ਦਵਿੰਦਰ ਪਾਲ
ਚੰਡੀਗੜ੍ਹ, 5 ਜੁਲਾਈ
ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਆਗੂਆਂ ਦੇ ਘਰਾਂ, ਟੌਲ ਪਲਾਜ਼ਿਆਂ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ, ਰੇਲਵੇ ਸਟੇਸ਼ਨਾਂ ਦੇ ਪਾਰਕਾਂ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਈਲੋ ਦੇ ਬਾਹਰ ਕਰੀਬ ਸਵਾ ਸੌ ਤੋਂ ਵੱਧ ਥਾਵਾਂ ’ਤੇ ਧਰਨੇ ਅੱਜ ਵੀ ਜਾਰੀ ਰਹੇ।
ਧਰਨਿਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਤਾਜ਼ਾ ਪ੍ਰੋਗਰਾਮ ਮੁਤਾਬਕ ਮੋਦੀ ਸਰਕਾਰ ਵੱਲੋਂ ਤੇਲ ਕੀਮਤਾਂ ’ਚ ਕੀਤੇ ਵਾਧੇ ਖ਼ਿਲਾਫ਼ ਹਰ ਵਰਗ ਦੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇ। ਆਗੂਆਂ ਨੇ ਕਿਸਾਨਾਂ ਮਜ਼ਦੂਰ ਨੂੰ ਇੱਕਜੁੱਟ ਹੋ ਕੇ ਦੇਸ਼ ਪੱਧਰ ’ਤੇ ਸੰਘਰਸ਼ ਵਿੱਢਣ ਦਾ ਸੱਦਾ ਦਿੱਤਾ। ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੌਨਸੂਨ ਸੈਸ਼ਨ ਦੌਰਾਨ ਪਾਰਲੀਮੈਂਟ ਅੱਗੇ ਪ੍ਰਦਰਸ਼ਨ ਦੇ ਉਲੀਕੇ ਗਏ ਅੰਦੋਲਨ ਵਿੱਚ ਵੀ ਭਰਵਾਂ ਯੋਗਦਾਨ ਪਾਇਆ ਜਾਵੇਗਾ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨੀ ਜਨ ਅੰਦੋਲਨ ਨੂੰ ਦਬਾਉਣ ਲਈ ਅਪਣਾਏ ਜਾ ਰਹੇ ਹੱਥਕੰਡਿਆਂ ਦਾ ਦੇਸ਼ ਦੇ ਲੋਕ ਹਿਸਾਬ ਲੈਣਗੇ ਅਤੇ ਕਿਸਾਨੀ ਅੰਦੋਲਨ ਭਾਜਪਾ ਦੇ ਅੰਤ ਦਾ ਮੁੱਢ ਬੰਨ੍ਹੇਗਾ। ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਪਿਛਲੀ ਮੀਟਿੰਗ ਵਿੱਚ ਲਏ ਫ਼ੈਸਲੇ ਮੁਤਾਬਿਕ 8 ਜੁਲਾਈ ਨੂੰ 10 ਤੋਂ 12 ਵਜੇ ਤੱਕ ਦੇਸ਼ ਭਰ ਵਿੱਚ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ।
ਆਗੂਆਂ ਨੇ ਦੱਸਿਆ ਕਿ ਪੰਜਾਬ ਤੋਂ ਦਿੱੱਲੀ ਲਈ ਕਿਸਾਨਾਂ ਅਤੇ ਔਰਤਾਂ ਦੇ ਕਾਫ਼ਲਿਆਂ ਦਾ ਜਾਣਾ ਲਗਾਤਾਰ ਜਾਰੀ ਹੈ। ਲੁਧਿਆਣਾ, ਸੰਗਰੂਰ, ਮਾਨਸਾ, ਬਠਿੰਡਾ, ਬਰਨਾਲਾ, ਰੋਪੜ, ਫਾਜ਼ਿਲਕਾ ਅਤੇ ਫਰੀਦਕੋਟ ਸਮੇਤ ਵੱਖ-ਵੱਖ ਜ਼ਿਲ੍ਹਿਆਂ ਤੋਂ ਦਰਜਨਾਂ ਕਾਫ਼ਲੇ ਸਿੰਘੂ ਅਤੇ ਟੀਕਰੀ ਹੱਦ ਲਈ ਰਵਾਨਾ ਹੋਏ ਹਨ। ਉਨ੍ਹਾਂ ਕਿਹਾ ਕਿ ਤਿੰਨ ਖੇਤੀ ਕਾਨੂੰਨ ਰੱਦ ਕਰਾਉਣ ਤੱਕ ਇਹ ਅੰਦੋਲਨ ਜਾਰੀ ਰੱਖਿਆ ਜਾਵੇਗਾ।
ਫ਼ਤਹਿਗੜ੍ਹ ਪੰਜਗਰਾਈਆਂ ’ਚ ਸਿਆਸੀ ਆਗੂਆਂ ਦੇ ਦਾਖ਼ਲੇ ’ਤੇ ਪਾਬੰਦੀ
ਸੰਦੌੜ (ਮੁਕੰਦ ਸਿੰਘ ਚੀਮਾ): ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜਿੱਥੇ ਭਾਜਪਾ ਨੂੰ ਪੂਰੇ ਪੰਜਾਬ ਵਿੱਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਦੂਜੀਆਂ ਸਿਆਸੀ ਪਾਰਟੀਆਂ ਨੂੰ ਵੀ ਹੁਣ ਸੇਕ ਲੱਗਣਾ ਸ਼ੁਰੂ ਹੋ ਗਿਆ ਹੈ। ਸੰਦੌੜ ਨੇੜਲੇ ਪਿੰਡ ਫ਼ਤਹਿਗੜ੍ਹ ਪੰਜਗਰਾਈਆਂ ਦੇ ਲੋਕਾਂ ਨੇ ਪਿੰਡ ਵਿੱਚ ਸਿਆਸੀ ਪਾਰਟੀਆਂ ਦੇ ਆਗੂਆਂ ਦੇ ਦਾਖ਼ਲੇ ’ਤੇ ਪੂਰਨ ਪਾਬੰਦੀ ਅਤੇ ਇਸ ਸਬੰਧੀ ਬੋਰਡ ਲਗਾ ਦਿੱਤੇ ਹਨ। ਕਿਸਾਨ ਆਗੂ ਈਸ਼ਰਪਾਲ ਸਿੰਘ ਤੇ ਭਰਭੂਰ ਸਿੰਘ ਨੇ ਕਿਹਾ ਕਿ ਭਾਵੇਂ ਖੇਤੀ ਕਾਨੂੰਨ ਕੇਂਦਰ ਸਰਕਾਰ ਨੇ ਪਾਸ ਕੀਤੇ ਹਨ ਪਰ ਦੂਜੀਆਂ ਸਿਆਸੀ ਪਾਰਟੀਆਂ ਨੇ ਵੀ ਇਸ ਮੁੱਦੇ ’ਤੇ ਸਿਆਸੀ ਰੋਟੀਆਂ ਹੀ ਸੇਕੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਪੂਰਨ ਤੌਰ ’ਤੇ ਰੱਦ ਨਹੀਂ ਹੁੰਦੇ, ਉਦੋਂ ਤੱਕ ਕਿਸੇ ਵੀ ਸਿਆਸੀ ਪਾਰਟੀ ਦਾ ਪਿੰਡ ਵਿੱਚ ਦਾਖ਼ਲਾ ਨਹੀਂ ਹੋਵੇਗਾ। ਸਰਪੰਚ ਗੁਰਪ੍ਰੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਖੇਤੀ ਮੁੱਦੇ ’ਤੇ ਕਿਸੇ ਵੀ ਸਿਆਸੀ ਆਗੂ ਨੇ ਸੱਚੇ ਦਿਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਕਿ ਪਾਬੰਦੀ ਦੇ ਬਾਵਜੂਦ ਜੇ ਕੋਈ ਸਿਆਸੀ ਆਗੂ ਪਿੰਡ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰੇਗਾ ਤਾਂ ਉਸ ਦਾ ਵਿਰੋਧ ਕੀਤਾ ਜਾਵੇਗਾ।