ਨਿੱਜੀ ਪੱਤਰ ਪ੍ਰੇਰਕ
ਜਲੰਧਰ, 11 ਨਵੰਬਰ
ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦੂਜੀ ਵਾਰ ਮਤਾ ਪਾਸ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਇੱਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਕਿਹਾ ਹੈ ਕਿ ਜਦੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਗਿਆ ਸੀ ਤਾਂ ਦੂਜੀ ਵਾਰ ਫਿਰ ਤੋਂ ਕਾਂਗਰਸ ਸਰਕਾਰ ਨੂੰ ਇਨ੍ਹਾਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਮਤਾ ਪਾਸ ਕਰਨ ਦੀ ਕੀ ਲੋੜ ਸੀ ? ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਸਵਾਲ ਪੁੱਛਿਆ ਕਿ ਕੀ ਕਾਂਗਰਸ ਸਰਕਾਰ ਕੋਲ ਸੰਵਿਧਾਨ ’ਚ ਵਿਸ਼ੇਸ਼ ਅਧਿਕਾਰ ਪ੍ਰਾਪਤ ਹਨ, ਜੋ ਸਰਕਾਰ ਦੇ ਦੋ ਵਾਰ ਮਤਾ ਪਾਸ ਕਰਨ ਨਾਲ ਕੇਂਦਰ ਦੇ ਖੇਤੀਬਾੜੀ ਕਾਨੂੰਨ ਰੱਦ ਹੋ ਜਾਣਗੇ? ਉਨ੍ਹਾਂ ਕਿਹਾ ਕਿ ਜੇਕਰ ਮਤਾ ਦੂਜੀ ਵਾਰ ਪਾਸ ਕਰਨਾ ਸੀ ਤਾਂ ਬਾਕੀ ਦੇ ਕਾਂਗਰਸ ਸ਼ਾਸਿਤ ਰਾਜਾਂ ਵਿੱਚ ਇਹ ਮਤਾ ਕਿਉਂ ਨਹੀਂ ਪਾਇਆ। ਸ੍ਰੀ ਗੜ੍ਹੀ ਨੇ ਕਿਹਾ ਕਿ ਬਸਪਾ ਪਾਰਟੀ ਪਹਿਲੇ ਦਿਨ ਤੋਂ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰ ਰਹੀ ਹੈ, ਜਦਕਿ ਪੰਜਾਬ ਦੀ ਕਾਂਗਰਸ ਸਰਕਾਰ ਇਸ ਮੁੱਦੇ ਤੇ ਸਿਰਫ ਤੇ ਸਿਰਫ ਆਪਣੀ ਰਾਜਨੀਤੀ ਚਮਕਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਵਰਗ ਅਤੇ ਪੱਛੜੀਆਂ ਸ਼੍ਰੇਣੀਆਂ ਲਈ ਕੁੱਝ ਨਹੀਂ ਕੀਤਾ ਗਿਆ, ਸਗੋਂ ਕਾਂਗਰਸ ਸਰਕਾਰ ਨੇ ਪੌਣੇ ਪੰਜ ਸਾਲ ਲੋਕਾਂ ਨੂੰ ਸਿਰਫ਼ ਧੋਖੇ ਵਿੱਚ ਰੱਖਿਆ ਹੈ।