ਭਾਜਪਾ ਵਿਧਾਨ ਸਭਾ ਚੋਣ ਇਕੱਲੇ ਲੜੇਗੀ: ਰਵਨੀਤ ਬਿੱਟੂ
ਆਤਿਸ਼ ਗੁਪਤਾ
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਕਿਸੇ ਦੇ ਮੋਢਿਆਂ ਦੀ ਲੋੜ ਨਹੀਂ, ਭਾਜਪਾ ਇਕੱਲੇ ਹੀ 117 ਸੀਟਾਂ ’ਤੇ ਚੋਣ ਲੜੇਗੀ। ਪੰਜਾਬ ਵਿੱਚ ਬੇਅਦਬੀ ਕਰਨ ਵਾਲਿਆਂ ਨਾਲ ਭਾਜਪਾ ਕਦੇ ਵੀ ਨਹੀਂ ਖੜ੍ਹੇਗੀ। ਇਹ ਗੱਲ ਕੇਂਦਰੀ ਰਾਜ ਮੰਤਰੀ ਨੇ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਦੀਪ ਸਿੰਘ ਚੀਮਾ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਉਣ ਮਗਰੋਂ ਆਖੀ ਹੈ। ਇਸ ਮੌਕੇ ਕੇਂਦਰੀ ਰਾਜ ਮੰਤਰੀ ਬਿੱਟੂ ਤੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਗਦੀਪ ਸਿੰਘ ਚੀਮਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ।
ਸ੍ਰੀ ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦਿਲ ਪੰਜਾਬ ਵਿੱਚ ਹੈ, ਜੋ ‘ਆਪ’ ਦੇ ਰਾਜ ਹੇਠ ਨਸ਼ਿਆਂ ਅਤੇ ਕਰਜ਼ਿਆਂ ਵਿੱਚ ਡੁੱਬਿਆ ਹੋਇਆ ਹੈ। ਪ੍ਰਧਾਨ ਮੰਤਰੀ ਕੇਂਦਰ ਦਾ ਖਜ਼ਾਨਾ ਪੰਜਾਬ ’ਤੇ ਲੁਟਾਉਣ ਲਈ ਤਿਆਰ ਹਨ। ਇਸ ਦੇ ਨਾਲ ਹੀ ਕੇਂਦਰੀ ਰਾਜ ਮੰਤਰੀ ਨੇ ਕਾਂਗਰਸ ’ਤੇ ਹਮਲਾ ਕਰਦਿਆਂ ਕਿਹਾ ਕਿ ਪੀ ਚਿਦੰਬਰਮ ਮੰਨ ਗਏ ਹਨ ਕਿ ਅਪਰੇਸ਼ਨ ਬਲੂਸਟਾਰ ਇੰਦਰਾ ਗਾਂਧੀ ਨੇ ਕਰਵਾਇਆ ਸੀ। ਅਜਿਹੇ ਲੋਕਾਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਕਾਂਗਰਸ ਨੂੰ ਵੀ ਚਿਦੰਬਰਮ ਦੇ ਬਿਆਨ ’ਤੇ ਆਪਣਾ ਸਟੈਂਡ ਸਪੱਸ਼ਟ ਕਰਨ ਦੀ ਅਪੀਲ ਕੀਤੀ। ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ‘ਆਪ’ ਵੱਲੋਂ ਚੋਣਾਂ ਤੋਂ ਪਹਿਲਾਂ ਸਾਰੀਆਂ ਫ਼ਸਲਾਂ ’ਤੇ ਪੰਜ ਮਿੰਟ ਵਿੱਚ ਐੱਮ ਐੱਸ ਪੀ ਦੇਣ ਦਾ ਦਾਅਵਾ ਕੀਤਾ ਗਿਆ ਸੀ, ਜੋ ਸਾਢੇ ਤਿੰਨ ਸਾਲਾਂ ਬਾਅਦ ਵੀ ਨਹੀਂ ਦੇ ਸਕੇ ਹਨ। ਇਸੇ ਤਰ੍ਹਾਂ ਔਰਤਾਂ ਨੂੰ ਹਜ਼ਾਰ ਰੁਪਏ ਨਹੀਂ ਦਿੱਤੇ, ਜਦੋਂ ਕਿ ਹਰਿਆਣਾ ਸਰਕਾਰ ਨੇ ਔਰਤਾਂ ਨੂੰ 2100 ਰੁਪਏ ਦੇਣੇ ਸ਼ੁਰੂ ਕਰ ਦਿੱਤੇ ਹਨ।
‘ਆਪ’ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਵਿੱਚ ਰਹੀ ਨਾਕਾਮ: ਨਾਇਬ ਸੈਣੀ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਸੂਬੇ ਦੀਆਂ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਪੂਰਾ ਨਾ ਕਰਨ ’ਤੇ ‘ਆਪ’ ਦੀ ਘੇਰਾਬੰਦੀ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਪੰਜਾਬ ਵਿੱਚ ਔਰਤਾਂ ਦੀਆਂ ਵੋਟਾਂ ਹਾਸਲ ਕਰਨ ਲਈ ਇਕ-ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਪਰ ਉਹ ਸਾਢੇ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਇਕ-ਇਕ ਹਜ਼ਾਰ ਰੁਪਏ ਦੇਣ ਵਿੱਚ ਨਾਕਾਮ ਰਹੀ ਹੈ। ਦੂਜੇ ਪਾਸੇ ਭਾਜਪਾ ਦੀ ਸਰਕਾਰ ਨੇ ਆਪਣੇ 11 ਮਹੀਨੇ ਦੇ ਕਾਰਜਕਾਲ ਵਿੱਚ ਵਾਅਦਾ ਪੂਰਾ ਕਰਦਿਆਂ ਹਰਿਆਣਾ ਵਿੱਚ ਔਰਤਾਂ ਨੂੰ 2100-2100 ਰੁਪਏ ਦੇਣੇ ਸ਼ੁਰੂ ਕਰ ਦਿੱਤੇ ਹਨ।