ਗੁਰਦੀਪ ਸਿੰਘ ਲਾਲੀ/ਜਗਤਾਰ ਸਿੰਘ ਨਹਿਲ
ਸੰਗਰੂਰ/ਲੌਂਗੋਵਾਲ, 20 ਅਗਸਤ
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37ਵੀਂ ਬਰਸੀ ਮੌਕੇ ਅਨਾਜ ਮੰਡੀ ਲੌਂਗੋਵਾਲ ਵਿਖੇ ਖੂਨਦਾਨ ਕੈਂਪ ਦੌਰਾਨ ਖੂਨਦਾਨ ਕਰਕੇ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਪਹਿਲਾਂ ਸ੍ਰੀ ਅਰੋੜਾ ਨੇ ਗੁਰਦੁਆਰਾ ਸਾਹਿਬ ਯਾਦਗਾਰ ਸ਼ਹੀਦ ਭਾਈ ਮਨੀ ਸਿੰਘ ਕੈਂਬੋਵਾਲ ਵਿਖੇ ਨਤਮਸਤਕ ਹੁੰਦਿਆਂ ਸੰਤ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਥੇ ਅਨਾਜ ਮੰਡੀ ’ਚ ਖੂਨਦਾਨ ਕਰਨ ਮਗਰੋਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਸ਼ਹਾਦਤ ਨੂੰ ਇਹ ਸੱਚੀ ਸ਼ਰਧਾਂਜਲੀ ਹੈ ਕਿ ਸੰਤਾਂ ਦੀ ਬਰਸੀ ਮੌਕੇ ਨਿਵੇਕਲਾ ਉਪਰਾਲਾ ਕਰਦੇ ਹੋਏ ਸਿਆਸੀ ਦੂਸ਼ਣਬਾਜ਼ੀਆਂ ਅਤੇ ਫੋਕੀਆਂ ਸ਼ੋਹਰਤਾਂ ਤੋਂ ਦੂਰ ਰਹਿ ਕੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ ਹੈ। ਸੰਤ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਮਨੁੱਖਤਾ ਦੀ ਸੇਵਾ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲਿਆਂ ਦੀ ਸ਼ਹਾਦਤ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਸਰਵਪੱਖੀ ਵਿਕਾਸ ਲਈ ਸਾਰਥਕ ਉਪਰਾਲੇ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਖੂਨਦਾਨ ਕਰਨ ਵਾਲੇ ਵਾਲੰਟੀਅਰਾਂ ਨੂੰ ਸਰਟੀਫਿਕੇਟ ਦਿੱਤੇ। ਇਸ ਦੌਰਾਨ ਸਲਾਈਟ ਲੌਂਗੋਵਾਲ, ਨਿਰੰਕਾਰੀ ਮਿਸ਼ਨ, ਜੀਵਨ ਆਸ਼ਾ ਵੈਲਫੇਅਰ ਕਲੱਬ ਅਤੇ ਯੰਗ ਵੈਲਫੇਅਰ ਕਲੱਬ ਸਮੇਤ ਹੋਰ ਸਮਾਜ ਸੇਵੀ ਸੰਗਠਨਾਂ ਨੇ ਵੀ ਸਹਿਯੋਗ ਦਿੱਤਾ। ਵਣ ਮੰਡਲ ਸੰਗਰੂਰ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਸਾਰਿਆਂ ਨੂੰ ਮੁਫ਼ਤ ਬੂਟਿਆਂ ਦੀ ਵੰਡ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਏਡੀਸੀ ਅਨਮੋਲ ਸਿੰਘ ਧਾਲੀਵਾਲ, ਸੁਤੰਤਰਤਾ ਸੰਗਰਾਮੀ ਬੀਬੀ ਸ਼ਮਿੰਦਰ ਕੌਰ ਲੌਂਗੋਵਾਲ ਤੋਂ ਇਲਾਵਾ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ।