ਦਵਿੰਦਰ ਪਾਲ
ਚੰਡੀਗੜ੍ਹ, 17 ਮਈ
ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਚੱਲ ਰਹੇ ਸੰਘਰਸ਼ੀ ਅਖਾੜਿਆਂ ਤੋਂ ਕਿਸਾਨਾਂ ਨੇ ਸੱਦਾ ਦਿੱਤਾ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਜ਼ਾਲਮਾਨਾ ਰਵੱਈਏ ਖ਼ਿਲਾਫ਼ ਕਿਸਾਨਾਂ ਅਤੇ ਮਜ਼ਦੂਰਾਂ ਸਮੇਤ ਹੋਰ ਵਰਗ ਵੀ ਇੱਕ ਮੰਚ ’ਤੇ ਇਕੱਤਰ ਹੋਣ। ਉਨ੍ਹਾਂ ਭਾਜਪਾ ਤੇ ਪੂੰਜੀਪਤੀ ਘਰਾਣਿਆਂ ਖ਼ਿਲਾਫ਼ ਤਿੱਖੀ ਲੜਾਈ ਦਾ ਸੱਦਾ ਦਿੱਤਾ। ਪੰਜਾਬ ਭਰ ਵਿੱਚ ਸਵਾ ਸੌ ਤੋਂ ਵੱਧ ਥਾਵਾਂ, ਟੌਲ ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਅਤੇ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅੱਗੇ ਜਾਰੀ ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੂੰਜੀਪਤੀ ਘਰਾਣਿਆਂ ਦੇ ਹਿਤਾਂ ਦੀ ਪੂਰਤੀ ਲਈ ਲਿਆਂਦੇ ਤਿੰਨ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿੱਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਕਿਉਂਕਿ ਕੇਂਦਰ ਸਰਕਾਰ ਵੱਲੋਂ ਧਾਰੀ ਗਈ ਬੇਰੁਖੀ ਕਾਰਨ ਲਗਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਪਾਬੰਦੀਆਂ ਦਾ ਡਟਵਾਂ ਵਿਰੋਧ ਕਰਨ ਲਈ ਲੰਮੇ ਸੰਘਰਸ਼ ਦੀ ਲੋੜ ਹੈ। ਬੁਲਾਰਿਆਂ ਨੇ ਹਰਿਆਣਾ ਵਿੱਚ ਐਤਵਾਰ ਨੂੰ ਕਿਸਾਨਾਂ ’ਤੇ ਹੋਏ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਕਿਹਾ ਕਿ ਭਾਜਪਾ ਦੇ ਤਾਨਾਸ਼ਾਹੀ ਰਵੱਈਏ ਖ਼ਿਲਾਫ਼ ਸਾਰੇ ਵਰਗਾਂ ਨੂੰ ਇਕੱਠੇ ਹੋ ਕੇ ਹੰਭਲਾ ਮਾਰਨਾ ਪਵੇਗਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੱਛਮੀ ਬੰਗਾਲ ਦੇ ਲੋਕਾਂ ਨੇ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨੂੁੰ ਸਬਕ ਸਿਖਾਇਆ ਹੈ, ਉਸੇ ਤਰ੍ਹਾਂ ਦੇਸ਼ ਦੇ ਲੋਕਾਂ ਨੂੰ ਭਾਜਪਾ ਖ਼ਿਲਾਫ਼ ਇੱਕਜੁਟ ਹੋਣਾ ਪਵੇਗਾ। ਕਿਸਾਨ ਬੁਲਾਰਿਆਂ ਨੇ ਕਿਹਾ ਕਿ ਲੋਕਾਂ ਦਾ ਏਕਤਾ ਤੇ ਸੰਘਰਸ਼ ਹੀ ਭਾਜਪਾ ਨੂੰ ਕਾਰਪੋਰੇਟ ਦੀ ਸੇਵਾ ਦੀ ਥਾਂ ਲੋਕ ਪੱਖੀ ਫ਼ੈਸਲੇ ਲੈਣ ਲਈ ਮਜਬੂਰ ਕਰੇਗਾ।