ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਅਗਸਤ
ਪੰਜਾਬ ਸਰਕਾਰ ਵੱਲੋਂ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਨੇ ਅੱਜ ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਠੇਕਾ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਨੀਤੀ ਦੇ ਖਰੜੇ ਨੂੰ ਅਪਡੇਟ ਕਰਨ ’ਤੇ ਲਗਾਤਾਰ ਕੰਮ ਕਰ ਰਹੀ ਹੈ।
ਇਸ ਸਬੰਧੀ ਅੱਜ ਕੈਬਨਿਟ ਸਬ-ਕਮੇਟੀ ਵੱਲੋਂ ਪੰਜਾਬ ਭਵਨ ਵਿੱਚ ਕਾਨੂੰਨੀ ਮਾਹਿਰਾਂ ਦੀ ਟੀਮ ਦੀ ਹਾਜ਼ਰੀ ’ਚ ਠੇਕਾ ਆਧਾਰਿਤ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਟਰਾਂਸਪੋਰਟ ਵਿਭਾਗ ਵਿੱਚ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਵੱਖ-ਵੱਖ ਪਹਿਲੂਆਂ ’ਤੇ ਵਿਚਾਰ-ਚਰਚਾ ਕੀਤੀ। ਮੀਟਿੰਗ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਸਬ-ਕਮੇਟੀ ਵੱਲੋਂ ਸਬੰਧਤ ਵਿਭਾਗਾਂ ਵਿੱਚ ਨਿਯੁਕਤ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਨਿਯਮਾਂ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਬਿਨਾਂ ਕਿਸੇ ਕਾਨੂੰਨੀ ਅੜਚਨ ਤੋਂ ਰੈਗੂਲਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਖਰੀ ਸਾਲ ਵਿੱਚ ਕੀਤੇ ਗਏ ਫੈਸਲਿਆਂ ਕਾਰਨ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਅਜਿਹੀ ਸਥਿਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਮੁਲਾਜ਼ਮਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ‘ਆਪ’ ਸਰਕਾਰ ਮਿਸ਼ਨ ਮੋਡ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੇ ਕਾਨੂੰਨੀ ਅੜਿੱਕੇ ਧਿਆਨ ਵਿੱਚ ਰੱਖਦਿਆਂ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਅਜਿਹੇ ਢੰਗ-ਤਰੀਕੇ ਅਪਣਾਏ ਜਾ ਸਕਣ ਜਿਨ੍ਹਾਂ ਨੂੰ ਅਦਾਲਤਾਂ ਵਿੱਚ ਚੁਣੌਤੀ ਨਾ ਦਿੱਤੀ ਜਾ ਸਕੇ।