ਕੈਬਨਿਟ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ 2025’ ਮਨਜ਼ੂਰ
ਆਤਿਸ਼ ਗੁਪਤਾ
ਚੰਡੀਗੜ੍ਹ, 14 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ’ਚ ਸੂਬੇ ਵਿੱਚ ਬੇਅਦਬੀ ਦੇ ਘਿਨਾਉਣੇ ਜੁਰਮ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਹ ਫ਼ੈਸਲਾ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਤੀਜੇ ਦਿਨ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ’ਚ ਲਿਆ ਗਿਆ ਹੈ। ਮੰਤਰੀ ਮੰਡਲ ਦੀ ਮਨਜ਼ੂਰੀ ਮਗਰੋਂ ਇਹ ਬਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਬਤੌਰ ਗ੍ਰਹਿ ਮੰਤਰੀ ਵਿਧਾਨ ਸਭਾ ਵਿੱਚ ਪੇਸ਼ ਕੀਤਾ, ਜਿਸ ’ਤੇ ਭਲਕੇ 15 ਜੁਲਾਈ ਨੂੰ ਸਵੇਰੇ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮੰਤਰੀ ਮੰਡਲ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ ਐਂਡ ਸਟਾਕਿਸਟਸ ਐਂਡ ਰਿਟੇਲਰ ਰੂਲਜ਼-2025’ ਨੂੰ ਹਰੀ ਝੰਡੀ ਦੇ ਦਿੱਤੀ ਹੈ।
ਪੰਜਾਬ ਸਰਕਾਰ ਨੇ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਾਰੇ ਬਿੱਲ 2025’ ਵਿੱਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ, ਭਾਗਵਦ ਗੀਤਾ, ਪਵਿੱਤਰ ਬਾਈਬਲ, ਕੁਰਾਨ ਸ਼ਰੀਫ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਲਈ ਉਮਰ ਕੈਦ ਸਮੇਤ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਹੈ। ਇਸ ਬਿੱਲ ਵਿੱਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਦੇ ਦੋਸ਼ੀ ਮਿਲਣ ਵਾਲੇ ਕਿਸੇ ਵੀ ਵਿਅਕਤੀ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਦੇਣ ਦੀ ਤਜਵੀਜ਼ ਕੀਤੀ ਗਈ ਹੈ ਜਦੋਂਕਿ ਅਪਰਾਧ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਵੀ ਤਿੰਨ ਤੋਂ ਪੰਜ ਸਾਲ ਦੀ ਕੈਦ ਤੱਕ ਦੀ ਸਜ਼ਾ ਦੇਣ ਦੀ ਪੇਸ਼ਕਸ਼ ਕੀਤੀ ਗਈ ਹੈ ਜਦਕਿ ਅਪਰਾਧ ਲਈ ਉਕਸਾਉਣ ਵਾਲਿਆਂ ਨੂੰ ਅਪਰਾਧ ਮੁਤਾਬਕ ਸਜ਼ਾ ਮਿਲੇਗੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਬੀਤੇ ਸਮੇਂ ਵਿੱਚ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਨੇ ਲੋਕਾਂ ਦੇ ਹਿਰਦਿਆਂ ਨੂੰ ਭਾਰੀ ਠੇਸ ਪਹੁੰਚਾਈ। ਭਾਰਤੀ ਨਿਆਂਏ ਸੰਹਿਤਾ (ਬੀਐੱਨਐੱਸ) ਦੀਆਂ ਧਾਰਾਵਾਂ 298, 299 ਤੇ 300 ਅਜਿਹੇ ਮਾਮਲਿਆਂ ਨੂੰ ਨਜਿੱਠਣ ਸਮੇਂ ਇਨ੍ਹਾਂ ਘਟਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਲਈ ਸਖ਼ਤ ਸਜ਼ਾਵਾਂ ਨੂੰ ਤਜਵੀਜ਼ਤ ਨਹੀਂ ਕਰਦੀਆਂ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਸੂਬੇ ਵਿੱਚ ਫ਼ਿਰਕੂ ਸਦਭਾਵਨਾ, ਅਮਨ-ਸ਼ਾਂਤੀ, ਏਕਤਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਤਾਕਤ ਮਿਲੇਗੀ। ਇਸ ਕਦਮ ਨਾਲ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਲਈ ਸਖ਼ਤ ਸਜ਼ਾ ਯਕੀਨੀ ਬਣਾ ਕੇ ਸਮਾਜ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਰੋਕਣ ’ਚ ਮਦਦ ਮਿਲੇਗੀ।
‘ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ ਐਂਡ ਸਟਾਕਿਸਟਸ ਐਂਡ ਰਿਟੇਲਰ ਰੂਲਜ਼- 2025’ ਨੂੰ ਹਰੀ ਝੰਡੀ
ਮੰਤਰੀ ਮੰਡਲ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ ਐਂਡ ਸਟਾਕਿਸਟਸ ਐਂਡ ਰਿਟੇਲਰ ਰੂਲਜ਼-2025’ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਕਰੱਸ਼ਰ ਯੂਨਿਟ, ਮਾਲ ਵਿਕਰੇਤਾ ਅਤੇ ਪਰਚੂਨ ਵਿਕਰੇਤਾ ਨਿਰਧਾਰਤ ਢਾਂਚੇ ਅੰਦਰ ਕੰਮ ਕਰ ਸਕਣਗੇ। ਇਹ ਨਿਯਮ ‘ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ ਐਂਡ ਸਟਾਕਿਸਟਸ ਐਂਡ ਰਿਟੇਲਰ ਐਕਟ-2025’ ਅਨੁਸਾਰ ਤਿਆਰ ਕੀਤੇ ਗਏ ਹਨ, ਜੋ ਕਰੱਸ਼ਰ ਯੂਨਿਟਾਂ ਵੱਲੋਂ ਗੈਰ-ਕਾਨੂੰਨੀ ਤੌਰ ’ਤੇ ਮਾਈਨਿੰਗ ਕੀਤੀ ਗਈ ਰੇਤ ਅਤੇ ਬੱਜਰੀ ਦੀ ਖ਼ਰੀਦ ਰੋਕਣ ਲਈ ਲਾਗੂ ਕੀਤਾ ਗਿਆ ਸੀ। ਇਨ੍ਹਾਂ ਦਾ ਉਦੇਸ਼ ਕਾਰਜਸ਼ੀਲ ਪ੍ਰਕਿਰਿਆਵਾਂ ਵਿੱਚ ਅਸਪੱਸ਼ਟਤਾ ਨੂੰ ਖ਼ਤਮ ਕਰਨਾ, ਰਾਇਲਟੀ ਚੋਰੀ ਅਤੇ ਗੈਰ-ਕਾਨੂੰਨੀ ਖਣਿਜ ਵਪਾਰ ਨੂੰ ਰੋਕਣਾ ਅਤੇ ਵਾਤਾਵਰਨ ਪੱਖੋਂ ਟਿਕਾਊ ਤੇ ਕਾਨੂੰਨੀ ਤੌਰ ’ਤੇ ਅਨੁਕੂਲ ਵਪਾਰਕ ਕਾਰਜਾਂ ਨੂੰ ਉਤਸ਼ਾਹਿਤ ਕਰਨਾ ਹੈ। ਇਸ ਨਾਲ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਵੀ ਰੁਕੇਗੀ।