ਭਾਜਪਾ ਵੱਲੋਂ ਸਿੱਖਾਂ ਦੀ ਜਮਹੂਰੀਅਤ ’ਤੇ ਹਮਲਾ: ਮਾਨ
ਬੀ ਐੱਸ ਚਾਨਾ
ਵਾਰਸ ਪੰਜਾਬ ਦੇ ਜਥੇਬੰਦੀ ਵੱਲੋਂ 26 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਸ਼ੁਰੂ ਕੀਤਾ ਗਿਆ ਪੈਦਲ ਮਾਰਚ ਅੱਜ ਸ਼ਾਮ ਸ੍ਰੀ ਆਨੰਦਪੁਰ ਸਾਹਿਬ ਪਹੁੰਚਿਆ। ਤਖ਼ਤ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਉਪਰੰਤ ਇਸ ਮਾਰਚ ਦੀ ਸਮਾਪਤੀ ਹੋਈ। ਜਥੇਬੰਦੀ ਦੇ ਨੌਜਵਾਨਾਂ ਦੇ ਨਾਲ ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੀ ਮਾਰਚ ਵਿੱਚ ਮੌਜੂਦ ਰਹੇ।
ਇਸ ਮੌਕੇ ਮਨਦੀਪ ਸਿੱਧੂ ਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਮਾਰਚ ਦਾ ਉਦੇਸ਼ ਨੌਜਵਾਨਾਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਜਾਗਰੂਕ ਕਰਨਾ ਤੇ ਬੰਦੀ ਸਿੰਘਾਂ ਦੀ ਰਿਹਾਈ ਸਣੇ ਹੋਰ ਪੰਥਕ ਮਾਮਲਿਆਂ ਲਈ ਆਵਾਜ਼ ਬੁਲੰਦ ਕਰਨਾ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਮਾਨ ਨੇ ਕੇਂਦਰ ਸਰਕਾਰ ’ਤੇ ਨਿਸ਼ਾਨੇ ਸੇਧੇ। ਉਨ੍ਹਾਂ ਕਿਹਾ ਕਿ ਐੱਸ ਜੀ ਪੀ ਸੀ ਚੋਣਾਂ ਨਾ ਕਰਵਾ ਕੇ ਭਾਜਪਾ ਤੇ ਆਰ ਐੱਸ ਐੱਸ ਨੇ ਸਿੱਖਾਂ ਦੀ ਜਮਹੂਰੀਅਤ ਨੂੰ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਇਸ ਮਾਮਲੇ ਨੂੰ ਲੈ ਕੇ ਅਗਲੇ ਦਿਨਾਂ ਵਿੱਚ ਰੋਸ ਪ੍ਰਦਸ਼ਨ ਕੀਤਾ ਜਾਵੇਗਾ। ਬੰਦੀ ਸਿੰਘਾਂ ਦੀ ਰਿਹਾਈ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਘੱਟਗਿਣਤੀਆਂ ਦੇ ਹੱਕਾਂ ’ਤੇ ਹਮਲਾ ਕਰ ਰਹੀ ਹੈ। 30-30 ਸਾਲ ਤੋਂ ਜੇਲ੍ਹਾਂ ਅੰਦਰ ਸਿੱਖ ਕੈਦੀਆਂ ਦੇ ਮਾਮਲੇ ਵਿੱਚ ਕੋਈ ਗੰਭੀਰਤਾ ਨਹੀਂ ਦਿਖਾਈ ਗਈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸਿੱਖਾਂ ਨਾਲ ਇੰਦਰਾ ਗਾਂਧੀ ਵਾਂਗ ਵਤੀਰਾ ਕਰ ਰਹੇ ਹਨ।
