ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਅਕਤੂਬਰ
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਠਿੰਡਾ ਵਿੱਚ ਸੁੰਦਰਤਾ ਮੁਕਾਬਲੇ ਦੇ ਨਾਂ ਹੇਠ ਇੱਕ ਐੱਨਆਰਆਈ ਵੱਲੋਂ ਜਾਤੀ ਵਿਸ਼ੇਸ਼ ਦੀ ਲੜਕੀ ਨਾਲ ਵਿਆਹ ਕਰਵਾਉਣ ਲਈ ਲੜਕੀ ਦੀ ਚੋਣ ਕਰਨ ਲਈ ਸੁੰਦਰਤਾ ਮੁਕਾਬਲੇ ਦੇ ਫਲੈਕਸ ਲਾਉਣ ਦੀ ਕਾਰਵਾਈ ਅਤਿ ਨਿੰਦਣਯੋਗ ਹੈ। ਉਨ੍ਹਾਂ ਇਸ ਮਾਮਲੇ ਸਬੰਧੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਨੂੰ ਮਾਮਲੇ ਦੀ ਜਾਂਚ ਕਰ ਕੇ ਜਲਦ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਨਿਰਦੇਸ਼ ਦਿੱਤੇ ਹਨ ਕਿ ਲੜਕੀਆਂ ਦੇ ਸੁੰਦਰਤਾ ਮੁਕਾਬਲੇ ਸਬੰਧੀ ਵਿਵਾਦਤ ਫਲੈਕਸ ਲਗਾਉਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜਿਸ ਮਗਰੋਂ ਵਿਵਾਦਤ ਫਲੈਕਸ ਲਗਾਉਣ ਵਾਲਿਆਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।