ਸ਼ਗਨ ਕਟਾਰੀਆ/ਭਾਰਤ ਭੂਸ਼ਨ ਆਜ਼ਾਦ
ਜੈਤੋ/ਕੋਟਕਪੂਰਾ, 31 ਜੁਲਾਈ
ਬਹਬਿਲ ਕਲਾਂ ਵਿੱਚ ਅੱਜ ਪੰਥਕ ਜਥੇਬੰਦੀਆਂ ਦੇ ਹੋਏ ਇਕੱਠ ਦੌਰਾਨ ਆਗੂਆਂ ਨੇ 2015 ’ਚ ਵਾਪਰੇ ਬਰਗਾੜੀ ਬੇਅਦਬੀ ਅਤੇ ਬਹਬਿਲ ਗੋਲੀ ਕਾਂਡ ਸਬੰਧੀ ਨਿਆਂ ਦੇਣ ਵਿੱਚ ਹੋਈ ਦੇਰੀ ਲਈ ਸਰਕਾਰ ਨੂੰ ਕੋਸਿਆ। ਉਨ੍ਹਾਂ ਦੋਸ਼ ਲਾਇਆ ਕਿ ਹਕੂਮਤ ਇਨਸਾਫ਼ ਦੇਣ ਪ੍ਰਤੀ ਸੰਜੀਦਾ ਨਹੀਂ ਹੈ। ਇਸ ਮੌਕੇ ਪਹੁੰਚੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੋਰਚੇ ਦੇ ਪ੍ਰਤੀਨਿਧਾਂ ਤੋਂ ਕੁਝ ਕਾਨੂੰਨੀ ਅੜਚਣਾਂ ਦੂਰ ਕਰਨ ਲਈ ਸਮਾਂ ਮੰਗਿਆ, ਜਿਸ ਮਗਰੋਂ ਪ੍ਰਤੀਨਿਧਾਂ ਨੇ ਸਰਕਾਰ ਨੂੰ 15 ਦਿਨਾਂ ਦਾ ਸਮਾਂ ਦਿੰਦਿਆਂ 16 ਅਗਸਤ ਤੋਂ ਸੰਘਰਸ਼ ਦੀ ਨਵੀਂ ਦਿਸ਼ਾ ਵਿਉਂਤਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਿੱਖ ਸੰਗਤ ਨੂੰ 15 ਅਗਸਤ ਨੂੰ ਆਜ਼ਾਦੀ ਦਿਹਾੜੇ ਵਾਲੇ ਦਿਨ ਆਪੋ-ਆਪਣੇ ਘਰਾਂ ’ਤੇ ਕੇਸਰੀ ਨਿਸ਼ਾਨ ਸਾਹਿਬ ਝੁਲਾਉਣ ਦਾ ਸੱਦਾ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਨੇ ਆਜ਼ਾਦੀ ਦਿਹਾੜੇ ਮੌਕੇ ‘ਹਰ ਘਰ ਤਿਰੰਗਾ’ ਲਹਿਰਾਉਣ ਦਾ ਸੱਦਾ ਦਿੱਤਾ ਹੈ।
ਪੰਥਕ ਆਗੂਆਂ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਇਨਸਾਫ ਦੀ ਉਡੀਕ ਕਰ ਰਹੇ ਹਨ ਪਰ ਸਰਕਾਰਾਂ ਇਸ ਵਿਸ਼ੇ ਪ੍ਰਤੀ ਸੰਵੇਦਨਸ਼ੀਲ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨਵੀਂ ਸਰਕਾਰ ਨੇ ਵੀ ਹੋਂਦ ’ਚ ਆਉਣ ਤੋਂ ਪਹਿਲਾਂ ਨਿਆਂ ਦੇਣ ਦੀ ਗੱਲ ਆਖੀ ਸੀ ਪਰ ਹਾਲੇ ਤੱਕ ਮੁਲਜ਼ਮ ਗ੍ਰਿਫ਼ਤਾਰ ਨਹੀਂ ਕੀਤੇ ਜਾ ਸਕੇ। ਇਕੱਠ ਨੂੰ ਸੁਖਰਾਜ ਸਿੰਘ ਨਿਆਮੀਵਾਲਾ, ਈਮਾਨ ਸਿੰਘ ਮਾਨ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਹਰਜਿੰਦਰ ਸਿੰਘ ਮਾਝੀ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।