ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 17 ਜੁਲਾਈ
ਭਾਜਪਾ ਯੁਵਾ ਮੋਰਚਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸ਼ਹੀਦ ਭਗਤ ਸਿੰਘ ਨੂੰ ਅਤਿਵਾਦੀ ਕਹਿਣ ਵਾਲੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਅਜਿਹਾ ਨਾ ਹੋਇਆ ਤਾਂ ਭਾਜਪਾ ਯੁਵਾ ਮੋਰਚਾ ਪੰਜਾਬ ਸਰਕਾਰ ਤੇ ਸਿਮਰਨਜੀਤ ਸਿੰਘ ਮਾਨ ਖ਼ਿਲਾਫ਼ ਸੜਕਾਂ ’ਤੇ ਆਵੇਗਾ। ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਗੌਤਮ ਅਰੋੜਾ ਨੇ ਆਖਿਆ ਕਿ ਸਿਮਰਨਜੀਤ ਸਿੰਘ ਮਾਨ ਆਪਣੇ ਸਿਆਸੀ ਹਿੱਤਾਂ ਖਾਤਰ ਨੌਜਵਾਨਾਂ ਨੂੰ ਭੜਕਾ ਰਹੇ ਹਨ ਅਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ।
ਸਿਮਰਨਜੀਤ ਸਿੰਘ ਮਾਨ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਹੋਵੇ: ਸ਼ਾਂਡਿਲਿਆ
ਐਂਟੀ ਟੈਰੋਰਿਸਟ ਫਰੰਟ ਇੰਡੀਆ ਦੇ ਪ੍ਰਧਾਨ ਵੀਰੇਸ਼ ਸ਼ਾਂਡਿਲਿਆ ਨੇ ਇਸ ਮਾਮਲੇ ਵਿਚ ਸੰਸਦ ਮੈਂਬਰ ਦੇ ਪੁਤਲੇ ਸਾੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ ਤੇ ਲੋਕ ਸਭਾ ਦੇ ਸਪੀਕਰ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਇਸ ਮਾਮਲੇ ਵਿੱਚ ਸ੍ਰੀ ਮਾਨ ਖ਼ਿਲਾਫ਼ ਦੇਸ਼ ਧਰੋਹ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।