ਕੈਬਨਿਟ ਮੰਤਰੀ ਈਟੀਓ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਜੰਡਿਆਲਾ ਤੋਂ ਅਜਨਾਲਾ ਵਿਖੇ ਰਵਾਨਾ ਹੋਏ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਆਪਣੇ ਹਲਕੇ ਜੰਡਿਆਲਾ ਗੁਰੂ ਤੋਂ ਹੜ੍ਹ ਪਰਿਵਾਰਾਂ ਦੀ ਮਦਦ ਲਈ 25 ਟਰਾਲੀਆਂ, 10 ਛੋਟੇ ਹਾਥੀ ਅਤੇ ਹੋਰ ਵਾਹਨਾਂ ਸਮੇਤ ਰਾਹਤ ਸਮੱਗਰੀ ਲੈ ਕੇ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਰਵਾਨਾ ਹੋਇਆ। ਇਸ ਰਾਹਤ ਸਮੱਗਰੀ ਵਿੱਚ ਵੱਡੀ ਪੱਧਰ ਤੇ ਖਾਣ ਪੀਣ ਦੀਆਂ ਵਸਤਾਂ, ਦਵਾਈਆਂ, ਪਸ਼ੂਆਂ ਲਈ ਚਾਰਾ ਚੋਕਰ, ਫੀਡ, ਹਰਾ ਚਾਰਾ ਅਤੇ ਤੂੜੀ ਸ਼ਾਮਲ ਸਨ।
ਰਵਾਨਾ ਹੋਣ ਸਮੇਂ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਲੋਕਾਂ ਨਾਲ ਪੂਰੀ ਮਜ਼ਬੂਤੀ ਨਾਲ ਖੜ੍ਹੀ ਹੈ।
ਉਨ੍ਹਾਂ ਇਸ ਸਥਿਤੀ ਨੂੰ ਕੁਦਰਤੀ ਆਫ਼ਤ ਦੱਸਿਆ, ਜੋ ਕਿ ਸੂਬੇ ਲਈ ਸੰਕਟ ਵਜੋਂ ਉੱਭਰੀ ਹੈ ਅਤੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸੂਬਾ ਸਰਕਾਰ ਪ੍ਰਭਾਵਿਤ ਪਰਿਵਾਰਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਈਟੀਓ ਨੇ ਕਿਹਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਹੜ੍ਹਾਂ ਦੌਰਾਨ ਜਿਨ੍ਹਾਂ ਦੇ ਘਰ ਭਾਰੀ ਬਾਰਿਸ਼ ਕਾਰਨ ਨੁਕਸਾਨੇ ਗਏ ਹਨ ਨੂੰ ਮਾਲੀ ਸਹਾਇਤਾ ਨਾਲ ਉਨ੍ਹਾਂ ਨੂੰ ਆਪਣੇ ਘਰਾਂ ਦੀ ਮੁਰੰਮਤ ਕਰਵਾਉਣ ਅਤੇ ਮੁੜ ਆਮ ਵਾਂਗ ਜ਼ਿੰਦਗੀ ਜਿਊਣ ਵਿੱਚ ਮਦਦ ਕਰੇਗੀ ਅਤੇ ਬਣਦਾ ਮੁਆਵਜਾ ਵੀ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਦੁਹਰਾਇਆ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪ੍ਰਭਾਵਿਤ ਲੋਕਾਂ ਤੱਕ ਸਮੇਂ ਸਿਰ ਰਾਹਤ, ਡਾਕਟਰੀ ਸਹਾਇਤਾ ਤੇ ਦਵਾਈਆਂ ਅਤੇ ਮੁੜ ਵਸੇਬੇ ਦੀਆਂ ਸਹੂਲਤਾਂ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਹੜ੍ਹਾਂ ਦੌਰਾਨ 3 ਲੱਖ ਏਕੜ ਫਸਲ ਦਾ ਨੁਕਸਾਨ ਹੋਇਆ ਹੈ ਅਤੇ ਸਰਕਾਰ ਇਨ੍ਹਾਂ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਅਤੇ ਇਨ੍ਹਾਂ ਦੀ ਹਰ ਸੰਭਵ ਸਹਾਇਤ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਇਹ ਇੱਕ ਕੁਦਰਤੀ ਆਫ਼ਤ ਹੈ ਅਤੇ ਸੂਬੇ ਭਰ ਵਿੱਚ ਗੈਰ ਸਰਕਾਰੀ ਸੰਸਥਾਵਾਂ ਵੀ ਇਨ੍ਹਾਂ ਦੀ ਮਦਦ ਲਈ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਸੂਬਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਉਹ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣ ਤਾਂ ਜੋ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਏ ਪਰਿਵਾਰਾਂ ਦੀ ਮਦਦ ਹੋ ਸਕੇ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਬੋਰਡ ਮੈਂਬਰ ਨਰੇਸ਼ ਪਾਠਕ, ਚੇਅਰਮੈਨ ਗੁਰਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਾਲੰਟੀਅਰ ਵੀ ਹਾਜ਼ਰ ਸਨ।