ਮਹਿੰਦਰ ਸਿੰਘ ਰੱਤੀਆਂ
ਮੋਗਾ, 24 ਅਪਰੈਲ
ਇੱਥੇ ਸ਼ਹਿਰ ਦੇ ਸਲੱਮ ਖੇਤਰ ’ਚ ਚਿੱਟਾ ਵੇਚਣ-ਖਰੀਦਣ ਤੋਂ ਰੋਕਣ ’ਤੇ ਦੋ ਧਿਰਾਂ ਵਿਚਾਲੇ ਟਕਰਾਅ ਹੋ ਗਿਆ। ਇਸ ਦੌਰਾਨ ਤੇਜ਼ਧਾਰ ਹਥਿਆਰ ਅਤੇ ਪੱਥਰਾਂ ਨਾਲ ਇੱਕ-ਦੂਜੇ ’ਤੇ ਹਮਲਾ ਕੀਤਾ ਗਿਆ, ਜਿਸ ਕਾਰਨ ਕਈ ਜਣੇ ਜ਼ਖ਼ਮੀ ਹੋਏ ਹਨ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਇੱਥੇ ਸਲੱਮ ਖੇਤਰ ਵਿੱਚ ਅੱਜ ਦੁਪਹਿਰ ਵੇਲੇ ਨਸ਼ਾ ਖਰੀਦਣ ਅਤੇ ਵੇਚਣ ਆਏ ਨੌਜਵਾਨਾਂ ਨੇ ਇੱਕ ਆਟਾ ਚੱਕੀ ਕੋਲ ਆਪਣੇ ਮੋਟਰਸਾਈਕਲ ਖੜ੍ਹੇ ਕਰ ਦਿੱਤੇ। ਆਟਾ ਚੱਕੀ ਮਾਲਕ ਨੇ ਮੋਟਰਸਾਈਕਲ ਖੜ੍ਹੇ ਕਰਨ ’ਤੇ ਇਤਰਾਜ਼ ਕੀਤਾ ਤਾਂ ਨੌਜਵਾਨਾਂ ਨੇ ਉਸ ਨਾਲ ਝਗੜਾ ਸ਼ੁਰੂ ਕਰ ਦਿੱਤਾ। ਨਸ਼ੇੜੀਆਂ ਤੋਂ ਪ੍ਰੇਸ਼ਾਨ ਇਲਾਕੇ ਦੇ ਹੋਰ ਲੋਕ ਵੀ ਉੱਥੇ ਪਹੁੰਚ ਗਏ। ਇਸ ਦੌਰਾਨ ਦੋਵਾਂ ਧਿਰਾਂ ਨੇ ਇੱਕ-ਦੂਜੇ ’ਤੇ ਤਲਵਾਰਾਂ ਅਤੇ ਹੋਰ ਹਥਿਆਰਾਂ ਨਾਲ ਵਾਰ ਕੀਤੇ। ਪੱਥਰਬਾਜ਼ੀ ਵੀ ਹੋਈ। ਸੂਚਨਾ ਮਿਲਦੇ ਹੀ ਥਾਣਾ ਸਿਟੀ ਦੱਖਣੀ ਤੋਂ ਏਐੱਸਆਈ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਪੁੱਜੀ ਪੁਲੀਸ ਨੇ ਇੱਕ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਬਾਕੀ ਨੌਜਵਾਨ ਫ਼ਰਾਰ ਹੋ ਗਏ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਕਰੀਬ ਸਾਲ ਪਹਿਲਾਂ ਇਸ ਇਲਾਕੇ ਦੇ ਆਸ-ਪਾਸ ਨਸ਼ੇ ਕਾਰਨ ਮਰਨ ਵਾਲੇ ਦੋ ਵਿਅਕਤੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਇਲਾਕਾ ਵਾਸੀਆਂ ਨੇ ਕਿਹਾ ਕਿ ਉਹ ਪੁਲੀਸ ਨੂੰ ਚਿੱਟਾ ਵੇਚਣ ਵਾਲਿਆਂ ਦੀ ਕਈ ਵਾਰ ਸ਼ਿਕਾਇਤ ਕਰ ਚੁੱਕੇ ਹਨ ਪਰ ਕੋਈ ਕਾਰਵਾਈ ਨਹੀਂ ਹੋ ਰਹੀ।
ਮੌਕੇ ਤੋਂ ਕੋਈ ਨਸ਼ੀਲੀ ਵਸਤੂ ਨਹੀਂ ਮਿਲੀ: ਪੁਲੀਸ
ਥਾਣਾ ਸਿਟੀ ਦੱਖਣੀ ਮੁਖੀ ਇੰਸਪੈਕਟਰ ਦਲਜੀਤ ਸਿੰਘ ਨੇ ਕੁੱਝ ਨੌਜਵਾਨਾਂ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੌਕੇ ਤੋਂ ਪੁਲੀਸ ਨੂੰ ਕੋਈ ਨਸ਼ੀਲੀ ਵਸਤੂ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਜ਼ਖ਼ਮੀ ਨੌਜਵਾਨਾਂ ਦਾ ਬਿਆਨ ਦਰਜ ਕੀਤਾ ਜਾ ਰਿਹਾ ਹੈ। ਦੋਵਾਂ ਧਿਰਾਂ ਦੀ ਸ਼ਿਕਾਇਤ ਮਿਲ ਗਈ ਹੈ ਅਤੇ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਬਖਸ਼ੇ ਨਹੀਂ ਜਾਣਗੇ।