ ਲੋਕ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ। ਪੰਜਾਬ ਦਾ ਕੋਈ ਵੀ ਮਾਮਲਾ ਹੋਵੇ, ਇਹ ਲੋਕ ਹਰ ਥਾਂ ਨਜ਼ਰ ਆਉਂਦੇ ਹਨ। ਪੰਜਾਬ ’ਵਰਸਿਟੀ ਦੇ ਵਿਦਿਆਰਥੀਆਂ ਨੇ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਦਾ ਵਿਰੋਧ ਕੀਤਾ ਤਾਂ ਕੇਂਦਰ ਨੇ ਨੋਟੀਫਿਕੇਸ਼ਨ ਰੱਦ ਕਰ ਦਿੱਤਾ ਹੈ। ਹੁਣ ਵਿਦਿਆਰਥੀ ਸੈਨੇਟ ਚੋਣਾਂ ਦਾ ਐਲਾਨ ਕਰਨ ਦੀ ਮੰਗ ਕਰ ਰਹੇ ਹਨ, ਇਸ ਬਾਰੇ ’ਵਰਸਿਟੀ ਦੀ ਵਾਈਸ ਚਾਂਸਲਰ ਨੇ ਚਾਂਸਲਰ ਨੂੰ ਲਿਖ ਕੇ ਭੇਜ ਦਿੱਤਾ ਹੈ। ਉਨ੍ਹਾਂ ਵੱਲੋਂ ਜਲਦ ਹੀ ਚੋਣਾਂ ਦਾ ਐਲਾਨ ਕੀਤਾ ਜਾਵੇਗਾ।
ਝੋਨੇ ਬਾਰੇ ਸਬੰਧਤ ਵਿਭਾਗ ਨਾਲ ਕੀਤੀ ਜਾਵੇਗੀ ਗੱਲਬਾਤ
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਝੋਨੇ ਦੀ ਫ਼ਸਲ ਵਧੇਰੇ ਪ੍ਰਭਾਵਿਤ ਹੋਈ ਹੈ। ਇਸ ਕਾਰਨ ਕਿਸਾਨਾਂ ਨੂੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ। ਕੇਂਦਰ ਸਰਕਾਰ ਨੇ ਝੋਨੇ ਦੀ ਖ਼ਰੀਦ ’ਤੇ ਛੋਟ ਦਿੱਤੀ ਹੈ ਪਰ ਇਸ ਵਿੱਚ ਹੋਈ ਦੇਰੀ ਲਈ ਸਬੰਧਤ ਵਿਭਾਗ ਨਾਲ ਸੰਪਰਕ ਕੀਤਾ ਜਾਵੇਗਾ। ਸੂਬਾ ਸਰਕਾਰ ’ਤੇ ਹਮਲਾ ਕਰਦਿਆਂ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਫ਼ਸਲਾਂ ਦਾ ‘ਫ਼ਸਲ ਬੀਮਾ ਯੋਜਨਾ’ ਤਹਿਤ ਬੀਮਾ ਕਰਵਾਇਆ ਹੁੰਦਾ ਤਾਂ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਖ਼ਰਾਬ ਹੋਈਆਂ ਫ਼ਸਲਾਂ ਲਈ 40 ਹਜ਼ਾਰ ਕਰੋੜ ਰੁਪਏ ਦਾ ਭੁਗਤਾਨ ਕਰਨਾ ਸੀ। ‘ਆਪ’ ਦੀ ਸੂਬਾ ਸਰਕਾਰ ਵੱਲੋਂ ਫ਼ਸਲਾਂ ਦਾ ਬੀਮਾ ਨਾ ਕਰਵਾਉਣ ਕਰ ਕੇ ਕਿਸਾਨਾਂ ਨੂੰ ਨੁਕਸਾਨ ਝੱਲਣਾ ਪਿਆ ਹੈ।

