ਪੀਆਰਟੀਸੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਬੱਸਾਂ ਦਾ ਚੱਕਾ ਜਾਮ
ਗੁਰਨਾਮ ਸਿੰਘ ਅਕੀਦਾ
ਪਨਬਸ ਅਤੇ ਪੀਆਰਟੀਸੀ ਦੇ ਮੁਲਾਜ਼ਮਾਂ ਵੱਲੋਂ ਅੱਜ ਪੰਜਾਬ ਵਿੱਚ ਕੀਤੀ ਹੜਤਾਲ ਕਾਰਨ 3,000 ਤੋਂ ਵੱਧ ਬੱਸਾਂ ਦਾ ਚੱਕਾ ਜਾਮ ਰਿਹਾ। ਇਸ ਕਾਰਨ ਆਮ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਪਰ ਦੂਜੇ ਪਾਸੇ ਅੱਜ ਸਾਰਾ ਦਿਨ ਪਨਬੱਸ ਤੇ ਪੀਆਰਟੀਸੀ ਦੀ ਸਾਂਝੀ ਜਥੇਬੰਦੀ ਦੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਅਨੁਸਾਰ ਮੀਟਿੰਗਾਂ ਚੱਲਦੀਆਂ ਰਹੀਆਂ। ਮੀਟਿੰਗਾਂ ਵਿੱਚ ਕੋਈ ਵੀ ਹੱਲ ਨਾ ਹੋਣ ਕਰਕੇ ਇਹ ਬੇਸਿੱਟਾ ਰਹੀਆਂ। ਸ੍ਰੀ ਢਿੱਲੋਂ ਨੇ ਦੱਸਿਆ ਕਿ ਪੰਜਾਬ ਵਿੱਚ ਕਿਲੋਮੀਟਰ ਸਕੀਮ ਦੀਆਂ ਬੱਸਾਂ ਦੇ ਟੈਂਡਰ ਕੀਤੇ ਜਾ ਰਹੇ ਹਨ ਜੋ ਲੋਕ ਵਿਰੋਧੀ ਹਨ। ਇਸ ਨਾਲ ਪੰਜਾਬ ਦੀਆਂ ਔਰਤਾਂ ਜੋ ਮੁਫ਼ਤ ਬੱਸ ਸਫ਼ਰ ਕਰਦੀਆਂ ਹਨ, ਉਹ ਬਿਲਕੁਲ ਬੰਦ ਹੋ ਜਾਵੇਗਾ। ਇਸ ਤੋਂ ਇਲਾਵਾ ਬੱਸਾਂ ਦੇ ਨਿੱਜੀਕਰਨ ਦਾ ਉਹ ਵਿਰੋਧ ਕਰਦੇ ਹਨ। ਅੱਜ ਵੀ ਉਨ੍ਹਾਂ ਦੇ ਠੇਕੇ ’ਤੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਅਜੇ ਤੱਕ ਵੀ ਉਨ੍ਹਾਂ ਦੇ ਖਾਤੇ ਵਿੱਚ ਨਹੀਂ ਪਈਆਂ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਮੁੱਦੇ ਹੱਲ ਕਰਨ ਦੀ ਥਾਂ ਉਨ੍ਹਾਂ ਨੂੰ ਜਬਰਦਸਤੀ ਹੜਤਾਲ ਖ਼ਤਮ ਕਰਨ ਲਈ ਕਹਿ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਹੋਈਆਂ ਸਕੱਤਰੇਤ ਪੱਧਰ ਦੀਆਂ ਮੀਟਿੰਗਾਂ ਵਿੱਚ ਕੋਈ ਵੀ ਨਤੀਜਾ ਨਹੀਂ ਨਿਕਲਿਆ, ਜਿਸ ਕਰਕੇ ਉਹ ਐਲਾਨ ਕਰਦੇ ਹਨ ਕਿ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਸ੍ਰੀ ਢਿੱਲੋਂ ਨੇ ਕਿਹਾ ਕਿ 15 ਅਗਸਤ ਨੂੰ ਉਹ ਸਾਰੇ ਪੰਜਾਬ ਵਿੱਚ ਕਾਲੇ ਝੰਡੇ ਲੈ ਕੇ ਹਰ ਥਾਂ ’ਤੇ ਆਪਣਾ ਸੰਘਰਸ਼ ਜਾਰੀ ਰੱਖਣਗੇ।