ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁੰਡੀਆਂ ਵੱਲੋਂ ਹੜ੍ਹ ਪੀੜਤ ਪਰਿਵਾਰਾਂ ਨਾਲ ਮੁਲਾਕਾਤ

ਮਾਲ ਮੰਤਰੀ ਵੱਲੋਂ ਰਾਹਤ ਕਾਰਜਾਂ ਲਈ 2 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ; ਐੱਸਡੀਆਰਐੱਫ ਦੀਆਂ ਹੋਰ ਟੁਕੜੀਆਂ ਤਾਇਨਾਤ ਕਰਨ ਦੀਆਂ ਹਦਾਇਤਾਂ
ਕਪੂਰਥਲਾ ਦੇ ਪ੍ਰਭਾਵਿਤ ਪਿੰਡਾਂ ਦਾ ਕਿਸ਼ਤੀ ਰਾਹੀਂ ਜਾਇਜ਼ਾ ਲੈਣ ਜਾਂਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ।
Advertisement

ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪਾਣੀ ਨਾਲ ਪ੍ਰਭਾਵਿਤ ਸੁਲਤਾਨਪੁਰ ਲੋਧੀ ਦੇ ਪ੍ਰਭਾਵਿਤ ਪਿੰਡਾਂ ਬਾਊਪੁਰ ਜਦੀਦ, ਸਾਂਗਰਾ ਵਿੱਚ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਮੁਆਵਜ਼ੇ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਪਾਣੀ ਘਟਦੇ ਸਾਰ ਹੀ ਜਲਦ ਤੋਂ ਜਲਦ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰਕੇ ਰਿਪੋਰਟ ਸੌਂਪਣ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿਚ ਰਾਹਤ ਕਾਰਜਾਂ ਲਈ 2 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਪੰਜਾਬ ਭਰ ਵਿੱਚ ਧੁੱਸੀ ਅਤੇ ਅਡਵਾਂਸ ਬੰਨ੍ਹਾਂ ਦੀ ਵਿਸ਼ੇਸ਼ ਮੁਹਿੰਮ ਚਲਾ ਕੇ ਹੋਰ ਮਜ਼ਬੂਤੀ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ਧੁੱਸੀ ਬੰਨ੍ਹ ਪੂਰੀ ਤਰ੍ਹਾਂ ਸੁਰੱਖਿਅਤ ਹਨ। ਕੈਬਨਿਟ ਮੰਤਰੀ ਨੇ ਕਿਸ਼ਤੀਆਂ ਰਾਹੀਂ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਲੋਕਾਂ ਦੀ ਮੰਗ ਅਨੁਸਾਰ ਐੱਸਡੀਆਰਐੱਫ ਦੀਆਂ ਹੋਰ ਟੁਕੜੀਆਂ ਤਾਇਨਾਤ ਕਰਨ ਲਈ ਵੀ ਕਿਹਾ ਤਾਂ ਜੋ ਰਾਹਤ ਕਾਰਜਾਂ ਵਿਚ ਕਿਸੇ ਕਿਸਮ ਦੀ ਸਮੱਸਿਆ ਨਾ ਆਵੇ। ਇਸ ਤੋਂ ਪਹਿਲਾਂ ਉਨ੍ਹਾਂ ਸਥਾਨਕ ਰੈੱਸਟ ਹਾਊਸ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡੈਮਾਂ ਤੋਂ ਪਾਣੀ ਛੱਡਣ ਅਤੇ ਦਰਿਆਵਾਂ ਵਿੱਚ ਵਗ ਰਹੇ ਪਾਣੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਨਗਰ ਸੁਧਾਰ ਟਰੱਸਟ ਕਪੂਰਥਲਾ ਚੇਅਰਮੈਨ ਸੱਜਣ ਸਿੰਘ ਚੀਮਾ, ਐੱਸਐੱਸਪੀ ਗੌਰਵ ਤੂਰਾ ਹਾਜ਼ਰ ਸਨ।

Advertisement

Advertisement
Show comments