ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 10 ਜਨਵਰੀ
‘ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਨਹੀਂ ਲੈ ਰਹੀ। ਚੋਣਾਂ ’ਚ ਭਾਗ ਨਾ ਲੈਣ ਵਾਲੀਆਂ ਕਿਸਾਨ ਜਥੇਬੰਦੀਆਂ ਨਾਲ ਰਲ ਕੇ ਸਾਡੀ ਜਥੇਬੰਦੀ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਹੀ ਕੰਮ ਕਰੇਗੀ ਤਾਂ ਜੋ ਸਿਆਸੀ ਪਾਰਟੀਆਂ ’ਤੇ ਦਬਾਅ ਬਣਾਇਆ ਜਾ ਸਕੇ।’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਫੂਲ ਨੇ ਪਿੰਡ ਗੁਰੂਸਰ ਵਿੱਚ ਜਥੇਬੰਦੀ ਅਤੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਬੀਕੇਯੂ (ਕ੍ਰਾਂਤੀਕਾਰੀ) ਵੱਲੋਂ ਲੜੇ ਗਏ ਘੋਲਾਂ, ਖਾਸ ਕਰਕੇ ਦਿੱਲੀ ਕਿਸਾਨ ਮੋਰਚੇ ਦੌਰਾਨ ਜਥੇਬੰਦੀ ਵੱਲੋਂ ਨਿਭਾਈ ਗਈ ਭੂਮਿਕਾ ਬਾਰੇ ਚਾਨਣਾ ਪਾਇਆ।
ਇਸ ਮੌਕੇ ਪਿੰਡ ਗੁਰੂਸਰ ਵਿੱਚ ਬੀਕੇਯੂ (ਕ੍ਰਾਂਤੀਕਾਰੀ) ਦੀ ਪਿੰਡ ਇਕਾਈ ਵੀ ਬਣਾਈ ਗਈ। ਸ੍ਰੀ ਫੂਲ ਨੇ ਜਥੇਬੰਦੀ ਦੇ ਬੈਚ ਲਾ ਕੇ ਨਵੇਂ ਚੁਣੇ ਅਹੁਦੇਦਾਰਾਂ ਦਾ ਸਨਮਾਨ ਕੀਤਾ। ਸਮਾਗਮ ਦੌਰਾਨ ਦਿੱਲੀ ਮੋਰਚੇ ’ਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸੂਬਾ ਕਮੇਟੀ ਮੈਂਬਰ ਬਲਵੰਤ ਮਹਿਰਾਜ, ਜ਼ਿਲ੍ਹਾ ਪ੍ਰਧਾਨ ਪਰਸ਼ੋਤਮ ਮਹਿਰਾਜ, ਗੁਰਪ੍ਰੀਤ ਭਗਤਾ ਤੇ ਕਰਮਜੀਤ ਭਗਤਾ ਹਾਜ਼ਰ ਸਨ।