ਜ਼ਿਮਨੀ ਚੋਣ: ਕਾਂਗਰਸ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ
ਕਿਸ਼ੋਰੀ ਲਾਲ ਸ਼ਰਮਾ ਤੇ ਰਾਜਾ ਵੜਿੰਗ ਸਣੇ 40 ਆਗੂ ਆਸ਼ੂ ਲਈ ਕਰਨਗੇ ਪ੍ਰਚਾਰ
ਗਗਨਦੀਪ ਅਰੋੜਾ
ਲੁਧਿਆਣਾ, 4 ਜੂਨ
ਵਿਧਾਨ ਸਭਾ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਲਈ ਅੱਜ ਕਾਂਗਰਸ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ ’ਚ ਰਾਹੁਲ ਗਾਂਧੀ ਦੇ ਕਰੀਬੀ ਅਤੇ ਅਮੇਠੀ ਤੋਂ ਸੰਸਦ ਮੈਂਬਰ ਕਿਸ਼ੋਰੀ ਲਾਲ ਸ਼ਰਮਾ ਸਮੇਤ ਕਈ ਵੱਡੇ ਆਗੂ ਸ਼ਾਮਲ ਕੀਤੇ ਗਏ ਹਨ।
ਹਾਲਾਂਕਿ ਇਸ ਸੂਚੀ ’ਚ ਨਵਜੋਤ ਸਿੰਘ ਸਿੱਧੂ ਦਾ ਨਾਂ ਨਹੀਂ ਹੈ। ਅਗਲੇ ਦਿਨਾਂ ਵਿੱਚ ਇਹ ਵੱਡੇ ਆਗੂ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਲਈ ਚੋਣ ਪ੍ਰਚਾਰ ਕਰਨ ਆਉਣਗੇ ਅਤੇ ਉਨ੍ਹਾਂ ਲਈ ਵੋਟਾਂ ਮੰਗਣਗੇ। ਜਾਣਕਾਰੀ ਅਨੁਸਾਰ ਸਟਾਰ ਪ੍ਰਚਾਰਕਾਂ ਵਿੱਚ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੇ ਨਾਲ-ਨਾਲ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ, ਪੰਜਾਬ ਕਾਂਗਰਸ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼ਾਮਲ ਹਨ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਇਨ੍ਹਾਂ ਪ੍ਰਚਾਰਕਾਂ ਵਿੱਚ ਸ਼ਾਮਲ ਹਨ। ਹੈਰਾਨੀ ਦੀ ਗੱਲ ਹੈ ਕਿ ਕਾਂਗਰਸ ਨੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਤੋਂ ਦੂਰ ਰੱਖਿਆ ਹੈ ਜਦਕਿ ਸਿੱਧੂ ਕਾਂਗਰਸ ਦੇ ਸਟਾਰ ਪ੍ਰਚਾਰਕਾਂ ’ਚੋਂ ਇੱਕ ਹਨ।
ਕਾਂਗਰਸ ਵੱਲੋਂ ਜਾਰੀ ਸੂਚੀ ਵਿੱਚ ਸਚਿਨ ਪਾਇਲਟ, ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਮਨੀਸ਼ ਤਿਵਾੜੀ, ਅਦਾਕਾਰ ਰਾਜ ਬੱਬਰ, ਮੁਹੰਮਦ ਸਦੀਕ ਅਤੇ ਕਨ੍ਹੱਈਆ ਕੁਮਾਰ ਸ਼ਾਮਲ ਹੈ। ਇਸ ਤੋਂ ਇਲਾਵਾ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅਤੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ, ਰਵਿੰਦਰ ਡਾਲਵੀ, ਸੁਖਵਿੰਦਰ ਸਿੰਘ ਡੈਨੀ, ਪਰਗਟ ਸਿੰਘ, ਅਰੁਣਾ ਚੌਧਰੀ, ਰਾਣਾ ਗੁਰਜੀਤ ਸਿੰਘ, ਗੁਰਕੀਰਤ ਸਿੰਘ ਕੋਟਲੀ, ਕੁਲਜੀਤ ਸਿੰਘ ਨਾਗਰਾ, ਸੁਖਪਾਲ ਸਿੰਘ ਖਹਿਰਾ, ਅਲਕਾ ਲਾਂਬਾ, ਸੰਦੀਪ ਦੀਕਸ਼ਿਤ, ਪਵਨ ਸਿੰਘ ਖੇੜਾ, ਗੁਰਜੀਤ ਸਿੰਘ ਔਜਲਾ ਅਤੇ ਹੋਰ ਕਈ ਆਗੂਆਂ ਦੇ ਨਾਮ ਇਸ ਮੁਹਿੰਮ ਵਿੱਚ ਸ਼ਾਮਲ ਕੀਤੇ ਗਏ ਹਨ।


