ਗੈਂਗਸਟਰਾਂ ਦੀਆਂ ਫ਼ਿਰੌਤੀਆਂ ਕਾਰਨ ਸਹਿਮੇ ਹੋਏ ਨੇ ਕਾਰੋਬਾਰੀ: ਪਾਇਲਟ
ਪਰਗਟ ਸਿੰਘ ਅਤੇ ਸਚਿਨ ਪਾਇਲਟ ਨੇ ਮਰਹੂਮ ਹਰਜਿੰਦਰ ਮੇਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ
ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਪਾਰਟੀ ਪ੍ਰਧਾਨ ਪਰਗਟ ਸਿੰਘ ਨੇ ਪੰਜਾਬ ਵਿੱਚ ਗੈਂਗਸਟਰਾਂ ਦੀਆਂ ਸਰਗਰਮੀਆਂ ਅਤੇ ਨਸ਼ਿਆਂ ਦੇ ਮਾਮਲੇ ’ਤੇ ਸੂਬਾ ਸਰਕਾਰ ਨੂੰ ਘੇਰਦਿਆਂ ਅਮਨ-ਕਾਨੂੰਨ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਬਠਿੰਡਾ ਦੌਰੇ ਦੌਰਾਨ ਦੋਵਾਂ ਆਗੂਆਂ ਨੇ ਗੈਂਗਸਟਰਾਂ ਵੱਲੋਂ ਕਥਿਤ ਫ਼ਿਰੌਤੀ ਲਈ ਕਤਲ ਕੀਤੇ ਅੰਮ੍ਰਿਤਸਰੀ ਕੁਲਚਾ ਕਾਰੋਬਾਰੀ ਹਰਜਿੰਦਰ ਸਿੰਘ ਮੇਲਾ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਦੁੱਖ ਸਾਂਝਾ ਕੀਤਾ।
ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ (ਸ਼ਹਿਰੀ) ਦੇ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਹੇਠ ਹੋਈ ਮੁਲਾਕਾਤ ਮੌਕੇ ਕਾਂਗਰਸੀ ਆਗੂਆਂ ਨੇ ਪੀੜਤ ਪਰਿਵਾਰਾਂ ਨਾਲ ਖੜ੍ਹਨ ਦਾ ਭਰੋਸਾ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਚਿਨ ਪਾਇਲਟ ਨੇ ਕਿਹਾ ਕਿ ਗੁਰੂਆਂ-ਪੀਰਾਂ ਦੀ ਧਰਤੀ ਪੰਜਾਬ ਵਿੱਚ ਅੱਜ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਹਨ ਅਤੇ ਕਾਰੋਬਾਰੀ ਫ਼ਿਰੌਤੀਆਂ ਦੇ ਡਰ ਹੇਠ ਜੀਅ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਜੇਲ੍ਹਾਂ ਵਿੱਚੋਂ ਗੈਂਗਸਟਰਾਂ ਵੱਲੋਂ ਫ਼ਿਰੌਤੀਆਂ ਮੰਗਣ ਅਤੇ ਇਨਕਾਰ ਕਰਨ ’ਤੇ ਕਤਲ ਕੀਤੇ ਜਾ ਰਹੇ ਹਨ। ਇਸ ਨਾਲ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਹੁੰਦੇ ਹਨ। ਪਾਇਲਟ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਅਤੇ ਡੀ ਜੀ ਪੀ ਦੀ ਬਰਖ਼ਾਸਤਗੀ ਦੀ ਮੰਗ ਕਰਦਿਆਂ ਕਿਹਾ ਕਿ ਲੋਕਾਂ ਦੀ ਸੁਰੱਖਿਆ, ਰੁਜ਼ਗਾਰ ਅਤੇ ਅਮਨ- ਕਾਨੂੰਨ ਕਾਇਮ ਰੱਖਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ।
ਪਰਗਟ ਸਿੰਘ ਨੇ ਦੋਸ਼ ਲਾਇਆ ਕਿ ਸੂਬੇ ਦੀ ਅਮਨ-ਕਾਨੂੰਨ ਵਿਵਸਥਾ ਸਰਕਾਰ ਦੇ ਕਾਬੂ ਤੋਂ ਬਾਹਰ ਹੋ ਗਈ ਹੈ। ਉਨ੍ਹਾਂ ਪੰਜਾਬ ਪੁਲੀਸ ਦੀ ਭੂਮਿਕਾ ’ਤੇ ਵੀ ਸਵਾਲ ਉਠਾਏ। ਉਨ੍ਹਾਂ ‘ਆਪ’ ਅਤੇ ਭਾਜਪਾ ਨੂੰ ਪੰਜਾਬ ਦੇ ਮੌਜੂਦਾ ਹਾਲਾਤ ਲਈ ਜ਼ਿੰਮੇਵਾਰ ਠਹਿਰਾਇਆ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਰਿਪੋਰਟ ਲੈਣ ’ਤੇ ਵੀ ਉਨ੍ਹਾਂ ’ਤੇ ਵਿਅੰਗ ਕੀਤਾ। ਇਸ ਮੌਕੇ ਕੁਲ ਪੰਜਾਬ ਕਾਂਗਰਸ ਦੇ ਸਹਾਇਕ ਇੰਚਾਰਜ ਰਵਿੰਦਰ ਡਾਲਵੀਆ, ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ, ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ, ਜ਼ਿਲ੍ਹਾ ਕਾਂਗਰਸ ਬਠਿੰਡਾ (ਦਿਹਾਤੀ) ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਤੇ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ, ਪੰਜਾਬ ਕਾਂਗਰਸ ਦੇ ਡੈਲੀਗੇਟ ਕੇ ਕੇ ਅਗਰਵਾਲ, ਮਾਰਕਫੈੱਡ ਦੇ ਡਾਇਰੈਕਟਰ ਟਹਿਲ ਸਿੰਘ ਸੰਧੂ, ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸਿੰਘ ਜੀਦਾ ਤੇ ਪਵਨ ਮਾਨੀ ਹਾਜ਼ਰ ਸਨ।
ਕਾਂਗਰਸੀ ਆਗੂ ਭਿੰਡਰ ਦੇ ਘਰ ਪੁੱਜੇ ਪਾਇਲਟ ਤੇ ਪਰਗਟ
ਧਰਮਕੋਟ (ਹਰਦੀਪ ਸਿੰਘ): ਇਸ ਸਾਲ ਜਨਵਰੀ ਵਿੱਚ ਕਤਲ ਕੀਤੇ ਗਏ ਕਾਂਗਰਸੀ ਆਗੂ ਉਮਰਸੀਰ ਸਿੰਘ ਭਿੰਡਰ ਖੁਰਦ ਦੇ ਘਰ ਸ਼ਨਿੱਚਰਵਾਰ ਨੂੰ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ, ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਅਤੇ ਐੱਸ ਸੀ ਕਮਿਸ਼ਨ ਦੇ ਸਾਬਕਾ ਵਾਈਸ ਚੇਅਰਮੈਨ ਰਾਜ ਕੁਮਾਰ ਵੇਰਕਾ ਉਚੇਚੇ ਤੌਰ ’ਤੇ ਪੁੱਜੇ। ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਕਾਂਗਰਸ ਆਗੂਆਂ ਨੇ ਪਰਿਵਾਰ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਇਸ ਦੁੱਖ ਦੀ ਘੜੀ ਵਿੱਚ ਪਾਰਟੀ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਸਾਲ ਜਨਵਰੀ ਮਹੀਨੇ ਵਿੱਚ ਉਮਰਸੀਰ ਸਿੰਘ ਭਿੰਡਰ ਨੂੰ ਪਿੰਡ ਦੀ ਜੂਹ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਅਤੇ ਉਸ ਦੇ ਕਤਲ ਦੇ ਦੋਸ਼ ਸੱਤਾਧਾਰੀ ਧਿਰ ਨਾਲ ਸਬੰਧਤ ਸਰਪੰਚ ਅਤੇ ਉਸ ਦੇ ਸਾਥੀਆਂ ਉਪਰ ਲੱਗੇ ਸਨ।

