ਕੈਬਨਿਟ ਮੰਤਰੀ ਈਟੀਓ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ
ਸਥਾਨਕ ਦਾਣਾ ਮੰਡੀ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਨੇ ਕਿਸਾਨ ਭਰਾਵਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਜ਼ਿਲ੍ਹੇ ਵਿੱਚ ਸਰਕਾਰੀ ਖਰੀਦ 16 ਸਤੰਬਰ ਤੋਂ ਆਰੰਭ ਹੋ ਚੁੱਕੀ ਹੈ ਅਤੇ ਮੰਡੀਆਂ ਵਿੱਚ ਝੋਨੇ ਦੀ ਆਮਦ ਜ਼ੋਰਾਂ ’ਤੇ ਹੈ।
ਉਨ੍ਹਾਂ ਦੱਸਿਆ ਜੰਡਿਆਲਾ ਗੁਰੂ ਅਨਾਜ ਮੰਡੀ ਵਿੱਚ ਸਾਰੀਆਂ ਖਰੀਦ ਏਜੰਸੀਆਂ ਕੋਲ ਬਾਰਦਾਨੇ ਦੇ ਤਸੱਲੀ ਬਖ਼ਸ਼ ਪ੍ਰਬੰਧ ਹਨ ਅਤੇ ਇਸ ਵੇਲੇ ਝੋਨੇ ਵਿੱਚ ਨਮੀ ਵੀ ਠੀਕ ਆ ਰਹੀ ਹੈ। ਇਸ ਕਰਕੇ ਖਰੀਦ ਵਿੱਚ ਕੋਈ ਸਮੱਸਿਆ ਨਹੀਂ ਆਵੇਗੀ।
ਉਨ੍ਹਾਂ ਭਰੋਸਾ ਦਿਵਾਇਆ ਕਿ ਮੰਡੀਆਂ ਵਿੱਚ ਖ਼ਰੀਦ ਪ੍ਰਕਿਰਿਆ ਸੁਚਾਰੂ ਤਰੀਕੇ ਨਾਲ ਚੱਲੇ, ਇਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕਿਸਾਨਾਂ ਦੀ ਲਿਆਂਦੀ ਫ਼ਸਲ ਨੂੰ ਸਮੇਂ-ਸਿਰ ਖਰੀਦਿਆ ਜਾਵੇਗਾ ਅਤੇ ਭੁਗਤਾਨ 48 ਘੰਟਿਆਂ ਅੰਦਰ ਹੀ ਕਰ ਦਿੱਤਾ ਜਾਵੇਗਾ।
ਹਰਭਜਨ ਸਿੰਘ ਨੇ ਕਿਹਾ ਇਸ ਸਾਲ ਝੋਨੇ ਦੀ ਖਰੀਦ ਪਿਛਲੇ ਸਾਲਾਂ ਨਾਲੋਂ ਪਹਿਲਾਂ ਸ਼ੁਰੂ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਵਧੇਰੇ ਸਮਾਂ ਮਿਲ ਸਕੇ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਨਿਰਧਾਰਿਤ ਮਾਪਦੰਡਾਂ ਅਨੁਸਾਰ ਸਿਰਫ਼ 17 ਫੀਸਦ ਨਮੀ ਤੱਕ ਵਾਲਾ ਝੋਨਾ ਹੀ ਮੰਡੀਆਂ ਵਿੱਚ ਲਿਆਂਦਾ ਜਾਵੇ ਤਾਂ ਜੋ ਫ਼ਸਲ ਦੀ ਬੋਲੀ ਸਮੇਂ ’ਤੇ ਲੱਗ ਸਕੇ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਕੀਮਤ ਬਿਨਾਂ ਕਿਸੇ ਦੇਰੀ ਦੇ ਮਿਲ ਸਕੇ।
ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਬਚਣ ਅਤੇ ਜ਼ਿੰਮੇਵਾਰੀ ਨਾਲ ਫ਼ਸਲ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਕਰਨ ਦੀ ਵੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਅਮਨਜੀਤ ਸਿੰਘ, ਚੇਅਰਮੈਨ ਛਨਾਖ ਸਿੰਘ, ਮੰਡੀ ਪ੍ਰਧਾਨ ਸੁਨੀਲ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
ਅਨਾਜ ਮੰਡੀ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਂਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ।ਫੋਟੋ:ਬੇਦੀ