ਬਜਟ ਸੈਸ਼ਨ: ਵਿਧਾਨ ਸਭਾ ਵਿੱਚ ਗੂੰਜਿਆ ਅਮਨ-ਕਾਨੂੰਨ ਦਾ ਮੁੱਦਾ : The Tribune India

ਬਜਟ ਸੈਸ਼ਨ: ਵਿਧਾਨ ਸਭਾ ਵਿੱਚ ਗੂੰਜਿਆ ਅਮਨ-ਕਾਨੂੰਨ ਦਾ ਮੁੱਦਾ

ਕਾਂਗਰਸ ਅਤੇ ਭਾਜਪਾ ਵਿਧਾਇਕਾਂ ਨੇ ਸਦਨ ’ਚੋਂ ਕੀਤਾ ਵਾਕਆਊਟ

ਬਜਟ ਸੈਸ਼ਨ: ਵਿਧਾਨ ਸਭਾ ਵਿੱਚ ਗੂੰਜਿਆ ਅਮਨ-ਕਾਨੂੰਨ ਦਾ ਮੁੱਦਾ

ਪੰਜਾਬ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੈਂਬਰ ਵਿਛੜੀਆਂ ਹਸਤੀਆਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ। -ਫੋਟੋ: ਪੀਟੀਆਈ

ਚਰਨਜੀਤ ਭੁੱਲਰ

ਚੰਡੀਗੜ੍ਹ, 24 ਜੂਨ

ਪੰਜਾਬ ਵਿਧਾਨ ਸਭਾ ’ਚ ਅੱਜ ਬਜਟ ਸੈਸ਼ਨ ਦੇ ਪਹਿਲੇ ਦਿਨ ਰਾਜਪਾਲ ਦੇ ਪਿਛਲੇ ਸੈਸ਼ਨ ਦੌਰਾਨ ਦਿੱਤੇ ਗਏ ਭਾਸ਼ਣ ’ਤੇ ਬਹਿਸ ਦੌਰਾਨ ਸੂਬੇ ’ਚ ਅਮਨ-ਕਾਨੂੰਨ ਦਾ ਮੁੱਦਾ ਛਾਇਆ ਰਿਹਾ। ਤਲਖ਼ ਮਾਹੌਲ ’ਚ ਸ਼ੁਰੂ ਹੋਏ ਸੈਸ਼ਨ ’ਚ ਜਿਥੇ ਹਾਕਮ ਧਿਰ ਨੇ ਮੌਜੂਦਾ ਹਾਲਾਤ ਲਈ ਵਿਰੋਧੀ ਧਿਰ ਨੂੰ ਜ਼ਿੰਮੇਵਾਰ ਠਹਿਰਾਇਆ ਉਥੇ ਮੁੱਖ ਵਿਰੋਧੀ ਧਿਰ ਕਾਂਗਰਸ ਨੇ ‘ਆਪ’ ਸਰਕਾਰ ਦੇ 90 ਦਿਨਾਂ ਦੇ ਕਾਰਜਕਾਲ ਦੌਰਾਨ ਵਿਗੜੇ ਮਾਹੌਲ ਨੂੰ ਲੈ ਕੇ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ। ਸਦਨ ਦੀ ਕਾਰਵਾਈ ਕੁਝ ਸਮਾਂ ਪ੍ਰਭਾਵਿਤ ਰਹੀ ਅਤੇ ਅਖੀਰ ਕਾਂਗਰਸ ਅਤੇ ਭਾਜਪਾ ਦੇ ਵਿਧਾਇਕਾਂ ਨੇ ਨਾਅਰੇਬਾਜ਼ੀ ਕਰਦਿਆਂ ਸਦਨ ’ਚੋਂ ਵਾਕਆਊਟ ਕਰ ਦਿੱਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਵਿਧਾਇਕਾਂ ਨੇ ਵਾਕਆਊਟ ’ਚ ਸਾਥ ਨਾ ਦਿੱਤਾ। ਜਦੋਂ ਸਦਨ ਵਿਚ ਕਾਂਗਰਸੀ ਤੇ ਹੋਰ ਵਿਧਾਇਕ ਨਾਅਰੇ ਮਾਰ ਰਹੇ ਸਨ ਤਾਂ ਹਾਕਮ ਧਿਰ ਦੇ ਵਿਧਾਇਕਾਂ ਨੇ ਵੀ ਆਵਾਜ਼ ਬੁਲੰਦ ਕਰਕੇ ਵਿਰੋਧੀਆਂ ਨੂੰ ਮਾਤ ਦੇਣ ਦੀ ਕੋਸ਼ਿਸ਼ ਕੀਤੀ। ਸਦਨ ਵਿਚ ਅੱਜ ਦੁਪਹਿਰ ਮਗਰੋਂ ਰਾਜਪਾਲ ਦੇ ਭਾਸ਼ਣ ’ਤੇ ਬਹਿਸ ਸ਼ੁਰੂ ਹੋਈ ਜੋ ਸ਼ਾਮ ਤੱਕ ਚੱਲੀ।

ਸਦਨ ਵਿਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਦਾ ਛਾਇਆ ਰਿਹਾ ਅਤੇ ਵਿਰੋਧੀ ਧਿਰ ਨੇ ਸਿਆਸੀ ਆਗੂਆਂ ਤੋਂ ਇਲਾਵਾ ਸੂਬੇ ਦੇ ਆਮ ਲੋਕਾਂ ਨੂੰ ਫਿਰੌਤੀ ਲਈ ਆ ਰਹੀ ਫੋਨ ਕਾਲਾਂ ’ਤੇ ਫਿਕਰ ਜ਼ਾਹਰ ਕੀਤੇ। ਉਨ੍ਹਾਂ ਸੂਬੇ ਵਿਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਪੰਜਾਬ ਦੇ ਭਵਿੱਖ ਲਈ ਖਤਰਾ ਦੱਸਿਆ। ਹਾਕਮ ਧਿਰ ਨੇ ਭ੍ਰਿਸ਼ਟਾਚਾਰ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਉਭਾਰਿਆ ਅਤੇ ਬਹਿਸ ਦੌਰਾਨ ਸਰਕਾਰ ਦੇ ਤਿੰਨ ਮਹੀਨੇ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਦਾ ਖਾਕਾ ਪੇਸ਼ ਕੀਤਾ। ‘ਆਪ’ ਵਿਧਾਇਕ ਅਮਨ ਅਰੋੋੜਾ ਨੇ ਸਦਨ ਵਿਚ ਰਾਜਪਾਲ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ਪੇਸ਼ ਕੀਤਾ ਅਤੇ ਵਿਧਾਇਕ ਜੈ ਕਿਸ਼ਨ ਰੋੜੀ ਨੇ ਪ੍ਰਸਤਾਵ ਵੀ ਪ੍ਰੋੜ੍ਹਤਾ ਕੀਤੀ। ਸਦਨ ਦੇ ਨੇਤਾ ਭਗਵੰਤ ਮਾਨ ਦੀ ਮੌਜੂਦਗੀ ਵਿਚ ਅਮਨ ਅਰੋੜਾ ਨੇ ਬਹਿਸ ਦੀ ਸ਼ੁਰੂਆਤ ਕਰਦਿਆਂ ਸਰਕਾਰ ਦੇ ਤਿੰਨ ਮਹੀਨੇ ਦੇ ਸਮੇਂ ਦੌਰਾਨ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਉਨ੍ਹਾਂ ਪਾਣੀ ਬਚਾਉਣ ਹਿੱਤ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਮਦਦ, ਮੂੰਗੀ ਦੀ ਘੱਟੋ ਘੱਟ ਸਮਰਥਨ ਭਾਅ ’ਤੇ ਖਰੀਦ, ਰਾਸ਼ਨ ਦੀ ਹੋਮ ਡਲਿਵਰੀ, ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੱਕ ਸ਼ੁਰੂ ਕੀਤੀ ਗਈ ਵੋਲਵੋ ਬੱਸ ਸੇਵਾ ਅਤੇ ਪੰਚਾਇਤੀ ਜ਼ਮੀਨਾਂ ਤੋਂ ਹਟਾਏ ਨਾਜਾਇਜ਼ ਕਬਜ਼ਿਆਂ ਦੀ ਵੀ ਚਰਚਾ ਕੀਤੀ। ਸੂਬੇ ’ਚ ਅਮਨ-ਕਾਨੂੰਨ ਦੇ ਹਾਲਾਤ ਬਾਰੇ ਗੱਲ ਕਰਦਿਆਂ ਉਨ੍ਹਾਂ ਗੈਂਗਸਟਰਾਂ ਨੂੰ ਪਿਛਲੀਆਂ ਸਰਕਾਰਾਂ ਦੀ ਦੇਣ ਦੱਸਿਆ। ਉਨ੍ਹਾਂ ਕਿਹਾ, ‘‘ਪਿਛਲੀਆਂ ਸਰਕਾਰਾਂ ਨੇ ਇਹ ਕੰਡੇ ਬੀਜੇ ਜੋ ਹੁਣ ਉਨ੍ਹਾਂ ਨੂੰ ਚੁਗਣੇ ਪੈ ਰਹੇ ਹਨ।’’ ਅਰੋੜਾ ਨੇ ਪਿਛਲੀਆਂ ਸਰਕਾਰਾਂ ਸਮੇਂ ਦੀ ਜੁਰਮ ਦਰ ਦੇ ਅੰਕੜੇ ਵੀ ਪੇਸ਼ ਕੀਤੇ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਪੁਲੀਸ ਨੇ ਰਾਜ ਦੀ ਅਮਨ-ਕਾਨੂੰਨ ਦੀ ਵਿਵਸਥਾ ’ਤੇ ਧਿਆਨ ਦੇਣ ਦੀ ਬਜਾਏ ਦਿੱਲੀ ਵਿਚ ਬੈਠੇ ਆਪਣੇ ਵਿਰੋਧੀਆਂ ਦੇ ਘਰਾਂ ’ਤੇ ਛਾਪੇ ਮਾਰਨ ਉਪਰ ਜ਼ੋਰ ਲਾਈ ਰੱਖਿਆ। ‘ਪਟਿਆਲਾ ਵਿਚ ਪਿਛਲੇ ਸਮੇਂ ਦੌਰਾਨ ਬਣਿਆ ਫਿਰਕੂ ਤਣਾਅ 1983 ਦੇ ਵਰ੍ਹੇ ਦੇ ਤਣਾਅ ਨਾਲ ਮੇਲ ਖਾਂਦਾ ਹੈ।’ ਉਨ੍ਹਾਂ ਕਿਹਾ ਕਿ ਜ਼ਿਮਨੀ ਚੋੋਣ ਲਈ ਪ੍ਰਚਾਰ ਦੌਰਾਨ ਮੁੱਖ ਮੰਤਰੀ ਵੱਲੋਂ ਇਹ ਕਹਿਣਾ ਕਿ ‘ਮੈਨੂੰ ਵੀ ਧਮਕੀਆਂ ਮਿਲ ਰਹੀਆਂ ਹਨ’ ਵਿਗੜੇ ਹਾਲਾਤ ਵੱਲ ਇਸ਼ਾਰਾ ਹੈ। ਬਾਜਵਾ ਨੇ ਖਦਸ਼ਾ ਜ਼ਾਹਿਰ ਕੀਤਾ ਕਿ ਕੁੱਝ ਤਾਕਤਾਂ ਪੰਜਾਬ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ ਜਿਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਕਾਂਗਰਸ ਸਰਕਾਰ ਵੱਲੋਂ ਕਮਾਂਡੋਜ਼ ਦਿੱਤੇ ਗਏ ਸਨ ਪ੍ਰੰਤੂ ‘ਆਪ’ ਸਰਕਾਰ ਨੇ ਉਹ ਵਾਪਸ ਲੈ ਲਏ ਜਦਕਿ ਮੂਸੇਵਾਲਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਬਾਰੇ ਖ਼ੁਫ਼ੀਆ ਵਿੰਗ ਨੇ ਸਰਕਾਰ ਨੂੰ ਜਾਣੂ ਕਰਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਦਿਨ-ਦਿਹਾੜੇ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਅਤੇ ਸ਼ਰੇਆਮ ਕਤਲ ਹੋ ਰਹੇ ਹਨ। ਬਾਜਵਾ ਨੇ ਬੇਅਦਬੀ ਦੇ ਮਾਮਲਿਆਂ ਦਾ ਮੁੱਦਾ ਵੀ ਚੁੱਕਿਆ। ‘ਆਪ’ ਵਿਧਾਇਕ ਜੈ ਕਿਸ਼ਨ ਰੋੜੀ ਨੇ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਅਤੇ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਗੱਲ ਰੱਖੀ। ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਬਹਿਸ ਨੂੰ ਅੱਗੇ ਵਧਾਉਂਦਿਆਂ ਬੇਰੁਜ਼ਗਾਰੀ ਦੇ ਹੱਲ ਅਤੇ ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਏ ਜਾਣ ਲਈ ਸਰਕਾਰ ਵੱਲੋਂ ਚੁੱਕੇ ਕਦਮਾਂ ਦੀ ਗੱਲ ਕਰਦਿਆਂ ਪੰਜਾਬ ਨੂੰ ਨੰਬਰ ਇਕ ਸੂਬਾ ਬਣਾਏ ਜਾਣ ਲਈ ਸਾਂਝੇ ਹੰਭਲਿਆਂ ਦੀ ਲੋੜ ’ਤੇ ਜ਼ੋਰ ਦਿੱਤਾ। ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਤਹਿਸੀਲਾਂ ਵਿਚ ਭ੍ਰਿਸ਼ਟਾਚਾਰ ਖਤਮ ਹੋਣ, ਵਾਤਾਵਰਨ ਬਚਾਉਣ ਲਈ ਚੁੱਕੇ ਕਦਮਾਂ ਅਤੇ ਸੂਬੇ ਦੇ ਆਰਥਿਕ ਤੇ ਸਨਅਤੀ ਵਿਕਾਸ ਦਾ ਖਾਕਾ ਦਿਖਾਇਆ। ਉਨ੍ਹਾਂ ਰੇਤ ਮਾਫੀਏ ਦੇ ਖ਼ਾਤਮੇ ਨੂੰ ਵੀ ਸਰਕਾਰ ਦੀ ਪ੍ਰਾਪਤੀ ਦੱਸਿਆ। ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰ ਪਿਛਲੀਆਂ ਸਰਕਾਰਾਂ ’ਤੇ ਦੋਸ਼ ਲਗਾ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ ਹੈ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਧੱਕੇ ਦਾ ਜ਼ਿਕਰ ਕਰਦਿਆਂ ਸਾਂਝੀ ਲੜਾਈ ਲੜਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਸਾਨ ਖੁਦਕੁਸ਼ੀਆਂ ਅਤੇ ਬੇਅਦਬੀ ਦੇ ਮੁੱਦੇ ’ਤੇ ਵੀ ਆਵਾਜ਼ ਉਠਾਈ। ਉਨ੍ਹਾਂ ਪੰਜਾਬ ਸਿਰ ਚੜ੍ਹੇ ਕਰਜ਼ੇ ’ਤੇ ਚਿੰਤਾ ਜ਼ਾਹਰ ਕਰਦਿਆਂ ਰਾਜ ਦੇ ਮੂਲ ਮਸਲਿਆਂ ਦੇ ਹੱਲ ਲਈ ਪੂਰਨ ਸਹਿਯੋਗ ਦੇਣ ਦੀ ਗੱਲ ਵੀ ਕੀਤੀ।

ਸ਼੍ਰੋਮਣੀ ਅਕਾਲੀ ਦਲ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਸਰਕਾਰ ਦੀ ਅਣਗਹਿਲੀ ਨੇ ਗਾਇਕ ਸਿੱਧੂ ਮੂਸੇਵਾਲਾ ਦੀ ਜਾਨ ਲਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਗੜ ਰਹੇ ਹਾਲਾਤ ਕਾਰਨ ਪੰਜਾਬੀਆਂ ਦੇ ਮਨਾਂ ਵਿਚ ਖ਼ੌਫ ਹੈ। ਬਹਿਸ ਵਿਚ ਵਿਧਾਇਕ ਡਾ. ਸੁਖਵਿੰਦਰ ਸੁੱਖੀ, ਕਾਂਗਰਸ ਦੇ ਸੁਖਵਿੰਦਰ ਸਿੰਘ ਕੋਟਲੀ ਅਤੇ ਸ਼ੈਰੀ ਕਲਸੀ ਨੇ ਵੀ ਹਿੱਸਾ ਲਿਆ। ਮੁੱਖ ਮੰਤਰੀ ਭਗਵੰਤ ਮਾਨ ਅੱਜ ਕੁਝ ਸਮਾਂ ਬਹਿਸ ਸੁਣਦੇ ਰਹੇ ਅਤੇ ਫਿਰ ਉਹ ਸਦਨ ’ਚੋਂ ਚਲੇ ਗਏ। ਸੈਸ਼ਨ ਦੌਰਾਨ ਕਾਰਜ ਸਲਾਹਕਾਰ ਕਮੇਟੀ ਦੀ ਪਹਿਲੀ ਰਿਪੋਰਟ ਸਪੀਕਰ ਵੱਲੋਂ ਪੇਸ਼ ਕੀਤੀ ਗਈ ਅਤੇ ਬਿਜ਼ਨਸ ਸਲਾਹਕਾਰੀ ਕਮੇਟੀ ਦੀ ਰਿਪੋਰਟ ’ਤੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਟਿੱਪਣੀਆਂ ਵੀ ਕੀਤੀਆਂ।

ਵਿਰੋਧੀ ਧਿਰ ਨੂੰ ਗਰਮਜੋਸ਼ੀ ਨਾਲ ਮਿਲੇ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੂੰ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ‘ਆਪ’ ਵਿਧਾਇਕ ਅਤੇ ਵਜ਼ੀਰ ਮਿਲਦੇ ਰਹੇ ਜਦੋਂ ਕਿ ਸੈਸ਼ਨ ਸਮਾਪਤੀ ਮਗਰੋਂ ਭਗਵੰਤ ਮਾਨ ਖੁਦ ਵਿਰੋਧੀ ਧਿਰ ਦੇ ਬੈਂਚਾਂ ਕੋਲ ਜਾ ਕੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਵਿਧਾਇਕਾਂ ਨੂੰ ਨਿੱਘ ਨਾਲ ਮਿਲੇ। ਕਾਂਗਰਸੀ ਵਿਧਾਇਕ ਪਰਗਟ ਸਿੰਘ ਅਤੇ ਸੁਖਪਾਲ ਸਿੰਘ ਖਹਿਰਾ ਨੇ ਇਸ ਮੌਕੇ ਮੁੱਖ ਮੰਤਰੀ ਨਾਲ ਚਰਚਾ ਵੀ ਕੀਤੀ। ‘ਆਪ’ ਵਿਧਾਇਕ ਅੱਜ ਕਤਾਰ ਬੰਨ੍ਹ ਕੇ ਮੁੱਖ ਮੰਤਰੀ ਨੂੰ ਸਦਨ ਅੰਦਰ ਮਿਲੇ। ਪਹਿਲੀ ਦਫਾ ਸਦਨ ਵਿਚ ਪੁੱਜੀ ਅਕਾਲੀ ਵਿਧਾਇਕ ਗਨੀਵ ਕੌਰ ਮਜੀਠੀਆ ਨਾਲ ਵੀ ਮੁੱਖ ਮੰਤਰੀ ਨੇ ਫਤਹਿ ਸਾਂਝੀ ਕੀਤੀ।

ਪੰਜਾਬ ਮੰਤਰੀ ਮੰਡਲ ਵੱਲੋਂ ਚਲੰਤ ਮਾਲੀ ਸਾਲ ਦੇ ਬਜਟ ਨੂੰ ਪ੍ਰਵਾਨਗੀ

ਦਵਿੰਦਰ ਪਾਲ

ਚੰਡੀਗੜ੍ਹ, 24 ਜੂਨ

ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨਾਲ ਕੋਈ ਨੁਕਤਾ ਸਾਂਝਾ ਕਰਦੇ ਹੋਏ ਵਿਧਾਇਕ ਅੰਮ੍ਰਿਤਪਾਲ ਸਿੰਘ। -ਫੋਟੋ: ਪ੍ਰਦੀਪ ਤਿਵਾੜੀ

ਪੰਜਾਬ ਮੰਤਰੀ ਮੰਡਲ ਨੇ ਅੱਜ ਚਲੰਤ ਮਾਲੀ ਵਰ੍ਹੇ ਦੇ ਵਿੱਤੀ ਬਜਟ ਨੂੰ ਪ੍ਰਵਾਨਗੀ ਦਿੰਦਿਆਂ ਸੂਬੇ ਦੇ ਵਿੱਤੀ ਹਾਲਾਤ ਬਾਰੇ ਵਾਈਟ ਪੇਪਰ ਵਿਧਾਨ ਸਭਾ ’ਚ ਪੇਸ਼ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੀਟਿੰਗ ’ਚ ਜਿਨ੍ਹਾਂ ਹੋਰ ਅਹਿਮ ਫੈਸਲਿਆਂ ’ਤੇ ਮੋਹਰ ਲਾਈ ਗਈ ਹੈ, ਉਨ੍ਹਾਂ ਵਿੱਚ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ ਐਕਟ, 2003 ਵਿੱਚ ਸੋਧ, ਮੌਜੂਦਾ ਸਨਅਤੀ ਇਕਾਈਆਂ ਦੇ ਵਿਸਤਾਰ ਵਿੱਚ ਸਹਿਯੋਗ ਲਈ ‘ਪੰਜਾਬ ਰਾਈਟ ਟੂ ਬਿਜ਼ਨਸ ਰੂਲਜ਼, 2020’ ਵਿੱਚ ਸੋਧ, ਰਾਜ ਦੀਆਂ ਅਧੀਨ ਅਦਾਲਤਾਂ ਲਈ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜਾਂ ਦੀਆਂ 25 ਅਤੇ ਸਿਵਲ ਜੱਜਾਂ ਦੀਆਂ 80 ਅਸਾਮੀਆਂ ਸਮੇਤ ਕੁੱਲ 810 ਅਸਾਮੀਆਂ ਦੀ ਕਾਇਮੀ ਨੂੰ ਮਨਜ਼ੂਰੀ ਅਤੇ ਪੰਜਾਬ ਖੇਤੀਬਾੜੀ ਉਪਜ, ਮੰਡੀਆਂ ਐਕਟ-1961 ਵਿੱਚ ਸੋਧ ਨੂੰ ਹਰੀ ਝੰਡੀ ਦੇਣਾ ਸ਼ਾਮਲ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਵਿੱਤ ਬਾਰੇ ‘ਵਾਈਟ ਪੇਪਰ’ ਪੰਜਾਬ ਸਰਕਾਰ ਨੂੰ ਦਰਪੇਸ਼ ਗੁੰਝਲਦਾਰ ਮੁੱਦਿਆਂ ਨੂੰ ਸਰਲ ਬਣਾਉਣ ਅਤੇ ਮੌਜੂਦਾ ਸਰਕਾਰ ਨੂੰ ਵਿਰਾਸਤ ਵਿੱਚ ਮਿਲੀ ਵਿੱਤੀ ਸਥਿਤੀ ਬਾਰੇ ਆਮ ਆਦਮੀ ਨੂੰ ਸਪੱਸ਼ਟ ਤੌਰ ’ਤੇ ਜਾਣੂ ਕਰਵਾਉਣ ਦਾ ਯਤਨ ਹੈ। ਵਾਈਟ ਪੇਪਰ ਵਿੱਚ ਮੁੱਖ ਤੌਰ ’ਤੇ ਚਾਰ ਅਧਿਆਏ ਹਨ ਜੋ ਅਸਲ ਤਸਵੀਰ ਸਾਹਮਣੇ ਰੱਖਣ ਦੇ ਨਾਲ ਨਾਲ ਵਿੱਤੀ ਸੂਚਕਾਂ ਦੀ ਮੌਜੂਦਾ ਸਥਿਤੀ, ਕਰਜ਼ੇ ਅਤੇ ਸੂਬੇ ਦੇ ਸਰਕਾਰੀ ਅਦਾਰਿਆਂ ਦੇ ਵਿੱਤੀ ਹਾਲਾਤ ਨੂੰ ਪੇਸ਼ ਕਰਦੇ ਹਨ। ਵਾਈਟ ਪੇਪਰ ਸੂਬੇ ਦੇ ਵਿੱਤੀ ਹਾਲਾਤ ਵਿੱਚ ਸੁਧਾਰ ਲਈ ਸੰਭਾਵੀ ਰਾਹ ਵੀ ਦਰਸਾਏਗਾ। ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਵਿੱਚ ਸਾਲ 2022-23 ਦੇ ਬਜਟ ਅਨੁਮਾਨਾਂ ਨੂੰ ਪੇਸ਼ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਬਜਟ ਅਨੁਮਾਨ ਈਮੇਲਾਂ, ਚਿੱਠੀਆਂ ਅਤੇ ਆਮ ਆਦਮੀ ਵੱਲੋਂ ਸਿੱਧੇ ਸੰਚਾਰ ਰਾਹੀਂ ਦਿੱਤੇ ਗਏ ਸੁਝਾਅ ਸਮੇਤ ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰੇ ਉਪਰੰਤ ਤਿਆਰ ਕੀਤੇ ਗਏ ਹਨ।

ਮੰਤਰੀ ਮੰਡਲ ਨੇ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ ਐਕਟ, 2003 ਦੀ ਧਾਰਾ (ਏ) ਦੀ ਉਪ ਧਾਰਾ 2 ਵਿੱਚ ਧਾਰਾ 4 ’ਚ ਸੋਧ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਹ ਅਨੁਮਾਨਤ ਕੁੱਲ ਰਾਜ ਘਰੇਲੂ ਉਤਪਾਦ (ਜੀਐਸਡੀਪੀ) ਦੀ 3.5 ਫ਼ੀਸਦ ਕੁੱਲ ਉਧਾਰ ਸੀਮਾ, ਰਾਸ਼ਟਰੀ ਪੈਨਸ਼ਨ ਯੋਜਨਾ (ਐੱਨਪੀਐੱਸ) ਅਧੀਨ ਯੋਗਦਾਨ ਦੇ ਬਰਾਬਰ ਵਾਧੂ ਉਧਾਰ ਲੈਣ ਦੀ ਸੀਮਾ ਦਾ ਲਾਭ ਲੈਣਾ, ਪਿਛਲੇ ਸਾਲਾਂ ਲਈ ਮਨਜ਼ੂਰਸ਼ੁਦਾ ਉਧਾਰ ਲੈਣ ਦੀ ਸੀਮਾ ਤੋਂ ਇਸ ਦੇ ਅਣਵਰਤੇ ਉਧਾਰ ਨੂੰ ਅੱਗੇ ਵਧਾਉਣਾ ਅਤੇ ਮੌਜੂਦਾ ਵਿੱਤੀ ਸਾਲ ਦੌਰਾਨ 2022-23 ਲਈ ਪੂੰਜੀ ਨਿਵੇਸ਼ ਲਈ ਸੂਬਿਆਂ ਨੂੰ ਵਿਸ਼ੇਸ਼ ਸਹਾਇਤਾ ਵਾਸਤੇ ਯੋਜਨਾ ਤਹਿਤ 50 ਸਾਲ ਦਾ ਵਿਆਜ ਮੁਕਤ ਕਰਜ਼ਾ ਮੁਹੱਈਆ ਕਰਵਾਉਣ ਵਿੱਚ ਮਦਦਗਾਰ ਸਾਬਿਤ ਹੋਵੇਗਾ। ਮੰਤਰੀ ਮੰਡਲ ਨੇ ਮੌਜੂਦਾ ਸੈਸ਼ਨ ਵਿੱਚ 2018-19, 2019-20 ਅਤੇ 2020-21 ਲਈ ਕੈਗ ਆਡਿਟ ਰਿਪੋਰਟਾਂ, ਸੰਵਿਧਾਨ (74ਵੀਂ ਸੋਧ) ਐਕਟ 1992 (ਅਪਰੈਲ 2015-ਮਾਰਚ 2020) ਦੇ ਲਾਗੂ ਕਰਨ ਦੀ ਪ੍ਰਭਾਵਸ਼ੀਲਤਾ ਦੇ ਪ੍ਰਫਾਰਮੈਂਸ ਆਡਿਟ, ਡਾਇਰੈਕਟ ਬੈਨੀਫਿਟ ਟਰਾਂਸਫਰ (ਅਪਰੈਲ 2017 ਤੋਂ ਜੁਲਾਈ 2020) ਦੇ ਪ੍ਰਫਾਰਮੈਂਸ ਆਡਿਟ, ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ’ਤੇ ਅਪਰੈਲ 2016 ਤੋਂ ਮਾਰਚ 2019 ਦੀ ਮਿਆਦ ਲਈ ਸਾਲਾਨਾ ਤਕਨੀਕੀ ਨਿਰੀਖਣ ਰਿਪੋਰਟ, ਪੰਜਾਬ ਵਿੱਚ ਉੱਚ ਸਿੱਖਿਆ ਦੇ ਨਤੀਜਿਆਂ (ਅਪਰੈਲ 2015 ਤੋਂ ਮਾਰਚ 2020) ਦੇ ਪ੍ਰਫਾਰਮੈਂਸ ਆਡਿਟ ਅਤੇ ਸਾਲ 2019-20 ਅਤੇ 2020-21 ਲਈ ਵਿੱਤ ਖਾਤੇ, ਨਿਯੋਜਨ ਖਾਤਿਆਂ ਨੂੰ ਪੇਸ਼ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਮੰਤਰੀ ਮੰਡਲ ਨੇ ਸੂਬੇ ਦੀਆਂ ਅਧੀਨ ਅਦਾਲਤਾਂ ਲਈ 810 ਅਸਾਮੀਆਂ ਸਿਰਜਣ ਲਈ ਪ੍ਰਵਾਨਗੀ ਦੇ ਦਿੱਤੀ ਹੈ, ਜਿਨ੍ਹਾਂ ਵਿੱਚ ਸਹਾਇਕ ਸਟਾਫ ਤੋਂ ਇਲਾਵਾ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜਾਂ ਦੀਆਂ 25 ਅਸਾਮੀਆਂ ਅਤੇ ਸਿਵਲ ਜੱਜ (ਜੂਨੀਅਰ ਡਿਵੀਜ਼ਨ)-ਕਮ-ਜੁਡੀਸ਼ਲ ਦੀਆਂ 80 ਅਸਾਮੀਆਂ ਸ਼ਾਮਲ ਹਨ।

ਪੰਜਾਬ ਕੈਬਨਿਟ ਨੇ ਮੌਜੂਦਾ ਸਨਅਤੀ ਇਕਾਈਆਂ (ਐੱਮਐੱਸਐੱਮਈਜ਼) ਦੇ ਵਿਸਤਾਰ ਨੂੰ ‘ਪੰਜਾਬ ਰਾਈਟ ਟੂ ਬਿਜ਼ਨਸ ਐਕਟ, 2020’ ਦੇ ਘੇਰੇ ਹੇਠ ਲਿਆਉਣ ਲਈ ‘ਪੰਜਾਬ ਰਾਈਟ ਟੂ ਬਿਜ਼ਨਸ ਰੂਲਜ਼, 2020’ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਵਪਾਰ ਨੂੰ ਸੁਖਾਲਾ ਬਣਾਉਣ ਲਈ 6 ਫਰਵਰੀ, 2020 ਨੂੰ ‘ਪੰਜਾਬ ਰਾਈਟ ਟੂ ਬਿਜ਼ਨਸ ਐਕਟ, 2020’ ਅਤੇ ‘ਪੰਜਾਬ ਰਾਈਟ ਟੂ ਬਿਜ਼ਨਸ ਰੂਲਜ਼, 2020’ ਨੂੰ 29 ਜੁਲਾਈ, 2020 ਨੂੰ ਨੋਟੀਫਾਈ ਕੀਤਾ ਗਿਆ ਸੀ।

ਇਹ ਨਿਯਮ ਪੰਜਾਬ ਵਿਚਲੀਆਂ ਨਵੀਆਂ ਲਘੂ, ਛੋਟੀਆਂ ਤੇ ਦਰਮਿਆਨੀਆਂ ਸਨਅਤੀ ਇਕਾਈਆਂ (ਐੱਮਐੱਸਐੱਮਈਜ਼) ਉਤੇ ਲਾਗੂ ਹੁੰਦੇ ਸਨ ਪਰ ‘ਰਾਈਟ ਟੂ ਬਿਜ਼ਨਸ ਐਕਟ, 2020’ ਵਿਚਲੀ ਇਹ ਨਵੀਂ ਸੋਧ ਸੂਬੇ ਵਿੱਚ ਮੌਜੂਦਾ ਐੱਮਐੱਸਐੱਮਈਜ਼ ਨੂੰ ਆਪਣੇ ਵਿਸਤਾਰ ਲਈ ਤੇਜ਼ੀ ਨਾਲ ਮਨਜ਼ੂਰੀਆਂ, ਛੋਟਾਂ ਤੇ ਸਵੈ-ਘੋਸ਼ਣਾ ਦਾ ਮੌਕਾ ਮੁਹੱਈਆ ਕਰੇਗੀ। ਇਸ ਅਹਿਮ ਕਦਮ ਨਾਲ ਮੌਜੂਦਾ ਕਾਰੋਬਾਰੀ ਅਦਾਰਿਆਂ ਨੂੰ ਇਸ ਐਕਟ ਅਧੀਨ ਸੱਤ ਸੇਵਾਵਾਂ ਦੀ ਸਿਧਾਂਤਕ ਪ੍ਰਵਾਨਗੀ ਲਈ ਸਰਟੀਫਿਕੇਟ ਹਾਸਲ ਕਰਨ ਦੇ ਯੋਗ ਬਣਾਏਗਾ। ਇਸ ਲਈ ਫੋਕਲ ਪੁਆਇੰਟਾਂ ਵਿੱਚ ਸਿਧਾਂਤਕ ਮਨਜ਼ੂਰੀ ਪੰਜ ਕੰਮਕਾਜੀ ਦਿਨਾਂ ਤੇ ਫੋਕਲ ਪੁਆਇੰਟਾਂ ਤੋਂ ਬਾਹਰ 20 ਕੰਮਕਾਜੀ ਦਿਨਾਂ ਵਿੱਚ ਮਿਲੇਗੀ। ਮੰਤਰੀ ਮੰਡਲ ਨੇ ਪੰਜਾਬ ਜਲ ਸਰੋਤ ਖੋਜ, ਗਰੁੱਪ-ਏ ਸਰਵਿਸਿਜ਼ ਰੂਲਜ਼-2022 ਤਿਆਰ ਕਰਨ ਲਈ ਵੀ ਹਰੀ ਝੰਡੀ ਦੇ ਦਿੱਤੀ ਹੈ।

ਵਿਰੋਧੀ ਧਿਰ ਦਾ ਕੰਮ ਰੋਕੂ ਮਤਾ ਸਪੀਕਰ ਵੱਲੋਂ ਖਾਰਜ

ਚੰਡੀਗੜ੍ਹ: ਸਦਨ ’ਚ ਰਾਜਪਾਲ ਦੇ ਭਾਸ਼ਣ ’ਤੇ ਬਹਿਸ ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਬਸਪਾ ਅਤੇ ਭਾਜਪਾ ਦੇ ਵਿਧਾਇਕਾਂ ਨੇ ਹੰਗਾਮਾ ਸ਼ੁਰੁ ਕਰ ਦਿੱਤਾ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਦਨ ਵਿਚ ਕੰਮ ਰੋਕੂ ਪ੍ਰਸਤਾਵ ਪੇਸ਼ ਕੀਤਾ ਜਿਸ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖਾਰਜ ਕਰ ਦਿੱਤਾ। ਵਿਰੋਧੀ ਧਿਰ ਅਮਨ-ਕਾਨੂੰਨ ਦੀ ਸਥਿਤੀ ’ਤੇ ਅੱਧਾ ਘੰਟਾ ਬਹਿਸ ਕਰਾਏ ਜਾਣ ਦੀ ਮੰਗ ਕਰ ਰਹੀ ਸੀ। ਵਿਰੋਧੀ ਧਿਰ ਦੇ ਆਗੂਆਂ ਨੇ ਸਪੀਕਰ ਦੇ ਆਸਣ ਅੱਗੇ ਆ ਕੇ ਨਾਅਰੇਬਾਜ਼ੀ ਕੀਤੀ। ਸਪੀਕਰ ਨੇ ਵਿਰੋੋਧੀ ਧਿਰ ਦੇ ਵਿਧਾਇਕਾਂ ਨੂੰ ਵਾਰ ਵਾਰ ਬੈਠਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਬੇਲੋੜਾ ਰੌਲਾ ਪਾ ਕੇ ਬਹਿਸ ਨੂੰ ਰੋਕਿਆ ਨਾ ਜਾਵੇ। ਬਾਜਵਾ ਨੇ ਕਿਹਾ ਕਿ ਅੱਜ ਨਹੀਂ ਤਾਂ ਕੱਲ ਹੀ ਇਸ ਮੁੱਦੇ ’ਤੇ ਬਹਿਸ ਲਈ ਸਮਾਂ ਰਾਖਵਾਂ ਰੱਖ ਲਓ। ਸਪੀਕਰ ਨੇ ਬਾਜਵਾ ਦੀ ਵਡਿਆਈ ਕਰਦਿਆਂ ਕਿਹਾ, ‘ਤੁਸੀਂ ਤਾਂ ਬਹੁਤ ਤਜਰਬੇਕਾਰ ਹੋ|’ ਅੱਗਿਓਂ ਬਾਜਵਾ ਨੇ ਕਿਹਾ, ‘ਤਜਰਬੇ ਇੱਥੇ ਹੀ ਰਹਿ ਜਾਣਗੇ, ਜੇ ਕਿਸੇ ਨੇ ਸ਼ਾਮ ਨੂੰ ਗੋਲੀ ਮਾਰ ਦਿੱਤੀ।’

ਵਿਧਾਨ ਸਭਾ ’ਚ ਸਿੱਧੂ ਮੂਸੇਵਾਲਾ ਸਮੇਤ ਹੋਰ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ (ਟਨਸ): ‘ਆਪ’ ਸਰਕਾਰ ਦਾ ਪਲੇਠਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ ਜੋ 30 ਜੂਨ ਤੱਕ ਚੱਲੇਗਾ। 16ਵੀਂ ਵਿਧਾਨ ਸਭਾ ਦੇ ਇਸ ਸੈਸ਼ਨ ਦੇ ਪਹਿਲੇ ਦਿਨ ਦੀ ਸ਼ੁਰੂਆਤ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਸਮੇਤ ਹੋਰ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਨਾਲ ਹੋਈ। ਪੰਜਾਬ ਵਿਧਾਨ ਸਭਾ ਨੇ ਗਾਇਕ ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ) ਵੱਲੋਂ ਸੰਗੀਤ ਅਤੇ ਮਨੋਰੰਜਨ ਦੇ ਖੇਤਰ ਵਿਚ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਦੇ ਮੈਂਬਰਾਂ ਵੱਲੋਂ ਵਿਛੜੀਆਂ ਰੂਹਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਛੜੀਆਂ ਹਸਤੀਆਂ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਸੈਸ਼ਨ ਦੀ ਕਾਰਵਾਈ 13 ਮਿੰਟ ’ਚ ਹੀ ਦੁਪਹਿਰ ਦੋ ਵਜੇ ਤੱਕ ਲਈ ਮੁਲਤਵੀ ਕਰ ਦਿੱਤੀ। ਸਦਨ ਨੇ ਸਾਬਕਾ ਮੰਤਰੀਆਂ ਹਰਦੀਪਇੰਦਰ ਸਿੰਘ ਬਾਦਲ, ਜਥੇਦਾਰ ਤੋਤਾ ਸਿੰਘ, ਸਾਬਕਾ ਵਿਧਾਇਕ ਸ਼ਿੰਗਾਰਾ ਸਿੰਘ ਸਹੂੰਗੜਾ ਤੇ ਸੁਖਦੇਵ ਸਿੰਘ ਸੁਖਲੱਧੀ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਵਿਧਾਇਕਾਂ ਨੇ ਆਜ਼ਾਦੀ ਘੁਲਾਟੀਆਂ ਤਾਰਾ ਸਿੰਘ, ਸਵਰਨ ਸਿੰਘ, ਕਰੋੜਾ ਸਿੰਘ ਅਤੇ ਸੁਖਰਾਜ ਸਿੰਘ ਸੰਧਾਵਾਲੀਆ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਆਜ਼ਾਦੀ ਦੇ ਸੰਘਰਸ਼ ਵਿਚ ਉਨ੍ਹਾਂ ਵੱਲੋਂ ਪਾਏ ਗਏ ਯੋਗਦਾਨ ਦੀ ਚਰਚਾ ਕੀਤੀ ਗਈ। ਸਦਨ ਨੇ ਵਿਸ਼ਵ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ਨੂੰ ਸਰ ਕਰਨ ਵਾਲੇ ਅਰਜਨ ਐਵਾਰਡੀ ਪਰਬਤਾਰੋਹੀ ਗੁਰਚਰਨ ਸਿੰਘ ਭੰਗੂ ਅਤੇ ਅਥਲੈਟਿਕਸ ਵਿਚ ਅਰਜਨ ਐਵਾਰਡ ਹਾਸਲ ਕਰਨ ਵਾਲੇ ਹਰੀ ਚੰਦ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ। ‘ਆਪ’ ਵਿਧਾਇਕ ਜੈ ਕਿਸ਼ਨ ਰੋੜੀ ਦੀ ਅਪੀਲ ’ਤੇ ਸਦਨ ਨੇ ਉੱਘੀ ਸਿੱਖ ਸ਼ਖ਼ਸੀਅਤ ਪ੍ਰਿੰਸੀਪਲ ਸੁਰਿੰਦਰ ਸਿੰਘ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ। ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਨੇ ਪੰਜਾਬ ਦੇ ਵਿਗੜੇ ਹਾਲਾਤ ਵਿਚ ਮਾਰੇ ਗਏ ਅਤੇ ਕਰਜ਼ਿਆਂ ਕਾਰਨ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਦੀ ਗੱਲ ਰੱਖੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਸੰਵਿਧਾਨ ਦੀਆਂ ਧਾਰਾ...

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਕੈਬਨਿਟ ਮੰਤਰੀ ਅਮਨ ਅਰੋੜਾ ਨੇ ‘ਆਪ’ ਸਰਕਾਰ ਵਿਰੁੱਧ ਸਾਜ਼ਿਸ਼ ਰਚਣ ਦੇ ਦ...

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਭਾਜਪਾ ਯੂਥ ਵਰਕਰਾਂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤਾ ਸੰਬੋਧਨ

ਸ਼ਹਿਰ

View All