ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 16 ਸਤੰਬਰ
ਬਹੁਜਨ ਸਮਾਜ ਪਾਰਟੀ (ਬਸਪਾ) ਨੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਹੇਠ ਸ਼ਹਿਰ ’ਚ ਮਜ਼ਦੂਰਾਂ, ਦਲਿਤਾਂ, ਪੱਛੜੇ ਵਰਗਾਂ, ਘੱਟ ਗਿਣਤੀਆਂ ਦੀ ਸਮਾਜਿਕ ਤੇ ਆਰਥਿਕ ਗੁਲਾਮੀ ਖ਼ਿਲਾਫ਼ ਰੋਸ ਮਾਰਚ ਕੀਤਾ ਅਤੇ ਬਾਅਦ ਵਿਚ ਡਿਪਟੀ ਕਮਿਸ਼ਨਰ ਨੂੰ ਰਾਸ਼ਟਰਪਤੀ ਦੇ ਨਾਂ ਇਕ ਮੰਗ ਪੱਤਰ ਸੌਂਪਿਆ।
ਜਾਣਕਾਰੀ ਮੁਤਾਬਕ ਰੋਸ ਮਾਰਚ ਤੋਂ ਪਹਿਲਾਂ ਸਥਾਨਕ ਅਨਾਜ ਮੰਡੀ ਵਿੱਚ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਦੀ ਅਗਵਾਈ ਹੇਠ ਰੋਸ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਆਜ਼ਾਦੀ ਦੇ 75 ਸਾਲਾਂ ਮਗਰੋਂ ਵੀ ਬਹੁਜਨ ਸਮਾਜ ਦੇ ਲੋਕਾਂ ਨੂੰ ਆਜ਼ਾਦੀ ਨਸੀਬ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜਗਰਾਉਂ ’ਚ ਪੁਲੀਸ ਵੱਲੋਂ ਇਕ ਔਰਤ ਨਾਲ ਮਾੜਾ ਵਿਹਾਰ ਕਰਨਾ, ਮਾਲੇਰਕੋਟਲਾ ’ਚ ਮਜ਼੍ਹਬੀ ਸਿੱਖ ਗ੍ਰੰਥੀ ਦੀ ਕੁੱਟਮਾਰ ਅਤੇ ਯੂਪੀ ਦੇ ਲਖੀਮਪੁਰ ਖੀਰੀ ’ਚ ਦੋ ਨਾਬਾਲਗ ਲੜਕੀਆਂ ਦੀ ਜਬਰ-ਜਨਾਹ ਮਗਰੋਂ ਹੱਤਿਆ ਵਰਗੀਆਂ ਘਟਨਾਵਾਂ ਸਾਬਤ ਕਰਦੀਆਂ ਹਨ ਕਿ ਦੇਸ਼ ’ਚ ਘੱਟ ਗਿਣਤੀ ਭਾਈਚਾਰੇ ਦੇ ਲੋਕ ਹਾਕਮਾਂ ਦੇ ਜਬਰ ਦਾ ਸ਼ਿਕਾਰ ਹੋ ਰਹੇ ਹਨ। ਬੁਲਾਰਿਆਂ ਨੇ ਮੰਗ ਕੀਤੀ ਕਿ ਦਲਿਤਾਂ, ਪੱਛੜੇ ਵਰਗਾਂ ਅਤੇ ਘੱਟ ਗਿਣਤੀਆਂ ’ਤੇ ਜ਼ੁਲਮ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ, ਮਨਰੇਗਾ ਤਹਿਤ 100 ਦਿਨ ਦਾ ਕੰਮ, ਦਲਿਤ ਵਰਗ ਨੂੰ ਪੰਚਾਇਤੀ ਜ਼ਮੀਨਾਂ ’ਚੋਂ ਤੀਜੇ ਹਿੱਸੇ ਦੀ ਜ਼ਮੀਨ ਦੇਣ ਤੋਂ ਇਲਾਵਾ ਇਨ੍ਹਾਂ ਦੀਆਂ ਹੋਰ ਮੰਗ ਵੀ ਮੰਨੀਆਂ ਜਾਣ। ਇਸ ਦੌਰਾਨ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ, ਦਰਸ਼ਨ ਸਿੰਘ ਝਲੂਰ, ਸੂਬਾ ਸਕੱਤਰ ਗੁਰਮੀਤ ਸਿੰਘ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਕੈਂਥ ਤੇ ਪਵਿੱਤਰ ਸਿੰਘ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।