ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 22 ਅਗਸਤ
ਪਿਛਲੀ ਕਾਂਗਰਸ ਸਮੇਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਹੁ-ਚਰਚਿਤ ਡਰੱਗ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ੀ ਭੁਗਤੀ। ਅਦਾਲਤ ਨੇ ਅਗਲੀ ਸੁਣਵਾਈ 7 ਨਵੰਬਰ ਦੀ ਰੱਖੀ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਪੀਆਰ ਲੈ ਕੇ ਵਿਦੇਸ਼ ਭੱਜਣ ਵਾਲੇ ਆਗੂਆਂ ਅਤੇ ਉੱਚ ਅਧਿਕਾਰੀਆਂ ਬਾਰੇ ਪੁੱਛੇ ਜਾਣ ’ਤੇ ਸ੍ਰੀ ਮਜੀਠੀਆ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੇਠਾਂ ਤੋਂ ਉੱਪਰ ਤੱਕ ਮਿਲੀਭੁਗਤ ਹੈ। ਉਨ੍ਹਾਂ ਕਿਹਾ ਕਿ ਫੂਡ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਨੇ ਪਹਿਲਾਂ ਹੀ ਆਪਣੀ ਰਿਪੋਰਟ ਸਪੱਸ਼ਟ ਕਰ ਦਿੱਤਾ ਸੀ ਕਿ ਡਿਪਟੀ ਡਾਇਰੈਕਟਰ ਰਾਕੇਸ਼ ਸਿੰਗਲਾ ਵਿਦੇਸ਼ ਭੱਜ ਸਕਦਾ ਹੈ ਤੇ ਉਸ ਦੀ ਪੀਆਰ ਹੋ ਚੁੱਕੀ ਹੈ। ਪਰ ਸਾਰਾ ਕੁਝ ਪਤਾ ਹੋਣ ਦੇ ਬਾਵਜੂਦ ਉਸ ਨੂੰ ਤਰੱਕੀ ਦਿੱਤੀ ਗਈ। ਪੰਜਾਬ ਸਰਕਾਰ ਦੀ ਆਬਕਾਰੀ ਨੀਤੀ ਬਾਰੇ ਪੁੱਛੇ ਜਾਣ ’ਤੇ ਅਕਾਲੀ ਆਗੂ ਨੇ ਕਿਹਾ ਕਿ ਇਹ ਵੀ ਸਪੱਸ਼ਟ ਹੈ, ਜਿਨ੍ਹਾਂ ਦਿੱਲੀ ਵਿੱਚ ਘਪਲੇਬਾਜ਼ੀ ਕੀਤੀ ਹੈ, ਉਹੀ ਕੁਝ ਪੰਜਾਬ ਵਿਚ ਹੋ ਰਿਹਾ ਹੈ। ਮਜੀਠੀਆ ਨੇ ਕਿਹਾ ਕਿ ਦਰਅਸਲ ਇਹ ਨੀਤੀ ਦਿੱਲੀ ਬੈਠ ਕੇ ਬਣਾਈ ਗਈ ਹੈ ਤੇ ਇਹ ਨੀਤੀ ਬਣਾਉਣ ਵਾਲੇ ਵੀ ਮਨੀਸ਼ ਸਿਸੋਦੀਆ ਹੀ ਹਨ। ਉਨ੍ਹਾਂ ਕਿਹਾ ਕਿ ਜਿਹੜੇ ਅਫ਼ਸਰ ਸਿਸੋਦੀਆ ਕੋਲ ਦਿੱਲੀ ਗਏ ਸੀ, ਸੀਬੀਆਈ ਨੂੰ ਉਨ੍ਹਾਂ ਅਧਿਕਾਰੀਆਂ ਤੋਂ ਵੀ ਪੁੱਛ ਪੜਤਾਲ ਕਰਨੀ ਚਾਹੀਦੀ ਹੈ।