ਜ਼ਿਮਨੀ ਚੋਣ: ਦਿੱਲੀ ਦੀ ਮੁੱਖ ਮੰਤਰੀ ਵੱਲੋਂ ਜੀਵਨ ਗੁਪਤਾ ਦੇ ਹੱਕ ’ਚ ਪ੍ਰਚਾਰ
ਗੁਰਿੰਦਰ ਸਿੰਘ
ਲੁਧਿਆਣਾ, 15 ਜੂਨ
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਦੋਸ਼ ਲਾਇਆ ਕਿ ਦਿੱਲੀ ਵਿੱਚ ਲੁੱਟ ਕਰਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਹੁਣ ਪੰਜਾਬ ਨੂੰ ਲੁੱਟ ਰਹੇ ਹਨ ਜਿਸ ਦਾ ਪੰਜਾਬੀਆਂ ਨੂੰ ਵਿਰੋਧ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਰੇਖਾ ਗੁਪਤਾ ਅੱਜ ਹਲਕਾ ਪੱਛਮੀ ਤੋਂ ਭਾਜਪਾ ਉਮੀਦਵਾਰ ਜੀਵਨ ਗੁਪਤਾ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਦਿੱਲੀ ਵਿੱਚ ਆਪਣੇ ਦਸ ਸਾਲਾਂ ਦੇ ਸ਼ਾਸਨ ਦੌਰਾਨ ਭ੍ਰਿਸ਼ਟਾਚਾਰ ਦੇ ਦੋਸ਼ ਲਾਉਂਦੇ ਹੋਏ ਕਿਹਾ ਕਿ ਕੇਜਰੀਵਾਲ ਅਤੇ ਉਨ੍ਹਾਂ ਦੀ ਟੀਮ ਵਿਰੁੱਧ ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਇਹ ਜ਼ਮਾਨਤ ’ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਪੱਛਮੀ ਦੀ ਚੋਣ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਇੱਕ ‘ਟਰੇਲਰ’ ਵਜੋਂ ਕੰਮ ਕਰੇਗੀ, ਜਿਸ ਵਿੱਚ ਵੋਟਰ ਜੀਵਨ ਗੁਪਤਾ ਨੂੰ ਵਿਧਾਇਕ ਵਜੋਂ ਚੁਣਨਗੇ।
ਰੇਖਾ ਗੁਪਤਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਪਿਛਲੇ ਸਮੇਂ ਦੌਰਾਨ ਵਿਧਾਨ ਸਭਾ ਵਿੱਚ ਇੱਕ ਵੀ ਕੈਗ ਦੀ ਰਿਪੋਰਟ ਪੇਸ਼ ਨਹੀਂ ਕੀਤੀ, ਜਦਕਿ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਛੇ ਰਿਪੋਰਟਾਂ ਪੇਸ਼ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ ਅਤੇ ਦਿੱਲੀ ਦੇ ਸਾਬਕਾ ਮੰਤਰੀ ਮਨੀਸ਼ ਸਿਸੋਦੀਆ ਵੀ ਸੰਮਨ ਦਾ ਜਵਾਬ ਦੇਣ ਵਿੱਚ ਕਥਿਤ ਅਸਫ਼ਲ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ‘ਡੰਮੀ ਮੁੱਖ ਮੰਤਰੀ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਤਾਂ ਦਿੱਲੀ ਦੇ ਲੋਕ ਚਲਾ ਰਹੇ ਹਨ ਅਤੇ ਸਾਰੇ ਫ਼ੈਸਲੇ ਦਿੱਲੀ ਦੇ ਲੋਕ ਹੀ ਕਰ ਰਹੇ ਹਨ। ਮੁੱਖ ਮੰਤਰੀ ਰੇਖਾ ਗੁਪਤਾ ਨੇ ਪੰਜਾਬ ਦੇ ਵੋਟਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦਿੱਲੀ ਦੇ ਲੋਕਾਂ ਨੂੰ ਕੇਜਰੀਵਾਲ ਨੂੰ ਸੱਤਾ ਤੋਂ ਬਾਹਰ ਕਰਨ ਵਿੱਚ 10 ਸਾਲ ਲੱਗੇ ਪਰ ਪੰਜਾਬੀ ਇੱਕ ਚੰਗਾ ਬਦਲ ਬਣਾਉਣ ਲਈ ਕਾਫ਼ੀ ਸਮਝਦਾਰ ਹਨ ਅਤੇ ਉਹ ਪੂਰੀ ਤਰ੍ਹਾਂ ਸਮਝ ਗਏ ਹਨ ਕਿ ਹੁਣ ‘ਆਪ’ ਸਰਕਾਰ ਨੂੰ ਇੱਥੋਂ ਵੀ ਵਿਦਾਈ ਦੇਣ ਦਾ ਸਮਾਂ ਆ ਗਿਆ ਹੈ। ਇਸ ਮੌਕੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਆਰਪੀ ਸਿੰਘ, ਜੀਵਨ ਗੁਪਤਾ, ਰਜਨੀਸ਼ ਧੀਮਾਨ ਅਤੇ ਅਨਿਲ ਸਰੀਨ ਆਦਿ ਹਾਜ਼ਰ ਸਨ।