ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਜੂਨ
ਇੱਥੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ ਨੇ ਇਕ ਦਰਜਨ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਕੈਬਨਿਟ ਸਬ-ਕਮੇਟੀ ਨੇ ਜਥੇਬੰਦੀਆਂ ਦੇ ਆਗੂਆਂ ਨਾਲ ਉਨ੍ਹਾਂ ਦੀਆਂ ਮੰਗਾਂ ਤੇ ਮਸਲਿਆਂ ਬਾਰੇ ਚਰਚਾ ਕੀਤੀ। ਸਬ-ਕਮੇਟੀ ਨੇ ਸਬੰਧਤ ਵਿਭਾਗਾਂ ਨੂੰ ਜਾਇਜ਼ ਮੰਗਾਂ ਤੇ ਮਸਲਿਆਂ ਨੂੰ ਸਮੇਂ ਸਿਰ ਹੱਲ ਕਰਨ ਲਈ ਲੋੜੀਂਦੀ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਡਾ. ਰਵਜੋਤ ਸਿੰਘ ਵੀ ਮੌਜੂਦ ਸਨ। ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਕਰਨ ਵਾਲੀਆਂ ਮੁਲਾਜ਼ਮ ਜਥੇਬੰਦੀਆਂ ਵਿੱਚ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ, ਸੈਂਟਰ ਆਫ਼ ਟਰੇਡ ਯੂਨੀਅਨ, ਸਰਵ ਸਿੱਖਿਆ ਅਭਿਆਨ/ਮਿੱਡ-ਡੇਅ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ, ਪੀਐੱਸ ਟੈੱਟ ਪਾਸ ਡੀਪੀਈ ਯੂਨੀਅਨ, ਬੇਰੁਜ਼ਗਾਰ ਪੀ.ਐੱਸ. ਟੈੱਟ ਆਰਟ ਐਂਡ ਕਰਾਫ਼ਟ ਸੰਘਰਸ਼ ਯੂਨੀਅਨ, ਡੈਮੋਕ੍ਰੈਟਿਕ ਟੀਚਰਜ਼ ਫਰੰਟ, ਆਦਰਸ਼ ਸਕੂਲ ਟੀਚਿੰਗ ਤੇ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ, ਪਾਵਰਕੌਮ ਟਰਾਂਸਕੋ ਆਊਟਸੋਰਸ ਵਰਕਰ ਯੂਨੀਅਨ, ਮਾਣਭੱਤਾ ਵਰਕਰ ਸਾਂਝਾ ਮੋਰਚਾ, ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ, ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫਾਰ ਪੇਅ ਪੈਰਿਟੀ ਅਤੇ ਪੰਜਾਬ ਰੋਡਵੇਜ਼ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਸ਼ਾਮਲ ਸੀ।
ਜਥੇਬੰਦੀਆਂ ਦੇ ਆਗੂਆਂ ਵੱਲੋਂ ਕੈਬਨਿਟ ਸਬ-ਕਮੇਟੀ ਨੂੰ ਸੌਂਪੇ ਗਏ ਮੰਗ ਪੱਤਰਾਂ ਵਿੱਚ ਸ਼ਾਮਲ ਨੁਕਤਿਆਂ ’ਤੇ ਗੱਲਬਾਤ ਕੀਤੀ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸਕੱਤਰ ਖਰਚਾ ਵੀ.ਐਨ. ਜ਼ਾਦੇ, ਸਕੱਤਰ ਟਰਾਂਸਪੋਰਟ ਵਰੁਣ ਰੂਜਮ, ਸਕੱਤਰ ਪ੍ਰਸੋਨਲ ਗੁਰਪ੍ਰੀਤ ਕੌਰ ਸਪਰਾ ਅਤੇ ਸਕੱਤਰ ਸਿੱਖਿਆ ਅਨਿੰਦਿਤਾ ਮਿੱਤਰਾ ਨੂੰ ਉਨ੍ਹਾਂ ਦੇ ਵਿਭਾਗਾਂ ਨਾਲ ਸਬੰਧਤ ਜਾਇਜ਼ ਮੰਗਾਂ ਮੰਨਣ ਲਈ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਵਿੱਤ ਮੰਤਰੀ ਨੇ ਮੁਲਾਜ਼ਮ ਯੂਨੀਅਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਇਨ੍ਹਾਂ ਨੂੰ ਸਮੇਂ ਸਿਰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਵਿੱਤ ਮੰਤਰੀ ਨੂੰ ਮੰਗ ਪੱਤਰ
ਚੰਡੀਗੜ੍ਹ (ਕੁਲਦੀਪ ਸਿੰਘ): ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀਐੱਸਐੱਮਐੱਸਯੂ) ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਡਾ. ਰਵਜੋਤ ਸਿੰਘ ਨਾਲ ਹੋਈ। ਯੂਨੀਅਨ ਪ੍ਰਧਾਨ ਗੁਰਨਾਮ ਸਿੰਘ ਵਿਰਕ ਨੇ ਦੱਸਿਆ ਕਿ ਮੀਟਿੰਗ ਵਿੱਚ ਹਰ ਮੰਗ ’ਤੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਜਥੇਬੰਦੀ ਵੱਲੋਂ ਹਰ ਮੰਗ ’ਤੇ ਪ੍ਰਭਾਵ ਪੂਰਨ ਤੱਥਾਂ ਸਮੇਤ ਪੱਖ ਰੱਖਿਆ ਗਿਆ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵਲੋਂ ਪੰਜਾਬ ਸਰਕਾਰ ਨਾਲ ਹੋਈ ਮੀਟਿੰਗ ’ਤੇ ਤਸੱਲੀ ਪ੍ਰਗਟ ਕੀਤੀ ਗਈ ਅਤੇ ਇਹ ਵੀ ਮਹਿਸੂਸ ਕੀਤਾ ਗਿਆ ਕਿ ਭਵਿੱਖ ਵਿੱਚ ਮੀਟਿੰਗਾਂ ਦਾ ਦੌਰ ਜਾਰੀ ਰਹਿਣ ਨਾਲ ਮੁਲਾਜ਼ਮ ਮੰਗਾਂ ਪੂਰੀਆਂ ਹੋਣ ਦੀ ਆਸ ਹੈ। ਉਨ੍ਹਾਂ ਦੱਸਿਆ ਕਿ ਯੂਨੀਅਨ ਦੀਆਂ ਵਿਚਾਰੀਆਂ ਜਾਣ ਵਾਲੀਆਂ ਮੰਗਾਂ ਅਤੇ ਬਾਕੀ ਰਹਿੰਦੀਆਂ ਵਿਭਾਗੀ ਮੰਗਾਂ ਬਾਰੇ ਤਾਲਮੇਲ ਕਮੇਟੀ ਨਾਲ ਮੀਟਿੰਗ 2 ਜੁਲਾਈ ਨੂੰ ਤੈਅ ਕੀਤੀ ਗਈ ਹੈ।