ਦਿਲਬਾਗ ਸਿੰਘ ਗਿੱਲ
ਅਟਾਰੀ, 27 ਜਨਵਰੀ
ਭਾਰਤ ਦੇ 73ਵੇਂ ਗਣਤੰਤਰ ਦਿਵਸ ਮੌਕੇ ਅਟਾਰੀ-ਵਾਹਗਾ ਸਰਹੱਦ ’ਤੇ ਸੀਮਾ ਸੁਰੱਖਿਆ ਬਲ ਵੱਲੋਂ ਪਾਕਿਸਤਾਨ ਰੇਂਜਰਜ਼ ਨੂੰ ਮਠਿਆਈ ਭੇਟ ਕੀਤੀ ਗਈ। ਸੀਮਾ ਸੁਰੱਖਿਆ ਬਲ ਦੀ 144ਵੀਂ ਬਟਾਲੀਅਨ ਦੇ ਕਮਾਂਡੈਂਟ ਜਸਬੀਰ ਸਿੰਘ ਨੇ ਪਾਕਿਸਤਾਨ ਰੇਂਜਰਜ਼ ਦੇ ਵਿੰਗ ਕਮਾਂਡਰ ਮੁਹੰਮਦ ਅਮੀਰ ਨੂੰ ਮਠਿਆਈ ਭੇਟ ਕਰਕੇ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਪਾਕਿਸਤਾਨ ਰੇਂਜਰਜ਼ ਅਧਿਕਾਰੀ ਵੱਲੋਂ ਸੀਮਾ ਸੁਰੱਖਿਆ ਬਲ ਨੂੰ ਮੁਬਾਰਕਬਾਦ ਦਿੱਤੀ।
ਇਸ ਮੌਕੇ ਗੱਲਬਾਤ ਕਰਦਿਆਂ ਸੀਮਾ ਸੁਰੱਖਿਆ ਬਲ ਦੇ ਕਮਾਂਡੈਂਟ ਜਸਬੀਰ ਸਿੰਘ ਨੇ ਕਿਹਾ ਕਿ ਸੀਮਾ ਸੁਰੱਖਿਆ ਬਲ ਦੀਆਂ ਪਰੰਪਰਾਵਾਂ ਅਨੁਸਾਰ ਦੇਸ਼ ਦੇ ਇਤਿਹਾਸਕ ਮੌਕਿਆਂ ’ਤੇ ਦੇਸ਼ ਦੀ ਸੁਰੱਖਿਆ ਕਰਨ ਵਾਲੇ ਜਵਾਨ ਇੱਕ-ਦੂਜੇ ਨੂੰ ਮਠਿਆਈ ਭੇਟ ਕਰਦੇ ਹਨ। ਉਨ੍ਹਾਂ ਕਿਹਾ ਕਿ ਭਾਰਤ ਦੇ ਗਣਤੰਤਰ ਦਿਵਸ ਮੌਕੇ ਸੀਮਾ ਸੁਰੱਖਿਆ ਬਲ ਵੱਲੋਂ ਅਟਾਰੀ-ਵਾਹਗਾ ਸਰਹੱਦ ’ਤੇ ਪਾਕਿਸਤਾਨ ਰੇਂਜਰਜ਼ ਨੂੰ ਮਠਿਆਈ ਭੇਟ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸਵੇਰ ਸਮੇਂ ਸੀਮਾ ਸੁਰੱਖਿਆ ਬਲ 144 ਬਟਾਲੀਅਨ ਦੇ ਕਮਾਂਡੈਂਟ ਜਸਬੀਰ ਸਿੰਘ ਨੇ ਸਾਂਝੀ ਜਾਂਚ ਚੌਕੀ ਅਟਾਰੀ ਸਰਹੱਦ ਵਿਖੇ ਤਿਰੰਗਾ ਝੰਡਾ ਲਹਿਰਾਇਆ ਅਤੇ ਜਵਾਨਾਂ ਵੱਲੋਂ ਉਨ੍ਹਾਂ ਨੂੰ ‘ਗਾਰਡ ਆਫ ਆਨਰ’ ਦਿੱਤਾ ਗਿਆ। ਇਸ ਤੋਂ ਇਲਾਵਾ ਰੇਲਵੇ ਸਟੇਸ਼ਨ ਅਟਾਰੀ ਵਿਖੇ ਸਟੇਸ਼ਨ ਸੁਪਰਡੈਂਟ ਮਹਿਤਾ ਤੇ ਸੰਗਠਿਤ ਚੈੱਕ ਪੋਸਟ ਅਟਾਰੀ ਵਿਖੇ ਸਹਾਇਕ ਕਸਟਮ ਕਮਿਸ਼ਨਰ ਵੱਲੋਂ ਤਿਰੰਗਾ ਲਹਿਰਾਇਆ ਗਿਆ। ਇਸੇ ਤਰ੍ਹਾਂ ਬੀਐੱਸਐੱਫ ਨੇ ਕੌਮਾਂਤਰੀ ਸਰਹੱਦ ਅਟਾਰੀ ਵਿਖੇ 73ਵਾਂ ਗਣਤੰਤਰ ਦਿਵਸ ਮਨਾਇਆ। ਇਸ ਮੌਕੇ ਬੀਐੱਸਐੱਫ ਦੇ ਵਧੀਕ ਡਾਇਰੈਕਟਰ ਜਨਰਲ ਐੱਨਐੱਸ ਜਾਮਵਾਲ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਸਾਂਝੀ ਜਾਂਚ ਚੌਕੀ ਅਟਾਰੀ ਪਹੁੰਚਣ ’ਤੇ ਸ੍ਰੀ ਜਾਮਵਾਲ ਨੂੰ ਜਵਾਨਾਂ ਵੱਲੋਂ ‘ਗਾਰਡ ਆਫ ਆਨਰ’ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਜਵਾਨਾਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੱਤੀ ਅਤੇ ਫਲਾਂ ਦੀ ਟੋਕਰੀ ਭੇਟ ਕੀਤੀ। ਇਸ ਮੌਕੇ ਇੰਸਪੈਕਟਰ ਜਨਰਲ ਪੰਜਾਬ ਫਰੰਟੀਅਰ ਸੋਨਾਲੀ ਮਿਸ਼ਰਾ, ਡੀਆਈਜੀ ਭੁਪਿੰਦਰ ਸਿੰਘ, ਕਮਾਂਡੈਂਟ ਜਸਬੀਰ ਸਿੰਘ ਹਾਜ਼ਰ ਸਨ।