ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਫਿਰੋਜ਼ਪੁਰ ਦੇ ਪਿੰਡਾਂ ਧੀਰਾ ਘਾਰਾ, ਗ਼ਜ਼ਨੀਵਾਲਾ ਅਤੇ ਟੇਂਡੀ ਵਾਲਾ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਰਣਬੀਰ ਸਿੰਘ ਭੁੱਲਰ, ਵਿਧਾਇਕ ਰਜਨੀਸ਼ ਕੁਮਾਰ ਦਹੀਆ, ਵਿਧਾਇਕ ਫੌਜਾ ਸਿੰਘ ਸਰਾਰੀ ਵੀ ਹਾਜ਼ਰ ਸਨ।
ਕੈਬਨਿਟ ਵਜ਼ੀਰ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਅੰਦਰ ਰਾਹਤ ਕਾਰਜਾਂ ਦੀ ਨਿਗਰਾਨੀ ਲਈ 8 ਕੈਬਨਿਟ ਮੰਤਰੀ ਵੱਖ ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਨੂੰ ਸੈਕਟਰਾਂ ਵਿੱਚ ਵੰਡ ਕਰ ਕੇ ਅਧਿਕਾਰੀਆਂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।
ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਉਣ ਦੇ ਨਾਲ ਨਾਲ ਸਿਹਤ ਸੰਭਾਲ, ਰਾਸ਼ਨ ਮੁਹੱਈਆ ਕਰਵਾਉਣਾ ਅਤੇ ਪਸ਼ੂਆਂ ਦੀ ਸੰਭਾਲ ਕੀਤੀ ਜਾ ਰਹੀ ਹੈ। ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਗੱਲ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਮੌਕੇ ’ਤੇ ਲੋੜਵੰਦਾਂ ਤੱਕ ਹਰ ਸੰਭਵ ਸਹਾਇਤਾ ਪਹੁੰਚਾਉਣ ਦੇ ਹੁਕਮ ਦਿੱਤੇ।
ਹੜ੍ਹ ਰੋਕੂ ਕਾਰਜਾਂ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਰੋਕੂ ਕਾਰਜਾਂ ਲਈ 276 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵੱਲੋਂ ਹੁਸੈਨੀਵਾਲਾ ਹੈੱਡ ਵਿਖੇ ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ, ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ, ਮੁੱਖ ਇੰਜਨੀਅਰ ਡਰੇਨੇਜ ਹਰਦੀਪ ਸਿੰਘ ਮਹਿੰਦੀਰੱਤਾ, ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ। ਇਸ ਮੌਕੇ ਐਸਡੀਐਮ ਗੁਰਮੀਤ ਸਿੰਘ, ਐੱਸਡੀਐੱਮ ਉਦੈਦੀਪ ਸਿੰਘ ਸਿੱਧੂ, ਆਰ. ਟੀ. ਏ. ਅਮਨਦੀਪ, ਐਸ. ਈ. ਰਾਜਨ ਢੀਂਗਰਾ, ਸੰਦੀਪ ਗੋਇਲ, ਮੈਡਮ ਅਮਨਦੀਪ ਕੌਰ ਗੋਸਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਿੰਡ ਵਾਸੀ ਹਾਜ਼ਰ ਸਨ।
ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਦੇ ਹੋਏ ਵਜ਼ੀਰ ਬਰਿੰਦਰ ਗੋਇਲ ਤੇ ਹੋਰ।