ਗੁਰਦੀਪ ਸਿੰਘ ਲਾਲੀ
ਸੰਗਰੂਰ, 3 ਜੂਨ
ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਸਿਆਸਤ ਗਰਮਾ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਰਾਤ 9 ਵਜੇ ਅਚਾਨਕ ਇਥੇ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਰਿਹਾਇਸ਼ ’ਤੇ ਉਨ੍ਹਾਂ ਨਾਲ ਮੀਟਿੰਗ ਕੀਤੀ। ਸ੍ਰੀ ਬਾਦਲ ਨਾਲ ਪਾਰਟੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ ਅਤੇ ਐੱਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਭਲਕੇ 4 ਜੂਨ ਨੂੰ ਸਿਮਰਨਜੀਤ ਸਿੰਘ ਮਾਨ ਨੇ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਭਰਨੇ ਹਨ।
ਇਸ ਦੌਰਾਨ ਦੋਵੇਂ ਪਾਰਟੀਆਂ ਦੇ ਆਗੂਆਂ ਦੀ ਕਰੀਬ 25 ਮਿੰਟ ਤੱਕ ਮੀਟਿੰਗ ਹੋਈ, ਜਿਸ ਵਿੱਚ ਸੰਗਰੂਰ ਸੰਸਦੀ ਹਲਕੇ ਦੀ ਜ਼ਿਮਨੀ ਚੋਣ ਇਕਜੁੱਟ ਹੋ ਕੇ ਲੜਨ ਬਾਰੇ ਵਿਚਾਰ ਚਰਚਾ ਕੀਤੀ ਗਈ। ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਮਾਨ ਨੇ ਕਿਹਾ ਕਿ ਪੰਥਕ ਏਕਤਾ ਬਹੁਤ ਜ਼ਰੂਰੀ ਹੈ ਜਿਸ ਦੀ ਉਹ ਹਮਾਇਤ ਕਰਦੇ ਹਨ। ਉਨ੍ਹਾਂ ਆਖਿਆ ਕਿ ਇਕੱਠੇ ਹੋ ਕੇ ਚੋਣ ਲੜਨ ਬਾਰੇ ਵਿਚਾਰ ਵਿਟਾਂਦਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੀ ਹਮਾਇਤ ਕਰੇਗਾ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੀ ਹਮਾਇਤ ਕਰਨ ਬਾਰੇ ਪੁੱਛੇ ਜਾਣ ’ਤੇ ਸ੍ਰੀ ਮਾਨ ਨੇ ਕਿਹਾ ਕਿ ਜੇਕਰ ਕੋਈ ਚੰਗਾ ਉਮੀਦਵਾਰ ਸੰਸਦ ਵਿੱਚ ਬੋਲਣ ਵਾਲਾ ਉਹ ਦੇਣਗੇ ਤਾਂ ਉਹ ਆਪਣੀ ਪਾਰਟੀ ਨਾਲ ਵਿਚਾਰ ਕਰਨਗੇ, ਜਿਸ ਤੋਂ ਬਾਅਦ ਅਗਲਾ ਫ਼ੈਸਲਾ ਲਿਆ ਜਾਵੇਗਾ। ਉਧਰ ਸੁਖਬੀਰ ਸਿੰਘ ਬਾਦਲ ਦੀ ਬਜਾਏ ਸ੍ਰੀ ਧਾਮੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਇੱਕਜੁੱਟ ਹੋਣ ਅਤੇ ਸੰਗਰੂਰ ਸੰਸਦੀ ਹਲਕੇ ਦੀ ਚੋਣ ਇੱਕਜੁੱਟ ਹੋ ਕੇ ਲੜਨ ਦੀ ਅਪੀਲ ਕੀਤੀ ਸੀ। ਇਸੇ ਤਹਿਤ ਇਹ ਮੀਟਿੰਗ ਹੋਈ ਹੈ। ਉਨ੍ਹਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਸਿੱਖ ਦੇ ਵੱਡੇ ਆਗੂ ਹਨ। ਉਨ੍ਹਾਂ ਆਖਿਆ ਕਿ ਇਕਜੁੱਟ ਹੋਣ ਲਈ ਚਰਚਾ ਕੀਤੀ ਗਈ ਹੈ ਤੇ ਸ੍ਰੀ ਮਾਨ ਨੇ ਪਾਰਟੀ ਨਾਲ ਮਸ਼ਵਰਾ ਕਰਨ ਦਾ ਭਰੋਸਾ ਦਿੱਤਾ। ਉਧਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੀ ਪਾਰਟੀ ਨਾਲ ਵਿਚਾਰ ਕਰਨਗੇ। ਜੇਕਰ ਸਹਿਮਤੀ ਬਣੀ ਤਾਂ ਸਾਂਝੇ ਉਮੀਦਵਾਰ ਬਾਰੇ ਫੈਸਲਾ ਇੱਕ ਦੋ ਦਿਨ ਵਿਚ ਲੈ ਲਿਆ ਜਾਵੇਗਾ।
ਅਕਾਲੀ ਦਲ ਵੱਲੋਂ ਜਥੇਦਾਰ ਦੇ ਬਿਆਨ ਦਾ ਸਮਰਥਨ
ਚੰਡੀਗੜ੍ਹ (ਟਨਸ): ਸ਼੍ਰੋਮਣੀ ਅਕਾਲੀ ਦਲ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਉਸ ਬਿਆਨ ਦਾ ਸਵਾਗਤ ਕੀਤਾ ਹੈ, ਜਿਸ ਵਿਚ ਉਨ੍ਹਾਂ ਨੇ ਸਾਰੀਆਂ ਪੰਥਕ ਧਿਰਾਂ ਨੂੰ ਇਕਜੁੱਟ ਹੋ ਕੇ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਬੰਦੀ ਸਿੰਘਾਂ ਦੇ ਪਰਿਵਾਰਾਂ ਤੋਂ ਸਾਂਝਾ ਉਮੀਦਵਾਰ ਖੜ੍ਹਾ ਕਰਨ ਦਾ ਸੱਦਾ ਦਿੱਤਾ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਕੋਰ ਕਮੇਟੀ ਦੀ ਮੀਟਿੰਗ ’ਚ ਕਿਹਾ ਗਿਆ ਕਿ ਪਾਰਟੀ ਹਾਲੇ ਵੀ ਪੰਥਕ ਏਕੇ ਲਈ ਯਤਨਸ਼ੀਲ ਹੈ। ਕੋਰ ਕਮੇਟੀ ਨੇ ਸਾਰੀਆਂ ਪੰਥਕ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਮਨੀ ਚੋਣ ਵਿਚ ਸਾਂਝਾ ਉਮੀਦਵਾਰ ਉਤਾਰਨ ਲਈ ਜਥੇਦਾਰ ਸਾਹਿਬ ਦੀ ਅਪੀਲ ’ਤੇ ਗੌਰ ਕਰਨ। ਕੋਰ ਕਮੇਟੀ ਨੇ ਸੂਬੇ ਵਿਚ ਅਮਨ ਕਾਨੂੰਨ ਵਿਵਸਥਾ ਢਹਿ-ਢੇਰੀ ਹੋਣ ਦਾ ਵੀ ਗੰਭੀਰ ਨੋਟਿਸ ਲਿਆ।