ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 8 ਜੂਨ
ਅਜਨਾਲਾ ਤੋਂ ਸਾਬਕਾ ਅਕਾਲੀ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਦੀ ਭਾਜਪਾ ਆਗੂ ਨਾਲ ਸੋਸ਼ਲ ਮੀਡੀਆ ’ਤੇ ਤਸਵੀਰ ਵਾਇਰਲ ਹੋਣ ਮਗਰੋਂ ਉਨ੍ਹਾਂ ਦੀ ਭਾਜਪਾ ਵਿੱਚ ਸ਼ਾਮਲ ਹੋਣ ਦੀ ਚਰਚਾ ਸ਼ੁਰੂ ਹੋ ਗਈ ਹੈ। ਵਾਇਰਲ ਤਸਵੀਰ ਵਿੱਚ ਅਮਰਪਾਲ ਸਿੰਘ ਬੋਨੀ, ਭਾਜਪਾ ਆਗੂ ਡਾ. ਜਗਮੋਹਨ ਸਿੰਘ ਰਾਜੂ ਨਾਲ ਦਿਖਾਈ ਦੇ ਰਹੇ ਹਨ ਤੇ ਉਨ੍ਹਾਂ ਵਲੋਂ ਭਾਜਪਾ ਆਗੂ ਦਾ ਸਿਰੋਪੇ ਨਾਲ ਸਨਮਾਨ ਵੀ ਕੀਤਾ ਗਿਆ। ਇਹ ਤਸਵੀਰ ਅਕਾਲੀ ਆਗੂ ਦੇ ਘਰ ਦੀ ਹੈ। ਤਸਵੀਰ ਵਾਇਰਲ ਹੋਣ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਇਹ ਚਰਚਾ ਸ਼ੁਰੂ ਹੋ ਗਈ ਹੈ ਕਿ ਸਾਬਕਾ ਅਕਾਲੀ ਵਿਧਾਇਕ ਵੀ ਛੇਤੀ ਹੀ ਭਾਜਪਾ ਵਿੱਚ ਸ਼ਾਮਲ ਹੋਵੇਗਾ। ਭਾਜਪਾ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਕਾਲੀ ਆਗੂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਦੀ ਇੱਛਾ ਪ੍ਰਗਟਾਈ ਗਈ ਹੈ।
ਅਕਾਲੀ ਆਗੂ ਵੱਲੋਂ ਚਰਚਾ ਬੇਬੁਨਿਆਰ ਕਰਾਰ
ਅਕਾਲੀ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਚੱਲ ਰਹੀ ਚਰਚਾ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਕਿ ਇਸ ਚਰਚਾ ਪਿੱਛੇ ਕੋਈ ਸੱਚਾਈ ਨਹੀਂ ਹੈ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਭਾਜਪਾ ਆਗੂ ਡਾ. ਰਾਜੂ ਉਸ ਦੇ ਘਰ ਨੇੜੇ ਕਿਸੇ ਨੂੰ ਮਿਲਣ ਆਏ ਸਨ ਅਤੇ ਇਸ ਦੌਰਾਨ ਉਹ ਉਨ੍ਹਾਂ ਦੇ ਘਰ ਵੀ ਆ ਗਏ। ਉਨ੍ਹਾਂ ਕਿਹਾ ਕਿ ਘਰ ਆਉਣ ਕਾਰਨ ਭਾਜਪਾ ਆਗੂ ਨੂੰ ਜੀ ਆਇਆਂ ਆਖਿਆ ਸੀ। ਉਨ੍ਹਾਂ ਭਾਜਪਾ ਵਿੱਚ ਸ਼ਮੂਲੀਅਤ ਦੀ ਚਰਚਾ ਤੋਂ ਇਨਕਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸ੍ਰੀ ਬੋਨੀ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਮਿਲੀ ਸੀ, ਜਿਸ ਦੀ ਸ਼ਿਕਾਇਤ ਉਨ੍ਹਾਂ ਪੁਲੀਸ ਕੋਲ ਕੀਤੀ। ਇਸ ਮਗਰੋਂ ਪੁਲੀਸ ਨੇ ਉਨ੍ਹਾਂ ਨੂੰ ਸੱਤ ਦਿਨਾਂ ਵਾਸਤੇ ਵਧੇਰੇ ਸੁਰੱਖਿਆ ਦੇ ਦਿੱਤੀ ਸੀ।