ਲਖਵੀਰ ਸਿੰਘ ਚੀਮਾ
ਟੱਲੇਵਾਲ, 16 ਅਗਸਤ
ਭਾਰਤੀ ਕਿਸਾਨ ਯੂਨੀਅਨ( ਏਕਤਾ ਉਗਰਾਹਾਂ) ਨੇ ਕਿਸਾਨ ਮਾਰੂ ਖੇਤੀ ਆਰਡੀਨੈਂਸ ਖ਼ਿਲਾਫ਼ 15 ਤੋਂ 21 ਅਗਸਤ ਤੱਕ ਕੀਤਾ ਜਾਣ ਵਾਲਾ ਨਾਕਾਬੰਦੀ ਪ੍ਰੋਗਰਾਮ ਹੁਣ 25 ਤੋਂ 29 ਅਗਸਤ ਤੱਕ ਕਰਨ ਦਾ ਫੈਸਲਾ ਕੀਤਾ ਹੈ। ਜੱਥੇਬੰਦੀ ਦੀ ਸੂਬਾ ਪੱਧਰੀ ਮੀਟਿੰਗ ਪਿੰਡ ਚੀਮਾ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਇਹ ਫ਼ੈਸਲਾ ਕੀਤਾ ਗਿਆ। ਇਸ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਫੈਸਲੇ ਅਨੁਸਾਰ ਪੰਜਾਬ ਦੇ ਪਿੰਡਾਂ ਵਿੱਚ ਪਹੁੰਚਣ ਵਾਲੇ ਅਕਾਲੀ-ਭਾਜਪਾ ਦੇ ਨੇਤਾਵਾਂ, ਸੰਸਦ ਮੈਬਰਾਂ ਅਤੇ ਵਿਧਾਇਕਾਂ ਦੇ ਘਿਰਾਓ ਕਰਕੇ ਪਿੰਡਾਂ ਵਿੱਚ ਵੜਨ ਤੋਂ ਰੋਕਿਆ ਜਾਵੇਗਾ। ਕੇਂਦਰੀ ਸੱਤਾਧਾਰੀ ਨੁਮਾਇੰਦਿਆਂ ਲਈ “ਕੋਈ ਦਾਖਲਾ ਨਹੀਂ ’ ਦੇ ਲਿਖਤੀ ਬੈਨਰ ਪਿੰਡਾਂ ਦੇ ਦਾਖਲਾ ਰਸਤਿਆਂ ’ਤੇ ਲਟਕਾ ਕੇ ਮੁੱਖ ਰਸਤੇ ’ਤੇ ਜਨਤਕ ਨਾਕਾਬੰਦੀ ਕੀਤੀ ਜਾਵੇਗੀ ਅਤੇ ਬਾਕੀ ਰਸਤਿਆਂ ’ਤੇ ਪਹਿਰਾ ਸਕੁਐਡ ਤਾਇਨਾਤ ਕੀਤੇ ਜਾਣਗੇ। ਹੋਰਨਾਂ ਅਕਾਲੀ ਅਤੇ ਭਾਜਪਾ ਲੀਡਰਾਂ ਤੋਂ ਸਿਰਫ ਸੁਆਲ ਪੁੱਛੇ ਜਾਣਗੇ ਕਿ ਕਿਸਾਨ ਮਾਰੂ ਆਰਡੀਨੈਂਸਾਂ ਬਾਰੇ ਉਹ ਕਿਉਂ ਚੁੱਪ ਹਨ। ਇਸ ਸੰਘਰਸ਼ ਦੀ ਤਿਆਰੀ ਲਈ ਪਿੰਡਾਂ ਵਿੱਚ ਪੱਤੀਵਾਰ ਮੀਟਿੰਗਾਂ, ਰੈਲੀਆਂ, ਝੰਡਾ ਮਾਰਚ, ਢੋਲ ਮਾਰਚ ਆਦਿ ਕਰਕੇ ਵਿਸ਼ਾਲ ਲੋਕ ਲਹਿਰ ਲਾਮਬੰਦ ਕਰਨ ਸਮੇਂ ਨੌਜਵਾਨਾਂ ਤੇ ਔਰਤਾਂ ਦੀ ਲਾਮਬੰਦੀ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ।