ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 23 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਹਾਲ ਹੀ ਵਿੱਚ ਕੇਂਦਰ ਸਰਕਾਰ ਵੱਲੋਂ ਕਾਇਮ ਕੀਤੀ ਕਮੇਟੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਸ ਕਮੇਟੀ ਵਿੱਚ ਉਨ੍ਹਾਂ ਲੋਕਾਂ ਨੂੰ ਸ਼ਾਮਲ ਹੀ ਨਹੀਂ ਕੀਤਾ ਗਿਆ, ਜਿਨ੍ਹਾਂ ਬਾਰੇ ਇਹ ਬਣਾਈ ਗਈ ਹੈ। ਸ੍ਰੀ ਮਾਨ ਨੇ ਕਿਹਾ ਕਿ ਇਹ ਸਿਰਫ਼ ਭਾਜਪਾ ਦੀ ਕਮੇਟੀ ਹੈ, ਜੋ ਉਨ੍ਹਾਂ ਨੂੰ ਹਰਗਿਜ਼ ਮਨਜ਼ੂਰ ਨਹੀਂ ਹੈ। ਇਸ ਵਿੱਚ ਪੰਜਾਬ ਸਣੇ ਦੇਸ਼ ਦੇ 28 ਸੂਬਿਆਂ ਦੇ ਕਿਸਾਨਾਂ ਨੂੰ ਯੋਗ ਨੁਮਾਇੰਦਗੀ ਦਿੱਤੀ ਜਾਣੀ ਚਾਹੀਦੀ ਹੈ। ਇੱਥੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ। ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕੀਤੇ ਸੰਘਰਸ਼ ਵਿੱਚ ਵੀ ਪੰਜਾਬ ਦੇ ਕਿਸਾਨਾਂ ਨੇ ਮੋਹਰੀ ਭੂਮਿਕਾ ਨਿਭਾਈ ਸੀ ਅਤੇ ਇਸ ਦੌਰਾਨ ਪੰਜਾਬ ਦੇ ਸੈਂਕੜੇ ਕਿਸਾਨਾਂ ਨੂੰ ਆਪਣੀ ਜਾਨ ਗੁਆਉਣੀ ਪਈ, ਤਦ ਕਿਤੇ ਜਾ ਕੇ ਕੇਂਦਰ ਦੀ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇਸ ਕਮੇਟੀ ਵਿੱਚ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦਾ ਕੋਈ ਨੁਮਾਇੰਦਾ ਨਹੀਂ ਲਿਆ ਗਿਆ। ਕਮੇਟੀ ਦਾ ਚੇਅਰਮੈਨ ਉਨ੍ਹਾਂ ਨੂੰ ਲਾਇਆ ਗਿਆ, ਜਿਨ੍ਹਾਂ ਨੇ ਪਹਿਲਾਂ ਤਿੰਨ ਖੇਤੀ ਕਾਲੇ ਕਾਨੂੰਨ ਬਣਾਏ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹਾਲਤਾਂ ਵਿੱਚ ਫ਼ਸਲਾਂ ਦੇ ਸਮਰਥਨ ਮੁੱਲ ਬਾਰੇ ਕੇਂਦਰ ਤੋਂ ਇਨਸਾਫ਼ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਮੁੱਖ ਮੰਤਰੀ ਨੇ ਮਜ਼ਦੂਰਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਕਿਹਾ ਕਿ ਪੰਜਾਬ ਵਿੱਚ ਆਪ ਸਰਕਾਰ ਮਜ਼ਦੂਰਾਂ, ਦਿਹਾੜੀਦਾਰਾਂ ਦਾ ਪੂਰਾ ਖਿਆਲ ਰੱਖੇਗੀ। ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ, ਵਧੀਕ ਮੁੱਖ ਸਕੱਤਰ ਏ ਵੈਨੂ ਪ੍ਰਸ਼ਾਦ ਅਤੇ ਹੋਰ ਅਧਿਕਾਰੀ ਮੌਜੂਦ ਸਨ।
ਭਗਵੰਤ ਮਾਨ ਵੱਲੋਂ ਆਮ ਆਦਮੀ ਕਲੀਨਿਕ ਦਾ ਜਾਇਜ਼ਾ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੋਂ ਦੇ ਫੇਜ਼-5 ਸਥਿਤ ਸੁਵਿਧਾ ਕੇਂਦਰ ਦੀ ਇਮਾਰਤ ਵਿੱਚ ਬਣਾਏ ਗਏ ਆਮ ਆਦਮੀ ਕਲੀਨਿਕ ਦਾ ਦੌਰਾ ਕਰਕੇ ਅਗਾਊਂ ਤਿਆਰੀਆਂ ਦਾ ਜਾਇਜ਼ਾ ਲਿਆ ਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟ ਕੀਤੀ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਰਾਜ ਅੰਦਰ 75 ਏਸੀ ਕਲੀਨਿਕ ਖੋਲ੍ਹੇ ਜਾਣਗੇ। ਜਿੱਥੇ ਇੱਕ ਐੱਮਬੀਬੀਐੱਸ ਡਾਕਟਰ, ਇੱਕ ਫਰਮਾਸਿਸਟ, ਇੱਕ ਨਰਸ, ਚਪੜਾਸੀ ਅਤੇ ਸਫ਼ਾਈ ਸੇਵਕ ਨੂੰ ਤਾਇਨਾਤ ਕੀਤਾ ਜਾਵੇਗਾ। ਇਨ੍ਹਾਂ ਕਲੀਨਿਕਾਂ ਵਿੱਚ ਲਗਪਗ ਸਾਰੀਆਂ ਬਿਮਾਰੀਆਂ ਦਾ ਸਸਤਾ ਇਲਾਜ ਕੀਤਾ ਜਾਵੇਗਾ ਤੇ 100 ਤੋਂ ਵੱਧ ਟੈਸਟ ਕੀਤੇ ਜਾਣਗੇ। ਇਸ ਤੋਂ ਇਲਾਵਾ ਵੱਡੇ ਪਿੰਡਾਂ ਅਤੇ ਕਸਬਿਆਂ ਵਿੱਚ 2-2 ਕਲੀਨਿਕ ਖੋਲ੍ਹੇ ਜਾਣਗੇ। ਉਨ੍ਹਾਂ ਦੱਸਿਆ ਕਿ ਮੁਹੱਲਾ ਕਲੀਨਿਕਾਂ ਵਿੱਚ ਆਪਣੀਆਂ ਸੇਵਾਵਾਂ ਦੇਣ ਲਈ ਹੁਣ ਤੱਕ 2140 ਡਾਕਟਰ ਅਪਲਾਈ ਕਰ ਚੁੱਕੇ ਹਨ, ਜਿਨ੍ਹਾਂ ’ਚੋਂ 1972 ਪੰਜਾਬ ਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 15 ਅਗਸਤ ਨੂੰ ਸੂਬੇ ਵਿੱਚ 75 ਮੁਹੱਲਾ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮੁਹੱਲਾ ਕਲੀਨਿਕਾਂ ਵਿੱਚ 90 ਫੀਸਦੀ ਲੋਕਾਂ ਦਾ ਇਲਾਜ ਕੀਤਾ ਜਾਵੇਗਾ। ਇਸ ਤਰ੍ਹਾਂ ਪੀਜੀਆਈ ਸਮੇਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲਾਂ ਦੀ ਓਪੀਡੀ ਵਿੱਚ ਮਰੀਜ਼ਾਂ ਦੀ ਗਿਣਤੀ ਘਟੇਗੀ ਤੇ ਪ੍ਰਾਈਵੇਟ ਹਸਪਤਾਲਾਂ ਦੇ ਮਹਿੰਗੇ ਇਲਾਜ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।