ਜ਼ਿਮਨੀ ਚੋਣ: ਅਕਾਲੀ ਦਲ ਅੰਮ੍ਰਿਤਸਰ ਵੱਲੋਂ ਮਨਦੀਪ ਸਿੰਘ ਦੇ ਸਮਰਥਨ ਦਾ ਐਲਾਨ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਵਿਰੁੱਧ ਸੂਬੇ ਭਰ ’ਚ ਪ੍ਰਦਰਸ਼ਨ ਅੱਜ
ਜਗਤਾਰ ਸਿੰਘ ਲਾਂਬਾ
ਤਰਨ ਤਾਰਨ ਜ਼ਿਮਨੀ ਚੋਣ ਲੜ ਰਹੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਉਮੀਦਵਾਰ ਮਨਦੀਪ ਸਿੰਘ ਨੂੰ ਵੱਖ-ਵੱਖ ਜਥੇਬੰਦੀਆਂ ਦਾ ਸਮਰਥਨ ਮਿਲ ਰਿਹਾ ਹੈ। ਅੱਜ ਸਿਮਰਨਜੀਤ ਸਿੰਘ ਮਾਨ ਨੇ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਮਨਦੀਪ ਸਿੰਘ ਨੂੰ ਪੰਥਕ ਉਮੀਦਵਾਰ ਵਜੋਂ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਮਨਦੀਪ ਸਿੰਘ ਜੇਲ੍ਹ ਵਿੱਚ ਬੰਦ ਸੰਦੀਪ ਸਿੰਘ ਸੰਨੀ ਦਾ ਭਰਾ ਹੈ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸੰਦੀਪ ਸੰਨੀ ਕੁਰਬਾਨੀ ਦੇਣ ਵਾਲੇ ਪਰਿਵਾਰ ਨਾਲ ਸਬੰਧ ਰੱਖਦਾ ਹੈ। ਇਸ ਲਈ ਮਨਦੀਪ ਸਿੰਘ ਨੂੰ ਪੰਥਕ ਤੌਰ ’ਤੇ ਸਮਰਥਨ ਮਿਲਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਸਿੱਖਾਂ ਨੂੰ ਕਥਿਤ ਕਤਲ ਕਰਵਾਇਆ ਗਿਆ ਹੈ। ਇਸ ਕਾਰਨ ਵਿਦੇਸ਼ ਦੇ ਸਿੱਖਾਂ ਵਿੱਚ ਭਾਜਪਾ ਸਰਕਾਰ ਖ਼ਿਲਾਫ਼ ਰੋਸ ਹੈ। ਉਨ੍ਹਾਂ ਕਿਹਾ ਕਿ ਤਰਨ ਤਾਰਨ ਦੀ ਜ਼ਿਮਨੀ ਚੋਣ ਵਿੱਚ ਅਕਾਲੀ ਦਲ ਅੰਮ੍ਰਿਤਸਰ ਮਨਦੀਪ ਸਿੰਘ ਦਾ ਸਮਰਥਨ ਕਰੇਗਾ। ਉਨ੍ਹਾਂ ਕਿਹਾ ਕਿ 13 ਅਕਤੂਬਰ ਨੂੰ ਪੰਜਾਬ ਦੇ ਸਾਰੇ ਡੀ ਸੀ ਦਫ਼ਤਰਾਂ ਅੱਗੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਵਿਰੁੱਧ ਮੰਗ ਪੱਤਰ ਦਿੱਤੇ ਜਾਣਗੇ।
ਉਨ੍ਹਾਂ ਦੱਸਿਆ ਕਿ 23 ਨਵੰਬਰ ਨੂੰ ਪਿੰਡ ਦੀਨਾ ਕਾਂਗੜ ਵਿੱਚ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਸਬੰਧੀ ਸਮਾਗਮ ਕਰਵਾਇਆ ਜਾਵੇਗਾ। 31 ਅਕਤੂਬਰ ਨੂੰ ਸਤਵੰਤ ਸਿੰਘ, ਬੇਅੰਤ ਸਿੰਘ, ਕੇਹਰ ਸਿੰਘ ਦੀ ਯਾਦ ਵਿੱਚ ਗੁਰਦੁਆਰਾ ਰਕਾਬਗੰਜ ਵਿੱਚ ਸਮਾਗਮ ਹੋਵੇਗਾ।
ਇਸ ਮੌਕੇ ਹਰਦੀਪ ਸਿੰਘ ਨੇ ਕਿਹਾ ਕਿ ਮਨਦੀਪ ਸਿੰਘ ਦੇ ਹੱਕ ਵਿੱਚ ਆਉਣ ’ਤੇ ਉਹ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਉਨ੍ਹਾਂ ਦਾ ਮਕਸਦ ਪੰਥਕ ਏਕਤਾ ਨਾਲ ਆਜ਼ਾਦ ਤੌਰ ’ਤੇ ਚੋਣ ਲੜ ਕੇ ਸੰਗਤ ਦੀ ਸੇਵਾ ਕਰਨਾ ਹੈ। ਹਰਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਨਸ਼ਾ ਮੁਕਤੀ, ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਅੰਤ ਅਤੇ ਖ਼ਾਲਸਾ ਰਾਜ ਦੀ ਸਥਾਪਨਾ ਕਰਨਾ ਹੈ।
ਇਸ ਮੌਕੇ ਜਨਰਲ ਸਕੱਤਰ ਉਪਕਾਰ ਸਿੰਘ ਸੰਧੂ, ਹਰਪਾਲ ਸਿੰਘ ਬਲੇਰ, ਅਮਰੀਕ ਸਿੰਘ ਨੰਗਲ, ਤਜਿੰਦਰ ਸਿੰਘ ਦਿਓਲ, ਗੁਰਬਚਨ ਸਿੰਘ ਪਵਾਰ, ਸ਼ਮਸ਼ੇਰ ਸਿੰਘ ਬਰਾੜ, ਦਿਲਬਾਗ ਸਿੰਘ ਸ਼ੋਰੋਂ, ਕੁਲਵੰਤ ਸਿੰਘ ਕੋਟਲਾ, ਹਰਮਨਦੀਪ ਸਿੰਘ ਸੁਲਤਾਨਵਿੰਡ, ਰਵੀ ਸ਼ੇਰ ਸਿੰਘ, ਰਸ਼ਪਿੰਦਰ ਕੌਰ, ਸੁਖਮਨ ਕੌਰ ਆਦਿ ਹਾਜ਼ਰ ਸਨ।