DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰਿਸ਼ਵਤ ਮਾਮਲਾ: ਭੁੱਲਰ ਦੀ ਨਿਆਂਇਕ ਹਿਰਾਸਤ ’ਚ ਵਾਧਾ

ਬੈਂਕ ਖਾਤੇ ਖੋਲ੍ਹਣ ਦੀ ਅਰਜ਼ੀ ’ਤੇ ਸੁਣਵਾਈ 8 ਦਸੰਬਰ ਨੂੰ

  • fb
  • twitter
  • whatsapp
  • whatsapp
Advertisement

ਆਤਿਸ਼ ਗੁਪਤਾ

ਕੇਂਦਰੀ ਜਾਂਚ ਬਿਊਰੋ (ਸੀ ਬੀ ਆਈ) ਵੱਲੋਂ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਮੁਅੱਤਲ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਚੰਡੀਗੜ੍ਹ ਸਥਿਤ ਸੀ ਬੀ ਆਈ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਹਰਚਰਨ ਭੁੱਲਰ ਦੀ ਨਿਆਂਇਕ ਹਿਰਾਸਤ ਵਿੱਚ 14 ਦਿਨ ਦਾ ਵਾਧਾ ਕਰ ਦਿੱਤਾ। ਇਸ ਦੇ ਨਾਲ ਹੀ ਅਦਾਲਤ ਵਿੱਚ ਹਰਚਰਨ ਭੁੱਲਰ ਦੇ ਪਰਿਵਾਰ ਵੱਲੋਂ ਘਰ ਦੇ ਗੁਜ਼ਾਰੇ ਲਈ ਬੈਂਕ ਖਾਤੇ ਖੋਲ੍ਹਣ ਲਈ ਲਗਾਈ ਅਰਜ਼ੀ ’ਤੇ ਸੁਣਵਾਈ 8 ਦਸੰਬਰ ’ਤੇ ਪਾ ਦਿੱਤੀ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਦੇ ਮੁਅੱਤਲ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਦੇ ਪਰਿਵਾਰ ਨੇ 17 ਨਵੰਬਰ ਨੂੰ ਸੀ ਬੀ ਆਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ ਕਿ ਸੀ ਬੀ ਆਈ ਵੱਲੋਂ ਉਨ੍ਹਾਂ ਦੇ ਪਰਿਵਾਰ ਦੇ ਸਾਰੇ ਬੈਂਕ ਖਾਤੇ ਫਰੀਜ਼ ਕਰ ਦਿੱਤੇ ਗਏ ਹਨ ਜਿਸ ਕਾਰਨ ਉਨ੍ਹਾਂ ਨੂੰ ਗੁਜ਼ਾਰਾ ਕਰਨਾ ਔਖਾ ਹੋ ਗਿਆ ਹੈ।

Advertisement

ਉਨ੍ਹਾਂ ਨੇ ਅਦਾਲਤ ਤੋਂ ਘਰ ਦੇ ਗੁਜ਼ਾਰੇ ਲਈ ਫਰੀਜ਼ ਕੀਤੇ ਬੈਂਕ ਖਾਤਿਆਂ ਨੂੰ ਖੋਲ੍ਹਣ ਦੀ ਪ੍ਰਵਾਨਗੀ ਮੰਗੀ ਸੀ। ਅਦਾਲਤ ਨੇ 17 ਨਵੰਬਰ ਨੂੰ ਇਸ ਮਾਮਲੇ ’ਤੇ ਪਹਿਲਾਂ ਸੁਣਵਾਈ 20 ਨਵੰਬਰ ’ਤੇ ਪਾ ਦਿੱਤੀ ਸੀ ਹੁਣ ਅਦਾਲਤ ਨੇ ਮਾਮਲੇ ਦੀ ਸੁਣਵਾਈ 8 ਦਸੰਬਰ ’ਤੇ ਪਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੀ ਬੀ ਆਈ ਨੇ 16 ਅਕਤੂਬਰ ਨੂੰ ਕ੍ਰਿਸ਼ਨੂੰ ਸ਼ਾਰਦਾ ਨੂੰ ਇੱਕ ਸਕਰੈਪ ਡੀਲਰ ਤੋਂ 5 ਲੱਖ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਸੀ। ਉਹ ਇਹ ਰਕਮ ਉਸ ਵੇਲੇ ਦੇ ਰੋਪੜ ਰੇਂਜ ਦੇ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਦੇ ਨਾਂ ’ਤੇ ਲੈ ਰਿਹਾ ਸੀ। ਇਸ ਤੋਂ ਬਾਅਦ ਸੀ ਬੀ ਆਈ ਨੇ ਭੁੱਲਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ। ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਦੀ ਚੰਡੀਗੜ੍ਹ ਦੇ ਸੈਕਟਰ-40 ਸਥਿਤ ਰਿਹਾਇਸ਼ ’ਤੇ ਮਾਰੇ ਗਏ ਛਾਪੇ ਦੌਰਾਨ ਸੀ ਬੀ ਆਈ ਨੇ 7.5 ਕਰੋੜ ਰੁਪਏ ਦੀ ਨਕਦੀ ਅਤੇ 2.5 ਕਿਲੋਗ੍ਰਾਮ ਸੋਨੇ ਦੇ ਗਹਿਣੇ ਜ਼ਬਤ ਕੀਤੇ ਸਨ। ਇਸ ਤੋਂ ਇਲਾਵਾ ਤਲਾਸ਼ੀ ਦੌਰਾਨ 26 ਲਗਜ਼ਰੀ ਘੜੀਆਂ, ਪਰਿਵਾਰਕ ਮੈਂਬਰਾਂ ਅਤੇ ਸ਼ੱਕੀ ਬੇਨਾਮੀ ਸੰਸਥਾਵਾਂ ਦੇ ਨਾਂ ’ਤੇ 50 ਤੋਂ ਵੱਧ ਅਚੱਲ ਜਾਇਦਾਦਾਂ ਦੇ ਦਸਤਾਵੇਜ਼, ਲਾਕਰਾਂ ਦੀਆਂ ਚਾਬੀਆਂ, ਕਈ ਬੈਂਕ ਖਾਤਿਆਂ ਦੇ ਵੇਰਵੇ ਅਤੇ 100 ਕਾਰਤੂਸਾਂ ਨਾਲ ਚਾਰ ਹਥਿਆਰ ਵੀ ਜ਼ਬਤ ਕੀਤੇ ਗਏ ਸਨ। ਸੀ ਬੀ ਆਈ ਨੇ ਪਿਛਲੇ ਦਿਨੀਂ ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਇੱਕ ਨਵਾਂ ਕੇਸ ਵੀ ਦਰਜ ਕੀਤਾ ਸੀ।

Advertisement

Advertisement
×