* ਮੰਤਰੀ ਮੰਡਲ ਵੱਲੋਂ ਅਧਿਆਪਕਾਂ ਦੀ ਤਬਾਦਲਾ ਨੀਤੀ ਵਿੱਚ ਸੋਧ ਨੂੰ ਪ੍ਰਵਾਨਗੀ
* ਜੰਗੀ ਵਿਧਵਾਵਾਂ ਲਈ ਮਾਣ-ਭੱਤਾ ਵਧਾ ਕੇ 20 ਹਜ਼ਾਰ ਰੁਪਏ ਸਾਲਾਨਾ ਕੀਤਾ
ਆਤਿਸ਼ ਗੁਪਤਾ
ਚੰਡੀਗੜ੍ਹ, 22 ਫਰਵਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ‘ਆਪ’ ਸਰਕਾਰ ਦਾ ਤੀਜਾ ਤੇ 16ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਇਕ ਮਾਰਚ ਤੋਂ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਬਜਟ ਸੈਸ਼ਨ ਪਹਿਲੀ ਮਾਰਚ ਤੋਂ ਸ਼ੁਰੂ ਹੋ ਕੇ 15 ਮਾਰਚ ਤੱਕ ਚੱਲੇਗਾ ਜਦਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 5 ਮਾਰਚ ਨੂੰ ਵਿੱਤੀ ਵਰ੍ਹੇ 2024-25 ਦਾ ਬਜਟ ਪੇਸ਼ ਕਰਨਗੇ। ਮੰਤਰੀ ਮੰਡਲ ਨੇ ਬਜਟ ਇਜਲਾਸ ਸੱਦਣ ਲਈ ਰਾਜਪਾਲ ਨੂੰ ਅਧਿਕਾਰਤ ਕੀਤਾ ਹੈ। ਹੁਣ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਬਜਟ ਸੈਸ਼ਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਮੰਤਰੀ ਮੰਡਲ ਨੇ ਸੁਲਤਾਨਪੁਰ ਲੋਧੀ ’ਚ ਸ਼ਹੀਦ ਹੋਏ ਪੰਜਾਬ ਹੋਮਗਾਰਡਜ਼ ਦੇ ਵਾਲੰਟੀਅਰ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਗਰਾਂਟ ਜਾਰੀ ਕਰਨ ਅਤੇ ਜੰਗੀ ਜਗੀਰ ਯੋਜਨਾ ਤਹਿਤ ਸਹਾਇਤਾ ਰਾਸ਼ੀ 10,000 ਰੁਪਏ ਤੋਂ ਵਧਾ ਕੇ 20,000 ਰੁਪਏ ਕਰਨ ਦਾ ਫ਼ੈਸਲਾ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬਜਟ ਇਜਲਾਸ ਦੀ ਸ਼ੁਰੂਆਤ ਇਕ ਮਾਰਚ ਨੂੰ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਕੀਤੀ ਜਾਵੇਗੀ ਅਤੇ ਬਾਅਦ ਵਿੱਚ ਵਿੱਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ। ਰਾਜਪਾਲ ਦੇ ਭਾਸ਼ਣ ’ਤੇ 4 ਮਾਰਚ ਨੂੰ ਚਰਚਾ ਕੀਤੀ ਜਾਵੇਗੀ। ਵਿੱਤ ਮੰਤਰੀ ਵੱਲੋਂ ਬਜਟ 5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਜਦਕਿ ਬਜਟ ’ਤੇ ਚਰਚਾ 6 ਮਾਰਚ ਨੂੰ ਕੀਤੀ ਜਾਵੇਗੀ। ਮੰਤਰੀ ਮੰਡਲ ਨੇ ਸਾਲ 2019 ਦੀ ਅਧਿਆਪਕ ਤਬਾਦਲਾ ਨੀਤੀ ਦੇ ਪੈਰਾ-9 ’ਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਬਦਲੀਆਂ ਲਈ ਬੇਨਤੀਆਂ ਮਹੀਨੇ ਦੇ ਆਧਾਰ ’ਤੇ ਪੋਰਟਲ ’ਤੇ ਜਮ੍ਹਾਂ ਹੋਣਗੀਆਂ ਅਤੇ ਕੋਈ ਵੀ ਆਫਲਾਈਨ ਬੇਨਤੀ ਪ੍ਰਵਾਨ ਨਹੀਂ ਕੀਤੀ ਜਾਵੇਗੀ। ਅਜਿਹੇ ਮਾਮਲਿਆਂ ’ਚ ਹੁਕਮ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤੇ ਜਾਣਗੇ। ਮੰਤਰੀ ਮੰਡਲ ਨੇ ਸੁਲਤਾਨਪੁਰ ਲੋਧੀ ’ਚ ਸ਼ਹੀਦ ਹੋਏ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਮਨਿਆਲਾ ਦੇ ਪੰਜਾਬ ਹੋਮਗਾਰਡਜ਼ ਦੇ ਵਾਲੰਟੀਅਰ ਜਸਪਾਲ ਸਿੰਘ ਪੁੱਤਰ ਦਲੀਪ ਸਿੰਘ ਦੇ ਪਰਿਵਾਰ ਨੂੰ ਵਿਸ਼ੇਸ਼ ਕੇਸ ਵਜੋਂ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਫ਼ੈਸਲਾ ਕੀਤਾ ਹੈ। ਮੰਤਰੀ ਮੰਡਲ ਨੇ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ’ਚ ਸੋਧ ਕਰਨ ਲਈ ਬਿੱਲ ਵਿਧਾਨ ਸਭਾ ਦੇ ਅਗਾਮੀ ਇਜਲਾਸ ’ਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸੋਧ ਨਾਲ ਜੰਗੀ ਜਗੀਰ ਯੋਜਨਾ ਤਹਿਤ ਜੰਗੀ ਵਿਧਵਾਵਾਂ ਲਈ ਮਾਣ-ਭੱਤਾ 10,000 ਰੁਪਏ ਸਾਲਾਨਾ ਤੋਂ ਵਧ ਕੇ 20,000 ਰੁਪਏ ਸਾਲਾਨਾ ਹੋ ਜਾਵੇਗਾ। ਜਿਨ੍ਹਾਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ-1962 ਅਤੇ ਸਾਲ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ, ਨੂੰ ਜੰਗੀ ਜਗੀਰ ਯੋਜਨਾ ਤਹਿਤ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ। ਇਸ ਵੇਲੇ ਇਸ ਸਕੀਮ ਤਹਿਤ 83 ਲਾਭਪਾਤਰੀ ਲਾਭ ਲੈ ਰਹੇ ਹਨ। ਪੰਜਾਬ ਕੈਬਨਿਟ ਨੇ ਜਲ ਸਰੋਤ ਵਿਭਾਗ ਦੇ ਡਿਜ਼ਾਈਨ ਵਿੰਗ ਨੂੰ ਨਿੱਜੀ ਸੰਸਥਾਵਾਂ ਨੂੰ ਡਿਜ਼ਾਈਨ ਅਤੇ ਕੰਸਲਟੈਂਸੀ ਸੇਵਾਵਾਂ ਪ੍ਰਦਾਨ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਵਿੱਚ ਇਹ ਸ਼ਰਤ ਹੋਵੇਗੀ ਕਿ ਡਿਜ਼ਾਈਨ ਤੇ ਕੰਸਲਟੈਂਸੀ ਸੇਵਾਵਾਂ ਰਾਹੀਂ ਪੈਦਾ ਹੋਣ ਵਾਲੇ ਮਾਲੀਏ ਦਾ 40 ਫੀਸਦੀ ਸੂਬੇ ਦੇ ਖਜ਼ਾਨੇ ਵਿੱਚ ਜਮ੍ਹਾਂ ਕਰਵਾਇਆ ਜਾਵੇਗਾ। ਮੰਤਰੀ ਮੰਡਲ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪੁਨਰਗਠਨ ਤੋਂ ਬਾਅਦ ਵਿਭਾਗ ਵਿੱਚ ਗਰੁੱਪ-ਬੀ ਤੇ ਸੀ ਦੇ ਮੁਲਾਜ਼ਮਾਂ ਦੇ ਸੇਵਾ ਨਿਯਮਾਂ ਨੂੰ ਅੰਤਿਮ ਰੂਪ ਦੇਣ ਅਤੇ ਉਦਯੋਗ ਤੇ ਕਾਮਰਸ ਵਿਭਾਗ ਵਿੱਚ ‘ਐੱਮਐੱਸਐੱਮਈ ਪੰਜਾਬ’ ਵਿੰਗ ਦੀ ਸਥਾਪਨਾ ਨੂੰ ਵੀ ਪ੍ਰਵਾਨਗੀ ਦਿੱਤੀ ਹੈ।
ਕਿਸਾਨ ਮੋਰਚਿਆਂ ’ਤੇ ਲਾਏ ਜਾਣਗੇ ਅੱਖਾਂ ਦੇ ਜਾਂਚ ਕੈਂਪ
ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਕਿਸਾਨੀ ਘੋਲ ਦੌਰਾਨ ਸ਼ੁਭਕਰਨ ਸਿੰਘ ਦੀ ਮੌਤ ਹੋਣ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਮੁੱਖ ਮੰਤਰੀ ਨੇ ਕਿਸਾਨੀ ਸੰਘਰਸ਼ ਵਾਲੀਆਂ ਥਾਵਾਂ ’ਤੇ ਅੱਖਾਂ ਦੇ ਜਾਂਚ ਕੈਂਪ ਲਗਾਉਣ ਦਾ ਫ਼ੈਸਲਾ ਕੀਤਾ ਤੇ ਇਸ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਦੀ ਡਿਊਟੀ ਲਗਾਈ ਗਈ ਹੈ।