ਦਵਿੰਦਰ ਪਾਲ
ਚੰਡੀਗੜ੍ਹ, 14 ਅਕਤੂਬਰ
ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਨੇਤਾਵਾਂ ਦੇ ਘਰਾਂ ਅੱਗੇ, ਟੌਲ ਪਲਾਜ਼ਿਆਂ ਉਪਰ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਬਾਹਰ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਈਲੋ ਸਣੇ ਕਰੀਬ ਸਵਾ ਸੌ ਤੋਂ ਵੱਧ ਥਾਵਾਂ ’ਤੇ ਜਾਰੀ ਧਰਨਿਆਂ ਦੌਰਾਨ ਬੁਲਾਰਿਆਂ ਨੇ ਕੇਂਦਰ ਦੇ ਨਾਲ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਵੀ ਨਿਸ਼ਾਨੇ ’ਤੇ ਲਿਆ। ਉਨ੍ਹਾਂ 16 ਅਕਤੂਬਰ ਨੂੰ ਸਮੁੱਚੇ ਪੰਜਾਬ ਵਿੱਚ ਮੋਦੀ, ਅਮਿਤ ਸ਼ਾਹ ਤੇ ਪੂੰਜੀਪਤੀਆਂ ਦੇ ਪੁਤਲੇ ਫੂਕਣ ਦਾ ਸੱਦਾ ਦਿੱਤਾ। ਬੁਲਾਰਿਆਂ ਨੇ ਬਿਜਲੀ ਦੀ ਘਾਟ, ਗੁਲਾਬੀ ਸੁੰਡੀ ਕਾਰਨ ਤਬਾਹ ਹੋਈ ਨਰਮਾ ਪੱਟੀ ਅਤੇ ਕਿਸਾਨੀ ਸਿਰ ਚੜ੍ਹੇ ਕਰਜ਼ੇ ਦੀ ਮੁਆਫ਼ੀ ਸਣੇ ਹੋਰਨਾਂ ਮੁੱਦਿਆਂ ’ਤੇ ਪੰਜਾਬ ਸਰਕਾਰ ਦੀ ਜਵਾਬਦੇਹੀ ਤੈਅ ਕਰਨ ਦਾ ਸੱਦਾ ਦਿੱਤਾ। ਬੁਲਾਰਿਆਂ ਨੇ ਕਿਹਾ ਕਿ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਆਉਣ ਵਾਲੀਆਂ ਹਨ, ਇਸ ਲਈ ਸਿਆਸੀ ਧਿਰਾਂ ਵੱਲੋਂ ਕਈ ਤਰ੍ਹਾਂ ਦੇ ਸਬਜ਼ਬਾਗ ਦਿਖਾਏ ਜਾਣਗੇ ਪਰ ਕਿਸਾਨੀ ਮੁੱਦਿਆਂ ’ਤੇ ਸਿਆਸੀ ਪਾਰਟੀਆਂ ਦੀ ਜਵਾਬਦੇਹੀ ਹੁਣੇ ਤੋਂ ਤੈਅ ਕਰਨ ਲਈ ਪਿੰਡਾਂ ’ਚ ਲਾਮਬੰਦੀ ਕੀਤੀ ਜਾਵੇ ਤਾਂ ਜੋ ਸਿਆਸੀ ਆਗੂ ਝੂਠੇ ਵਾਅਦਿਆਂ ਨਾਲ ਲੋਕਾਂ ਨੂੰ ਵਰਗਲਾ ਨਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਿਆਸੀ ਪਾਰਟੀਆਂ ਤੋਂ ਇਹ ਵੀ ਪੁੱਛਿਆ ਜਾਵੇ ਕਿ ਇਸ ਤੋਂ ਪਹਿਲਾਂ ਸੂਬੇ ਦੇ ਲੋਕਾਂ ਦੀ ਬਿਹਤਰੀ ਲਈ ਕੀ ਕੀਤਾ ਗਿਆ? ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਮੋਦੀ ਸਰਕਾਰ ਨੂੰ ਘੇਰਦਿਆਂ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਧਰਨਿਆਂ ਵਿੱਚ 16 ਅਕਤੂਬਰ ਨੂੰ ਦਸਹਿਰੇ ਮਗਰੋਂ ਮੋਦੀ, ਅਮਿਤ ਸ਼ਾਹ, ਯੋਗੀ ਅਤੇ ਪੂੰਜੀਪਤੀਆਂ ਦੇ ਪੁਤਲੇ ਫੂਕੇ ਜਾਣਗੇ।
ਬੁਲਾਰਿਆਂ ਨੇ ਕਿਹਾ ਕਿ ਸਰਕਾਰ ਨੂੰ ਬੰਗਾਲ ਚੋਣਾਂ ਦੀ ਤਰ੍ਹਾਂ ਯੂਪੀ ਵਿਧਾਨ ਸਭਾ ਚੋਣਾਂ ਵਿੱਚ ਸਿਆਸੀ ਝਟਕਾ ਦੇਣ ਲਈ ਭਾਜਪਾ ਨੂੰ ਹਰਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਕੋਈ ਵੀ ਹੱਥਕੰਡਾ ਕਿਸਾਨ ਅੰਦੋਲਨ ਨੂੰ ਢਾਅ ਨਹੀਂ ਲਾ ਸਕਦਾ। ਬੁਲਾਰਿਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲਖੀਮਪੁਰ ਕਾਂਡ ’ਤੇ ਚੁੱਪ ਨੂੰ ਸਾਜ਼ਿਸ਼ ਕਰਾਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਭਾਜਪਾ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਤੁਰੰਤ ਬਰਖਾਸਤ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ, ਆਸ਼ੀਸ਼ ਮਿਸ਼ਰਾ ਤੇ ਮੋਨੀ ਗਰੋਹ ਦੇ ਸਾਰੇ ਕਰਿੰਦੇ ਗ੍ਰਿਫ਼ਤਾਰ ਕੀਤੇ ਜਾਣ ਅਤੇ ਤਿੰਨੇ ਖੇਤੀ ਕਾਨੂੰਨ, ਬਿਜਲੀ ਬਿੱਲ 2020 ਸਮੇਤ ਪਰਾਲੀ ਆਰਡੀਨੈਂਸ ਤੁਰੰਤ ਰੱਦ ਕੀਤੇ ਜਾਣ।