ਡਾ. ਹਿਮਾਂਸ਼ੂ ਸੂਦ
ਮੰਡੀ ਗੋਬਿੰਦਗੜ੍ਹ, 22 ਜੁਲਾਈ
ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਕਾਂਗਰਸ ਦੇ ਕਥਿਤ ਭ੍ਰਿਸ਼ਟ ਸਾਬਕਾ ਮੰਤਰੀਆ ਦਾ ਭਾਜਪਾ ’ਚ ਸ਼ਾਮਲ ਹੋ ਕੇ ਬਚਾਅ ਨਹੀਂ ਹੋਵੇਗਾ ਸਗੋਂ ਜਲਦ ਹੀ ਉਹ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੋਣਗੇ। ਉਨ੍ਹਾਂ ਨੇ ਇਹ ਪ੍ਰਗਟਾਵਾ ਅੱਜ ਇੱਥੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਦੌਰਾਨ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਮੀਤ ਪ੍ਰਧਾਨ ਅਸ਼ੋਕ ਸ਼ਰਮਾ ਸਮੇਤ 9 ਕੌਂਸਲਰਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕ੍ਰਿਸ਼ਨ ਵਰਮਾ ਬੌਬੀ ਤੇ ਉਸ ਦੀ ਪਤਨੀ ਕੌਂਸਲਰ ਰਾਧਿਕਾ ਵਰਮਾ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਲ ਕਰਨ ਮੌਕੇ ਕੀਤਾ।
ਸ੍ਰੀ ਚੀਮਾ ਨੇ ਕੇਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਉਸ ਵੱਲੋਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਖ਼ਿਲਾਫ਼ ਕੇਸ ਬਦਲਾਲਊ ਭਾਵਨਾ ਤਹਿਤ ਦਰਜ ਕੀਤਾ ਗਿਆ ਹੈ ਪਰ ਇਸ ਦੇ ਬਾਵਜੂਦ ਦੇਸ਼ ਵਿੱਚ ‘ਆਪ’ ਦਾ ਬੋਲਬਾਲਾ ਵਧ ਰਿਹਾ ਹੈ। ਹਸਪਤਾਲਾਂ ’ਚ ਡਾਕਟਰਾਂ ਅਤੇ ਸਟਾਫ਼ ਦੀਆਂ ਖਾਲੀ ਅਸਾਮੀਆਂ ਬਾਰੇ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਜਲਦ ਇਸ ਨੂੰ ਭਰਿਆ ਜਾਵੇਗਾ। ਇਸ ਮੌਕੇ ਸੀਨੀਅਰ ਆਗੂ ਰਾਹੁਲ ਸੋਫ਼ਤ, ਮਨੀ ਬੜਿੰਗ, ਐਡ. ਅਸ਼ਵਨੀ ਅਬਰੋਲ, ਸੁਖਵਿੰਦਰ ਕੌਰ, ਜ਼ਿਲ੍ਹਾ ਪ੍ਰਧਾਨ ਅਜੈ ਲਬਿੜਾ, ਉਂਕਾਰ ਸਿੰਘ ਚੌਹਾਨ, ਗੁਰਮੀਤ ਸਿੰਘ ਰਾਮਗੜ੍ਹ, ਗੁਰਮੀਤ ਸਿੰਘ ਛੰਨਾ, ਸ਼ਿੰਗਾਰਾ ਸਿੰਘ ਸਲਾਣਾ, ਗੁਰਮੀਤ ਸਿੰਘ ਮੰਡੀ ਗੋਬਿੰਦਗੜ੍ਹ ਆਦਿ ਹਾਜ਼ਰ ਸਨ। ਦੂੁਜੇ ਪਾਸੇ ਸਾਬਕਾ ਕਾਂਗਰਸੀ ਮੰਤਰੀ ਰਣਦੀਪ ਸਿੰਘ ਨਾਭਾ ਨੇ ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਨੇ ਜਿਹੜੀਆਂ ਭਾਵਨਾਵਾਂ ਨਾਲ ਸਰਕਾਰ ਚੁਣੀ ਹੈ ਸਰਕਾਰ ਨੂੰ ਉਨ੍ਹਾਂ ’ਤੇ ਪੂਰਾ ਉਤਰਨਾ ਚਾਹੀਦਾ ਹੈ।