ਪਰਸ਼ੋਤਮ ਬੱਲੀ
ਬਰਨਾਲਾ, 1 ਨਵੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਸੂਬਾ-ਪੱਧਰੀ ਮੀਟਿੰਗ ਇਥੇ ਤਰਕਸ਼ੀਲ ਭਵਨ ਵਿੱਚ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਦੀ ਅਗਵਾਈ ਹੇਠ ਹੋਈ। ਕਿਸਾਨ-ਮੋਰਚਿਆਂ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਉਪਰੰਤ ਮੀਟਿੰਗ ਦੌਰਾਨ ਜਿੱਥੇ 5 ਨਵੰਬਰ ਦੇ ਦੇਸ਼-ਪੱਧਰੀ ਚੱਕਾ-ਜਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਤੇ ਨਾਲ ਹੀ 26-27 ਨਵੰਬਰ ਦੇ ਦਿੱਲੀ ਚੱਲੋ ਦੇ ਸੱਦੇ ਸਬੰਧੀ ਵਿਉਂਤਬੰਦੀ ਕੀਤੀ ਗਈ।
ਬੂਟਾ ਸਿੰਘ ਬੁਰਜ਼ਗਿੱਲ, ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਖਜ਼ਾਨਚੀ ਰਾਮ ਸਿੰਘ ਮਟੋਰੜਾ, ਸੂਬਾ ਪ੍ਰੈੱਸ ਸਕੱਤਰ ਬਲਵੰਤ ਸਿੰਘ ਉੱਪਲੀ ਅਤੇ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਕੇਂਦਰ ਸਰਕਾਰ ਵੱਲੋਂ ਪ੍ਰਦੂਸ਼ਣ ਰੋਕਣ ਸਬੰਧੀ ਲਿਆਂਦੇ ਨਵੇਂ ਆਰਡੀਨੈਂਸ ਨੂੰ ਕਿਸਾਨਾਂ ‘ਤੇ ਜ਼ਬਰ ਕਰਾਰ ਦਿੱਤਾ। ਅੱਜ ਦੀ ਇਸ ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੇ ਪ੍ਰਧਾਨ ਤੇ ਸਕੱਤਰ ਵੀ ਹਾਜ਼ਰ ਸਨ।