ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 20 ਸਤੰਬਰ
ਲਾਹੌਰ ਵਿੱਚ ਬੀਤੇ ਦਿਨੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਨਾਲ ਸਬੰਧਤ ਇੱਕ ਵੈੱਬਸਾਈਟ ਅਤੇ ਪਾਕਿਸਤਾਨ ਦੇ ਗੁਰਦੁਆਰਿਆਂ ਬਾਰੇ ਇੱਕ ਕਿਤਾਬ ਜਾਰੀ ਕੀਤੀ ਗਈ ਹੈ। ਇਨ੍ਹਾਂ ਨੂੰ ਜਾਰੀ ਕਰਨ ਦੀ ਰਸਮ ਫੈਡਰਲ ਮੰਤਰੀ ਡਾ. ਨੂਰ ਉਲ ਹੱਕ ਕਾਦਰੀ ਨੇ ਅਦਾ ਕੀਤੀ। ਇਕ ਹੋਟਲ ਵਿਚ ਇਸ ਸਬੰਧੀ ਕਰਵਾਏ ਗਏ ਸਮਾਗਮ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਸਮੇਤ ਹੋਰ ਸਿੱਖ ਆਗੂ ਅਤੇ ਪਾਕਿਸਤਾਨ ਔਕਾਫ਼ ਬੋਰਡ ਦੇ ਅਧਿਕਾਰੀ ਹਾਜ਼ਰ ਸਨ।
ਪੀਜੀਪੀਸੀ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਮੁਤਾਬਕ ਇਹ ਪੁਸਤਕ ਅਤੇ ਵੈੱਬਸਾਈਟ ਔਕਾਫ਼ ਬੋਰਡ ਅਤੇ ਪੀਜੀਪੀਸੀ ਵੱਲੋਂ ਤਿਆਰ ਕੀਤੀ ਗਈ ਹੈ। ਸਮਾਗਮ ਦੌਰਾਨ ਪੀਜੀਪੀਸੀ ਦੇ ਪ੍ਰਧਾਨ ਸਤਵੰਤ ਸਿੰਘ ਤੇ ਹੋਰ ਸਿੱਖ ਆਗੂਆਂ ਨੇ ਆਖਿਆ ਕਿ ਇਸ ਨਾਲ ਪਾਕਿਸਤਾਨ ਵਿਚ ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹ ਮਿਲੇਗਾ। ਇਸ ਮੌਕੇ ਸੰਸਦ ਮੈਂਬਰ ਅਤੇ ਸੰਸਦੀ ਸਕੱਤਰ ਅਫਤਾਬ ਜਹਾਂਗੀਰ, ਔਕਾਫ਼ ਬੋਰਡ ਦੇ ਚੈਅਰਮੈਨ ਡਾ. ਆਮਿਰ ਅਹਿਮਦ, ਕਿੰਗ ਐਡਵਰਡ ਮੈਡੀਕਲ ਕਾਲਜ ਦੇ ਉਪ ਕੁਲਪਤੀ ਡਾ. ਖਾਲਿਦ ਮਸੂਦ ਸਮੇਤ ਸਿੱਖ ਆਗੂ ਆਮੀਰ ਸਿੰਘ, ਮਹਿੰਦਰ ਪਾਲ ਸਿਘ ਅਤੇ ਰਮੇਸ਼ ਸਿੰਘ ਅਰੋੜਾ ਹਾਜ਼ਰ ਸਨ।
ਦੱਸਣਯੋਗ ਹੈ ਕਿ ਪੀਜੀਪੀਸੀ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਵਿੱਚ 20 ਤੋ 22 ਸਤੰਬਰ ਤਕ ਗੁਰੂ ਨਾਨਕ ਦੇਵ ਦੇ ਜੋਤੀ-ਜੋਤਿ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਸ਼ਾਮਲ ਹੋਣ ਲਈ ਭਾਰਤੀ ਸਿੱਖ ਆਗੂਆਂ ਨੂੰ ਵੀ ਸੱਦਾ ਦਿੱਤਾ ਗਿਆ ਹੈ। ਪੀਜੀਪੀਸੀ ਨੇ ਆਪਣੀ ਵੈੱਬਸਾਈਟ ’ਤੇ ਦੱਸਿਆ ਕਿ ਗੁਰੂ ਨਾਨਕ ਦੇ ਜੋਤੀ-ਜੋਤਿ ਦਿਵਸ ਨੂੰ ਸਮਰਪਿਤ ਸਮਾਗਮ ਦੌਰਾਨ ਨਗਰ ਕੀਰਤਨ ਸਜਾਇਆ ਜਾਵੇਗਾ। ਇਹ ਨਗਰ ਕੀਰਤਨ ਪਹਿਲੀ ਵਾਰ ਗੁਰਦੁਆਰਾ ਕਰਤਾਰਪੁਰ ਸਾਹਿਬ ਤੋਂ ਸਰਹੱਦ ’ਤੇ ਜ਼ੀਰੋ ਲਾਈਨ ਤੱਕ ਆਵੇਗਾ।
ਜੋਤੀ-ਜੋਤਿ ਦਿਵਸ ਸਬੰਧੀ ਅਖੰਡ ਪਾਠ ਆਰੰਭ
ਇਸ ਦੌਰਾਨ ਗੁਰੂ ਨਾਨਕ ਦੇਵ ਦੇ ਜੋਤੀ-ਜੋਤਿ ਦਿਵਸ ਨੂੰ ਸਮਰਪਿਤ ਸਮਾਗਮ ਸਬੰਧੀ ਅੱਜ ਗੁਰਦੁਆਰਾ ਕਰਤਾਰਪੁਰ ਸਾਹਿਬ ਵਿੱਚ ਅਖੰਡ ਪਾਠ ਆਰੰਭ ਕਰ ਦਿੱਤੇ ਗਏ ਹਨ। ਸਥਾਨਕ ਸਿੱਖਾਂ ਨੇ ਇਸ ਸਮਾਗਮ ਵਿਚ ਸ਼ਮੂਲੀਅਤ ਕੀਤੀ। ਦੱਸਣਯੋਗ ਹੈ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਮਗਰੋਂ ਪਹਿਲੀ ਵਾਰ ਇਹ ਦਿਵਸ ਗੁਰਦੁਆਰਾ ਕਰਤਾਰਪੁਰ ਸਾਹਿਬ ਵਿੱਚ ਮਨਾਇਆ ਜਾ ਰਿਹਾ ਹੈ।