Bomb Threat: Bathinda ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਮਚਿਆ ਹੜਕੰਪ
ਬਠਿੰਡਾ ਦੇ ਜ਼ਿਲ੍ਹਾ ਅਦਾਲਤ ਕੰਪਲੈਕਸ (District Courts complex) ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਅਧਿਕਾਰੀਆਂ ਨੂੰ ਅਦਾਲਤ ਦੀ ਇਮਾਰਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਇੱਕ ਈਮੇਲ ਪ੍ਰਾਪਤ ਹੋਈ। ਇਸ ਧਮਕੀ ਤੋਂ ਬਾਅਦ ਬਠਿੰਡਾ ਪੁਲੀਸ ਤੁਰੰਤ...
ਬਠਿੰਡਾ ਦੇ ਜ਼ਿਲ੍ਹਾ ਅਦਾਲਤ ਕੰਪਲੈਕਸ (District Courts complex) ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਅਧਿਕਾਰੀਆਂ ਨੂੰ ਅਦਾਲਤ ਦੀ ਇਮਾਰਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਇੱਕ ਈਮੇਲ ਪ੍ਰਾਪਤ ਹੋਈ। ਇਸ ਧਮਕੀ ਤੋਂ ਬਾਅਦ ਬਠਿੰਡਾ ਪੁਲੀਸ ਤੁਰੰਤ ਹਰਕਤ ਵਿੱਚ ਆ ਗਈ ਅਤੇ ਪੂਰੇ ਕੋਰਟ ਕੰਪਲੈਕਸ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰ ਦਿੱਤੇ ਗਏ। ਸੁਰੱਖਿਆ ਦੇ ਲਿਹਾਜ਼ ਨਾਲ ਇਹਤਿਆਤ ਵਜੋਂ ਪੁਲੀਸ ਟੀਮਾਂ ਨੇ ਪੂਰੀ ਇਮਾਰਤ ਦੀ ਬਾਰੀਕੀ ਨਾਲ ਤਲਾਸ਼ੀ ਲਈ ਅਤੇ ਅਦਾਲਤ ਦੇ ਅੰਦਰ ਲੋਕਾਂ ਦੀ ਆਵਾਜਾਈ ਨੂੰ ਸੀਮਤ (Restrict) ਕਰ ਦਿੱਤਾ ਗਿਆ।
ਬਠਿੰਡਾ ਡਿਸਟ੍ਰਿਕਟ ਬਾਰ ਐਸੋਸੀਏਸ਼ਨ ਦੇ ਉਪ ਪ੍ਰਧਾਨ ਐਡਵੋਕੇਟ ਗੁਲਸ਼ਨਦੀਪ ਸਿੰਘ ਸਿੱਧੂ ਨੇ ਦੱਸਿਆ:
"ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਸੁਰੱਖਿਆ ਪ੍ਰੋਟੋਕੋਲ ਦੇ ਮੁਤਾਬਕ ਤੁਰੰਤ ਕਾਰਵਾਈ ਕੀਤੀ ਗਈ। ਕੋਰਟ ਕੰਪਲੈਕਸ ਦੇ ਵੱਖ-ਵੱਖ ਹਿੱਸਿਆਂ, ਜਿਸ ਵਿੱਚ ਪਾਰਕਿੰਗ ਏਰੀਆ, ਦਫ਼ਤਰ ਅਤੇ ਜਨਤਕ ਥਾਵਾਂ ਸ਼ਾਮਲ ਹਨ, ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ। ਸੁਰੱਖਿਆ ਦੇ ਮੱਦੇਨਜ਼ਰ ਦੋ ਗੇਟਾਂ ਨੂੰ ਛੱਡ ਕੇ ਬਾਕੀ ਸਾਰੇ ਐਂਟਰੀ ਅਤੇ ਐਗਜ਼ਿਟ (ਆਉਣ-ਜਾਣ ਵਾਲੇ) ਗੇਟ ਬੰਦ ਕਰ ਦਿੱਤੇ ਗਏ ਸਨ।"
ਦੂਜੇ ਪਾਸੇ, ਡੀ.ਐੱਸ.ਪੀ. (DSP) ਅਰੁਣ ਮੁੰਡਨ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੁਰੂਆਤੀ ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਚੀਜ਼ ਬਰਾਮਦ ਨਹੀਂ ਹੋਈ ਹੈ। ਈਮੇਲ ਭੇਜਣ ਵਾਲੇ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸਾਈਬਰ ਸੈੱਲ (Cyber cell) ਨੂੰ ਇਸ ਧਮਕੀ ਦੇ ਸਰੋਤ ਦੀ ਪਛਾਣ ਕਰਨ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਨੂੰ ਟਰੈਕ ਕਰਨ ਦਾ ਕੰਮ ਸੌਂਪਿਆ ਗਿਆ ਹੈ।

