ਪੱਤਰ ਪ੍ਰੇਰਕ
ਚੰਡੀਗੜ੍ਹ, 19 ਮਈ
ਪੰਜਾਬ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 22 ਮਈ ਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਡਾ. ਬਲਜੀਤ ਕੌਰ ਦੀ ਫਰੀਦਕੋਟ ਸਥਿਤ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਕੀਤਾ ਜਾਵੇਗਾ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੁੱਜਣਗੀਆਂ ਅਤੇ ਸਰਕਾਰ ਦਾ ਪਿੱਟ ਸਿਆਪਾ ਕਰਨਗੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਲਗਭਗ 55 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਦੋ ਮਹੀਨਿਆਂ ਦੀ ਤਨਖਾਹ ਨਹੀਂ ਮਿਲੀ, ਜਿਸ ਕਾਰਨ ਉਹ ਬਹੁਤ ਨਿਰਾਸ਼ ਹਨ। ਆਂਗਣਵਾੜੀ ਸੈਂਟਰਾਂ ਦਾ ਸਮਾਂ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬਰਾਬਰ ਬਦਲਿਆ ਨਹੀਂ ਗਿਆ ਤੇ ਨਾ ਹੀ ਛੁੱਟੀਆਂ ਸਕੂਲਾਂ ਦੇ ਬਰਾਬਰ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਵਿਭਾਗ ਦੀ ਮੰਤਰੀ ਡਾ. ਬਲਜੀਤ ਕੌਰ ਨੂੰ ਉਹ ਤਿੰਨ ਵਾਰ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਮਿਲ ਕੇ ਮੀਟਿੰਗ ਲਈ ਮੰਗ ਪੱਤਰ ਦੇ ਚੁੱਕੇ ਹਨ ਪਰ ਹਾਲੇ ਤੱਕ ਜਥੇਬੰਦੀ ਨੂੰ ਮੀਟਿੰਗ ਦਾ ਸਮਾਂ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਵਰਕਰਾਂ ਤੇ ਹੈਲਪਰਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ, ਸੰਘਰਸ਼ ਜਾਰੀ ਰੱਖਿਆ ਜਾਵੇਗਾ।