ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 3 ਅਪਰੈਲ
ਪੰਜਾਬ ਪੁਲੀਸ ਨੇ ਅੱਜ ਦਾਅਵਾ ਕੀਤਾ ਕਿ ਬੀਐੱਸਐੱਫ ਵੱਲੋਂ ਕੌਮੀ ਸਰਹੱਦ ਨੇੜਿਓਂ ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਪੁਲੀਸ ਨੂੰ ਦਿੱਤੀ ਰਿਪੋਰਟ ਵਿੱਚ ਉਨ੍ਹਾਂ ਦੇ ਬੰਧੂਆ ਮਜ਼ਦੂਰ ਹੋਣ ਬਾਰੇ ਜ਼ਿਕਰ ਨਹੀਂ ਕੀਤਾ ਗਿਆ। ਹਾਲਾਂਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਉੱਤਰ ਪ੍ਰਦੇਸ਼, ਬਿਹਾਰ ਤੇ ਹੋਰ ਸੂਬਿਆਂ ਤੋਂ ਆਉਣ ਵਾਲੇ ਮਜ਼ਦੂਰਾਂ ਨੂੰ ਇਥੇ ਬੰਧੂਆ ਮਜ਼ਦੂਰ ਬਣਾ ਕੇ ਖੇਤਾਂ ਵਿੱਚ ਕੰਮ ਕਰਨ ਲਈ ਮਜਬੂਰ ਕਰਨ ਦਾ ਦੋਸ਼ ਲਾਇਆ ਜਾ ਰਿਹਾ ਹੈ।
ਇਸ ਸਬੰਧੀ ਅਟਾਰੀ ਦੇ ਡੀਐੱਸਪੀ ਗੁਰਪ੍ਰਤਾਪ ਸਹੋਤਾ ਨੇ ਦੱਸਿਆ ਕਿ ਬੀਐੱਸਐੱਫ ਵੱਲੋਂ ਭਾਰਤ-ਪਾਕਿ ਸਰਹਦ ਨੇੜਿਓਂ ਗ੍ਰਿਫ਼ਤਾਰ ਕੀਤੇ ਗਏ ਅਜਿਹੇ ਵਿਅਕਤੀਆਂ ਦੀ ਰਿਪੋਰਟ ਵਿੱਚ ਕਿਤੇ ਵੀ ‘ਬੰਧੂਆ ਮਜ਼ਦੂਰ’ ਸ਼ਬਦ ਦੀ ਵਰਤੋਂ ਨਹੀਂ ਕੀਤੀ ਗਈ। ਪੁਲੀਸ ਵੱਲੋਂ ਅਜਿਹੀਆਂ ਰਿਪੋਰਟਾਂ ਦੀ ਮੁੜ ਘੋਖ ਕੀਤੀ ਜਾ ਰਹੀ ਹੈ। ਇਸ ਦੌਰਾਨ ਬੀਐੱਸਐੱਫ ਦੇ ਇੱਕ ਅਧਿਕਾਰੀ ਨੇ ਨਾਂ ਨਾ ਛਾਪਣ ਦੀ ਸ਼ਰਤ ’ਤੇ ਆਖਿਆ ਕਿ ਇਹ ਸੱਚ ਹੈ ਕਿ ਬਿਹਾਰ, ਯੂਪੀ, ਐੱਮਪੀ, ਝਾਰਖੰਡ ਤੇ ਹੋਰ ਰਾਜਾਂ ਤੋਂ 30 ਤੋਂ 50 ਸਾਲ ਉਮਰ ਵਰਗ ਦੇ ਪਰਵਾਸੀ ਮਜ਼ਦੂਰਾਂ ਨੂੰ ਚੰਗਾ ਮਿਹਨਤਾਨਾ ਹੀ ਪੰਜਾਬ ਵਿੱਚ ਕੰਮ ਕਰਨ ਆਉਣ ਲਈ ਖਿੱਚਦਾ ਹੈ ਪਰ ਇਥੇ ਇਨ੍ਹਾਂ ਨੂੰ ਨਸ਼ਿਆਂ ਲਈ ਵੀ ਵਰਤਿਆ ਜਾਂਦਾ ਹੈ ਅਤੇ ਅਣਮਨੁਖੀ ਤਸ਼ੱਦਦ ਵੀ ਕੀਤੇ ਜਾਂਦੇ ਹਨ। ਉਸ ਨੇ ਆਖਿਆ ਕਿ ਅਜਿਹੇ ਮਾਮਲਿਆਂ ਵਿੱਚ ਕਾਬੂ ਕੀਤੇ ਗਏ ਵਧੇਰੇ ਵਿਅਕਤੀ ਮਾਨਸਿਕ ਤੌਰ ’ਤੇ ਬਿਮਾਰ ਸਨ ਅਤੇ ਉਹ ਆਪਣੇ ਮਾਲਕਾਂ ਦੀ ਸ਼ਨਾਖਤ ਦੱਸਣ ਵਿੱਚ ਅਸਮਰਥ ਸਨ।
ਇਸ ਦੌਰਾਨ ਕਿਸਾਨ ਜਥੇਬੰਦੀ ਜਮਹੂਰੀ ਕਿਸਾਨ ਸਭਾ ਦੇ ਮੀਤ ਪ੍ਰਧਾਨ ਰਤਨ ਸਿੰਘ ਰੰਧਾਵਾ ਨੇ ਕੇਂਦਰ ਦੀ ਇਸ ਰਿਪੋਰਟ ਨੂੰ ਝੂਠ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਬੀਐਸਐੱਫ ਅਤੇ ਗ੍ਰਹਿ ਮੰਤਰਾਲੇ ਗਲਤ ਤੱਥ ਪੇਸ਼ ਕਰ ਰਹੇ ਹਨ।
ਕਿਸਾਨਾਂ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਜਾਰੀ: ਆਈਜੀ
ਪੰਜਾਬ ਪੁਲੀਸ ਦੇ ਬਾਰਡਰ ਰੇਂਜ ਦੇ ਆਈਜੀ ਐੱਸਪੀਐੱਸ ਪਰਮਾਰ ਨੇ ਆਖਿਆ ਕਿ ਬੀਐੱਸਐੱਫ ਅਤੇ ਗ੍ਰਹਿ ਮੰਤਰਾਲੇ ਵੱਲੋਂ ਸਰਹੱਦੀ ਖੇਤਰ ਦੇ ਕਿਸਾਨਾਂ ਖ਼ਿਲਾਫ਼ ਲਾਏ ਗਏ ਦੋਸ਼ਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਬੀਐੱਸਐੱਫ ਨੇ ਗ੍ਰਹਿ ਮੰਤਰਾਲੇ ਨੂੰ ਸੂਚਿਤ ਕੀਤਾ ਸੀ ਕਿ ਉਨ੍ਹਾਂ ਨੇ ਵਰ੍ਹਾ 2019 ਅਤੇ 2020 ਵਿੱਚ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ ਅਤੇ ਅਬੋਹਰ ਨਾਲ ਲੱਗਦੀ ਸਰਹੱਦ ਕੋਲੋਂ 58 ਭਾਰਤੀ ਨਾਗਰਿਕਾਂ ਨੂੰ ਗ੍ਰਿਫਤਾਰ ਕਰਕੇ ਪੰਜਾਬ ਪੁਲੀਸ ਹਵਾਲੇ ਕਰ ਦਿੱਤਾ ਸੀ।