ਪਾਲ ਸਿੰਘ ਨੌਲੀ
ਜਲੰਧਰ, 26 ਜੂਨ
ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਗੁਰਮੀਤ ਸਿੰਘ ਅਤੇ ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਸਮਾਜਿਕ ਕਾਰਕੁਨ ਤੀਸਤਾ ਸੀਤਲਵਾੜ ਦੀ ਗ੍ਰਿਫ਼ਤਾਰੀ ਵਿਰੁੱਧ ਲੋਕਾਂ ਨੂੰ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ ਹੈ।
ਕਮੇਟੀ ਨੇ ਅਪੀਲ ਕੀਤੀ ਹੈ ਕਿ ਜਮਹੂਰੀ ਹੱਕਾਂ ਦੇ ਪਹਿਰੇਦਾਰ ਹਰ ਸੰਭਵ ਢੰਗ ਨਾਲ ਆਪਣੀ ਆਵਾਜ਼ ਉਠਾਉਂਦਿਆਂ ਤੀਸਤਾ ਸੀਤਲਵਾੜ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕਰਨ। ਗੁਜਰਾਤ ਦੇ ਅਤਿਵਾਦ ਵਿਰੋਧੀ ਦਸਤੇ ਨੇ ਮਨੁੱਖੀ ਹੱਕਾਂ ਦੀ ਸਿਰਕੱਢ ਕਾਰਕੁਨ ਤੀਸਤਾ ਸੀਤਲਵਾੜ ਦੇ ਮੁੰਬਈ ਸਥਿਤ ਘਰ ਵਿੱਚ ਛਾਪਾ ਮਾਰ ਕੇ ਉਸ ਨੂੰ ਹਿਰਾਸਤ ਵਿੱਚ ਲੈਣ ਤੋਂ ਇਲਾਵਾ ਗੁਜਰਾਤ ਦੇ ਇਕ ਸੇਵਾਮੁਕਤ ਡੀਜੀਪੀ ਆਰ.ਬੀ. ਸ੍ਰੀਕੁਮਾਰ ਨੂੰ ਵੀ ਇਸੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਯਾਦ ਰਹੇ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਇੰਟਰਵਿਊ ਵਿੱਚ ਦੋਸ਼ ਲਗਾਇਆ ਸੀ ਕਿ ਤੀਸਤਾ ਨੇ ਗੁਜਰਾਤ ਵਿੱਚ 2002 ’ਚ ਮੁਸਲਮਾਨਾਂ ਦੇ ਕਤਲੇਆਮ ਬਾਰੇ ਪੁਲੀਸ ਨੂੰ ਬੇਬੁਨਿਆਦ ਜਾਣਕਾਰੀ ਦੇ ਕੇ ਗੁੰਮਰਾਹ ਕੀਤਾ ਸੀ। ਇਹ ਇਸ਼ਾਰਾ ਸੀ ਕਿ ਹੁਣ ਉਨ੍ਹਾਂ ਕਾਰਕੁਨਾਂ ਨੂੰ ਮੁਕੱਦਮਿਆਂ ਵਿੱਚ ਫਸਾ ਕੇ ਜੇਲ੍ਹਾਂ ’ਚ ਡੱਕਿਆ ਜਾਵੇਗਾ, ਜੋ ਗੁਜਰਾਤ ਵਿੱਚ 2002 ਵਿੱਚ ਘੱਟ-ਗਿਣਤੀ ਮੁਸਲਮਾਨਾਂ ਦੀ ਹੋਈ ਨਸਲਕੁਸ਼ੀ ਦੇ ਪੀੜਤਾਂ ਦੀ ਮਦਦ ਕਰ ਰਹੇ ਸਨ। ਆਈਪੀਐੱਸ ਅਧਿਕਾਰੀ ਸੰਜੀਵ ਭੱਟ ਪਹਿਲਾਂ ਹੀ ਜੇਲ੍ਹ ਵਿੱਚ ਬੰਦ ਹਨ। ਸਾਬਕਾ ਡੀਜੀਪੀ ਆਰ.ਬੀ. ਸ੍ਰੀਕੁਮਾਰ ਨੇ ਤਤਕਾਲੀ ਮੋਦੀ ਸਰਕਾਰ ’ਤੇ 2002 ਦੇ ਗੁਜਰਾਤ ਕਤਲੇਆਮ ਦੌਰਾਨ ਪੁਲੀਸ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਤੋਂ ਰੋਕਣ ਦਾ ਦੋਸ਼ ਲਗਾਇਆ ਸੀ।
ਅਮੋਲਕ ਸਿੰਘ ਨੇ ਕਿਹਾ ਕਿ ਤੀਸਤਾ ਸੀਤਲਵਾੜ ਅਤੇ ਉਸ ਦੀ ਟੀਮ 2002 ਕਤਲੇਆਮ ਦੇ ਦੋਸ਼ੀਆਂ ਨੂੰ ਕਟਹਿਰੇ ਵਿੱਚ ਖੜ੍ਹਾ ਕਰਨ ਅਤੇ ਨਸਲਕੁਸ਼ੀ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਲੜ ਰਹੀ ਸੀ। ਹਿੰਦੂਤਵੀ ਹਿੰਸਕ ਭੀੜਾਂ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਦੀਆਂ ਜ਼ੁਬਾਨੀ ਹਦਾਇਤਾਂ ਦਿੱਤੀਆਂ ਗਈਆਂ ਸਨ। ਇਸ ਦੇ ਵਿਸਤਾਰ ਵਿੱਚ ਖੁਲਾਸੇ ਪੁਸਤਕ ‘ਗੁਜਰਾਤ ਫ਼ਾਈਲਜ਼’ ਵਿੱਚ ਨਿਧੜਕ ਪੱਤਰਕਾਰ ਰਾਣਾ ਅਯੂਬ ਨੇ ਵੀ ਕੀਤੇ ਹਨ। ਕਮੇਟੀ ਦੇ ਆਗੂਆਂ ਨੇ ਕਿਹਾ ਕਿ ਹਰ ਇਨਸਾਫ਼ ਪਸੰਦ ਵਿਅਕਤੀ ਨੂੰ ਤੀਸਤਾ ਸੀਤਲਵਾੜ ਦੀ ਗ੍ਰਿਫ਼ਤਾਰੀ ਵਿਰੁੱਧ ਜ਼ੋਰਦਾਰ ਆਵਾਜ਼ ਉਠਾਉਣੀ ਚਾਹੀਦੀ ਹੈ। ਦੇਸ਼ ਭਗਤ ਯਾਦਗਾਰ ਕਮੇਟੀ ਨੇ ਸਮੂਹ ਲੋਕ ਪੱਖੀ ਅਤੇ ਨਿਆਂਪਸੰਦ ਤਾਕਤਾਂ, ਵਿਅਕਤੀਆਂ ਨੂੰ ਮਜ਼ਲੂਮਾਂ ਦੀ ਢਾਲ ਬਣਨ ਲਈ ਫ਼ਿਰਕੂ ਫਾਸ਼ੀ ਹੱਲੇ ਵਿਰੁੱਧ ਜ਼ੋਰਦਾਰ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਹੈ।