ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਜੂਨ
ਪੰਜਾਬ ਵਿੱਚ ਚੱਲ ਰਹੇ ਸੰਘਰਸ਼ੀ ਅਖਾੜਿਆਂ ਤੋਂ ‘ਖੇਤੀ ਬਚਾਓ-ਲੋਕਤੰਤਰ ਬਚਾਓ’ ਦਿਵਸ ਮਨਾਉਣ ਲਈ ਵਿਆਪਕ ਲਾਮਬੰਦੀ ਕਰਨ ਲਈ ਤਿਆਰੀਆਂ ਦਾ ਸੱਦਾ ਦਿੱਤਾ ਗਿਆ ਹੈ। ਸੰਯੁਕਤ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਮੋਰਚੇ ਦੇ ਸੱਦੇ ਤਹਿਤ 26 ਜੂਨ ਨੂੰ ‘ਖੇਤੀ ਬਚਾਓ-ਲੋਕਤੰਤਰ ਬਚਾਓ’ ਦਿਵਸ ਮਨਾਉਣ ਲਈ ਤਿਆਰੀਆਂ ਵਿੱਢ ਦਿੱਤੀਆਂ ਹਨ। ਪਿੰਡਾਂ ਤੇ ਸ਼ਹਿਰਾਂ ’ਚ ਨੁੱਕੜ ਮੀਟਿੰਗਾਂ ਕਰਦਿਆਂ ਤਹਿਸੀਲ, ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨਾਂ ਦੇ ਨਾਲ-ਨਾਲ ਰਾਜਭਵਨ, ਚੰਡੀਗੜ੍ਹ ਸਾਹਮਣੇ ਕੀਤੇ ਜਾਣ ਵਾਲੇ ਪ੍ਰਦਰਸ਼ਨਾਂ ਨੂੰ ਕਾਮਯਾਬ ਬਣਾਉਣ ਲਈ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ 26 ਜੂਨ 1975 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਐਮਰਜੈਂਸੀ ਲਾਗੂ ਕਰ ਕੇ ਭਾਰਤੀ ਨਾਗਰਿਕਾਂ ਦੇ ਸਾਰੇ ਬੁਨਿਆਦੀ ਅਧਿਕਾਰ ਮਨਸੂਖ ਕਰ ਰਾਤੋ ਰਾਤ ਹਜ਼ਾਰਾਂ ਸਿਆਸੀ ਤੇ ਜਮਹੂਰੀ ਕਾਰਕੁਨ ਜੇਲ੍ਹਾਂ ਵਿੱਚ ਬੰਦ ਕਰ ਦਿੱਤੇ। ਉਨ੍ਹਾਂ ਕਿਹਾ ਕਿ ਇਹ ਖੇਤੀ ਕਾਨੂੰਨ ਨੂੰ ਵੀ ਐਮਰਜੈਂਸੀ ਤੋਂ ਘੱਟ ਖਤਰਨਾਕ ਨਹੀਂ, ਜਿਨ੍ਹਾਂ ਕਾਰਨ ਕਿਸਾਨਾਂ ਦੀ ਹੋਂਦ ਖਤਰੇ ਵਿੱਚ ਪੈ ਗਈ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ 26 ਜੂਨ ਨੂੰ ਦਿੱਲੀ ਕਿਸਾਨ ਮੋਰਚੇ ਦੇ ਸੱਤ ਮਹੀਨੇ ਵੀ ਪੂਰੇ ਹੋ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਨੇ ਇਸ ਦਿਨ ਨੂੰ ‘ਖੇਤੀ ਬਚਾਓ-ਲੋਕਤੰਤਰ ਬਚਾਓ’ ਦਿਵਸ ਵਜੋਂ ਮਨਾਉਣ ਦਾ ਸੱਦਾ ਦਿੱਤਾ ਹੋਇਆ ਹੈ।
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਜਾਰੀ ਧਰਨੇ 259ਵੇਂ ਦਿਨ ਪੰਜਾਬ ਭਰ ’ਚ 108 ਥਾਵਾਂ- ਟੌਲ ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ’ਚ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੇ ਦ੍ਰਿੜ ਇਰਾਦਿਆਂ ਅੱਗੇ ਕੇਂਦਰ ਦਾ ਗ਼ਰੂਰ ਜ਼ਰੂਰ ਟੁੱਟੇਗਾ ਤੇ ਸਰਕਾਰ ਨੂੰ 3 ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ-2020 ਤੇ ਪਰਾਲੀ ਆਰਡੀਨੈਂਸ ਵਾਪਸ ਲੈਣੇ ਪੈਣਗੇ।
ਬੇਰੁਜ਼ਗਾਰ ਅਧਿਆਪਕਾਂ ’ਤੇ ਲਾਠੀਚਾਰਜ ਦੀ ਨਿਖੇਧੀ
ਚੰਡੀਗੜ੍ਹ (ਟਨਸ): ਪੰਜਾਬ ਦੀਆਂ ਸੰਘਰਸ਼ੀਲ ਕਿਸਾਨ ਜਥੇਬੰਦੀਆਂ ਨੇ ਪਟਿਆਲਾ ਵਿੱਚ ਬੇਰੁਜ਼ਗਾਰ ਅਧਿਆਪਕਾਂ ’ਤੇ ਲਾਠੀਚਾਰਜ ਦੀ ਨਿੰਦਾ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਲਾਠੀਚਾਰਜ ਕਰ ਕੇ ਵੀ ਸੰਘਰਸ਼ ਨਹੀਂ ਦਬਾਇਆ ਜਾ ਸਕੇਗਾ। ਵਿਧਾਨ ਸਭਾ 2017 ਵੇਲੇ ‘ਘਰ-ਘਰ ਨੌਕਰੀ’ ਦਾ ਵਾਅਦਾ ਕਰਕੇ ਸੱਤਾ ’ਚ ਆਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਾਅਦੇ ਪੂਰੇ ਕਰਨ ਤੋਂ ਭੱਜ ਰਹੇ ਹਨ ਅਤੇ ਸਰਕਾਰ ਸੰਘਰਸ਼ ਕਰਦੇ ਲੋਕਾਂ ਨੂੰ ਜਬਰ ਰਾਹੀਂ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਹੱਕ ਮੰਗਦੇ ਲੋਕਾਂ ਦੇ ਸੰਘਰਸ਼ਾਂ ਨੂੰ ਜਾਬਰ ਢੰਗ ਨਾਲ ਰੋਕਣਾ ਮਹਿੰਗਾ ਪੈਂਦਾ ਰਿਹਾ ਹੈ। ਹੁਣ ਵੀ ਸੰਘਰਸ਼ ਕਰਦੇ ਲੋਕ ਰੁਕਣਗੇ ਨਹੀਂ, ਸਗੋਂ ਹਕੂਮਤੀ ਜਬਰ ਸੰਘਰਸ਼ਸ਼ੀਲ ਕਾਫਲਿਆਂ ਦੀ ਖੁਰਾਕ ਬਣੇਗਾ ਤੇ ਸੰਘਰਸ਼ ਪਹਿਲਾਂ ਦੇ ਕਿਸੇ ਵੀ ਸਮੇਂ ਨਾਲੋਂ ਵੱਧ ਤਿੱਖਾ ਅਤੇ ਵਿਸ਼ਾਲ ਹੋਵੇਗਾ।