ਦਵਿੰਦਰ ਪਾਲ
ਚੰਡੀਗੜ੍ਹ, 11 ਜਨਵਰੀ
ਪੰਜਾਬ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਧਰਨਿਆਂ ਤੋਂ ਕਿਸਾਨਾਂ ਨੂੰ ਨਿਰਾਸ਼ਾ ਦਾ ਪੱਲਾ ਛੱਡ ਕੇ ਖ਼ੁਦਕੁਸ਼ੀਆਂ ਦੇ ਰਾਹ ਨਾ ਪੈ ਕੇ ਸੰਘਰਸ਼ ਨੂੰ ਜਿੱਤ ਵੱਲ ਲਿਜਾਣ ਲਈ ਸੇਧਤ ਹੋਣ ਦਾ ਸੱਦਾ ਦਿੱਤਾ ਹੈ। ਸੂਬੇ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਅੱਜ ਸਵਾ ਸੌ ਤੋਂ ਵੱਧ ਥਾਵਾਂ ’ਤੇ ਕਿਸਾਨਾਂ ਵੱਲੋਂ ਧਰਨੇ ਦਿੱਤੇ ਗਏ।
ਪਹਿਲੀ ਅਕਤੂਬਰ ਤੋਂ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਆਗੂਆਂ ਦੇ ਘਰਾਂ ਮੂਹਰੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਅੰਬਾਨੀ-ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ ਅਤੇ ਟੌਲ ਪਲਾਜ਼ਿਆਂ ’ਤੇ ਦਿਨ-ਰਾਤ ਧਰਨੇ ਚੱਲ ਰਹੇ ਹਨ। ਧਰਨਿਆਂ ਦੌਰਾਨ ਕਿਸਾਨ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਤੋਂ ਉੱਠਿਆ ਕਿਸਾਨੀ ਅੰਦੋਲਨ ਪੜਾਅਵਾਰ ਜਿੱਤ ਵੱਲ ਵਧ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਦੀਆਂ ਟਿੱਪਣੀਆਂ ਵੀ ਕਿਸਾਨੀ ਸੰਘਰਸ਼ ਦੀ ਜਿੱਤ ਦਾ ਸੂਚਕ ਹਨ। ਬੁਲਾਰਿਆਂ ਨੇ ਕਿਸਾਨੀ ਅੰਦੋਲਨ ਦੌਰਾਨ ਕਿਸਾਨਾਂ ਵੱਲੋਂ ਕੀਤੀਆਂ ਗਈਆਂ ਖ਼ੁਦਕੁਸ਼ੀਆਂ ’ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਖ਼ੁਦਕੁਸ਼ੀਆਂ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹਨ, ਇਸ ਲਈ ਕਿਸਾਨਾਂ ਨੂੰ ਇਸ ਮੌਕੇ ਬਿਲਕੁਲ ਨਹੀਂ ਡੋਲਣਾ ਨਹੀਂ ਚਾਹੀਦਾ, ਜਦੋਂ ਸਾਰੇ ਮੁਲਕ ਦੇ ਕਿਸਾਨ ਜਾਗਰੂਕ ਹੋ ਕੇ ਸੰਘਰਸ਼ ਦਾ ਹਿੱਸਾ ਬਣ ਰਹੇ ਹਨ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਕਿਹਾ ਕਿ ਪੰਜਾਬ ਤੋਂ ਉੱਠੇ ਕਿਸਾਨੀ ਅੰਦੋਲਨ ਨੇ ਮੋਦੀ ਸਰਕਾਰ ਦੀ ਹੈਂਕੜ ਭੰਨ ਦਿੱਤੀ ਹੈ ਤੇ ਸਰਕਾਰ ਇਸ ਸਮੇਂ ਨਮੋਸ਼ੀ ਤੋਂ ਬਚਣ ਦੇ ਰਾਹ ਲੱਭ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਸਮੁੱਚੇ ਮੁਲਕ ਨੂੰ ਜਗਾਇਆ ਹੈ, ਇਸ ਲਈ ਕਿਸਾਨਾਂ ਨੂੰ ਖ਼ੁਦਕੁਸ਼ੀਆਂ ਬਾਰੇ ਸੋਚਣਾ ਵੀ ਨਹੀਂ ਚਾਹੀਦਾ। ਸੁਖਦੇਵ ਸਿੰਘ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਸ਼ੁਰੂ ਕੀਤੀ ਸਿੱਖਿਆ ਮੁਹਿੰਮ ਦੇ ਦੂਜੇ ਦਿਨ ਅੱਜ ਪਿੰਡ ਕਿਲੀ ਚਾਹਲਾਂ ਵਿੱਚ ਮੋਗਾ, ਲੁਧਿਆਣਾ, ਜਲੰਧਰ, ਫਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚੋਂ 25 ਔਰਤਾਂ ਸਮੇਤ 200 ਤੋਂ ਵੱਧ ਚੋਣਵੇਂ ਕਿਸਾਨ ਅਧਿਆਪਕਾਂ ਦੀਆਂ ਮੀਟਿੰਗਾਂ ਹੋਈਆਂ।
ਸੂਬਾਈ ਮੁਹਿੰਮ ਕਮੇਟੀ ਦੇ ਮੈਂਬਰ ਸੁਖਜੀਤ ਸਿੰਘ ਕੋਠਾਗੁਰੂ, ਜਗਤਾਰ ਸਿੰਘ ਕਾਲਾਝਾੜ ਅਤੇ ਕੋਕਰੀ ਕਲਾਂ ਨੇ ਜ਼ੋਰ ਦਿੱਤਾ ਕਿ ਪਿੰਡ-ਪਿੰਡ ਸਿੱਖਿਆ ਮੀਟਿੰਗਾਂ ਦਾ ਤਾਂਤਾ ਬੰਨ੍ਹ ਕੇ ਕਿਸਾਨਾਂ ਦੀ ਸੱਜੀ ਬਾਂਹ ਖੇਤ ਮਜ਼ਦੂਰਾਂ ਸਮੇਤ ਪੇਂਡੂ ਸ਼ਹਿਰੀ ਗ਼ਰੀਬਾਂ ਤੇ ਛੋਟੇ ਕਾਰੋਬਾਰੀਆਂ ਨੂੰ ਲਾਮਬੰਦ ਕਰਨ ਰਾਹੀਂ ਘੋਲ ਨੂੰ ਹੋਰ ਵਿਸ਼ਾਲ ਤੇ ਮਜ਼ਬੂਤ ਕੀਤਾ ਜਾਵੇ। ਲੋਹੜੀ ਮੌਕੇ ਦੁੱਲਾ ਭੱਟੀ ਨੂੰ ਯਾਦ ਕਰਦਿਆਂ ਕਾਲੇ ਖੇਤੀ ਕਾਨੂੰਨਾਂ ਦੇ ਪੱਤਰੇ ਤਿਲਾਂ ਦੀ ਥਾਂ ਅਗਨਭੇਟ ਕੀਤੇ ਜਾਣ। ਜਥੇਬੰਦੀਆਂ ਵੱਲੋਂ ਐਲਾਨੇ ਗਏ ਘੋਲ ਦੇ ਔਰਤ ਦਿਵਸ ਮੌਕੇ 18 ਜਨਵਰੀ ਨੂੰ ਦਿੱਲੀ ਤੋਂ ਇਲਾਵਾ ਹਰਜੀਤ ਗਰੇਵਾਲ ਤੇ ਸੁਰਜੀਤ ਜਿਆਣੀ ਦੇ ਪਿੰਡਾਂ ਵਿੱਚ ਔਰਤ ਰੈਲੀਆਂ ਕੀਤੀਆਂ ਜਾਣ। ਪੰਜ ਜ਼ਿਲ੍ਹਿਆਂ ਦੀ ਅਗਲੀ ਸਿੱਖਿਆ ਮੀਟਿੰਗ 14 ਜਨਵਰੀ ਨੂੰ ਮਾਈਸਰਖਾਨਾ (ਬਠਿੰਡਾ) ਵਿੱਚ ਕੀਤੀ ਜਾ ਰਹੀ ਹੈ।
ਇਸੇ ਤਰ੍ਹਾਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਲੋਹੜੀ ਮਗਰੋਂ ਖੇਤੀ ਕਾਨੂੰਨਾਂ ਖ਼ਿਲਾਫ਼ ਅਗਲੇ ਗੇੜ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।
ਹਰਿਆਣਵੀ ਕਿਸਾਨਾਂ ਵੱਲੋਂ ‘ਟਰੈਕਟਰ ਪਰੇਡ’ ਲਈ ਲਾਮਬੰਦੀ
ਚੰਡੀਗੜ੍ਹ (ਆਤਿਸ਼ ਗੁਪਤਾ): ਦਿੱਲੀ ਸੰਘਰਸ਼ ਦੌਰਾਨ 26 ਜਨਵਰੀ ਨੂੰ ਕੀਤੇ ਜਾਣ ਵਾਲੇ ‘ਟਰੈਕਟਰ ਮਾਰਚ’ ਲਈ ਕਿਸਾਨਾਂ ਨੇ ਹਰਿਆਣਾ ਵਿੱਚ ਵੀ ਲਾਮਬੰਦੀਆਂ ਸ਼ੁਰੂ ਕਰ ਦਿੱਤੀਆਂ ਹਨ। ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਪਰੇਡ ਦੀ ਤਿਆਰੀਆਂ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਟਰੈਕਟਰ ਮਾਰਚ ਕੱਢੇ ਗਏ ਅਤੇ ਲੋਕਾਂ ਨੂੰ ਟਰੈਕਟਰ ਪਰੇਡ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਪ੍ਰਧਾਨ ਰਵੀ ਆਜ਼ਾਦ ਨੇ ਦੱਸਿਆ ਕਿ ਟਰੈਕਟਰ ਮਾਰਚ ਦੀ ਤਿਆਰੀਆਂ ਲਈ ਪਿੰਡ-ਪਿੰਡ ਵਿੱਚ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਹਰ ਪਿੰਡ ਵਿੱਚੋਂ ਘੱਟ ਤੋਂ ਘੱਟ 10-10 ਟਰੈਕਟਰ ਜ਼ਰੂਰ ਹਿੱਸਾ ਲੈਣਗੇ। ਇਸ ਤੋਂ ਇਲਾਵਾ ਹਰ ਘਰ ਵਿੱਚੋਂ ਇਕ ਵਿਅਕਤੀ ਪਰੇਡ ਵਿੱਚ ਸ਼ਮੂਲੀਅਤ ਕਰੇਗਾ। ਰਵੀ ਆਜ਼ਾਦ ਨੇ ਦੱਸਿਆ ਕਿ ਗਣਤੰਤਰ ਦਿਵਸ ਵਾਲੇ ਦਿਨ ਹਰਿਆਣਾ ਦੇ ਮੁੱਖ ਮੰਤਰੀ, ਉਪ ਮੁੱਖ ਮੰਤਰੀ ਸਣੇ ਹੋਰਨਾਂ ਮੰਤਰੀਆਂ ਅਤੇ ਭਾਜਪਾ-ਜੇਜੇਪੀ ਆਗੂਆਂ ਨੂੰ ਤਿਰੰਗਾ ਝੰਡਾ ਲਹਿਰਾਉਣ ਨਹੀਂ ਦਿੱਤਾ ਜਾਵੇਗਾ। ਇਸ ਲਈ ਕਿਸਾਨ ਜਥੇਬੰਦੀਆਂ ਨੇ 25 ਜਨਵਰੀ ਨੂੰ ਸੂਬੇ ਭਰ ਵਿੱਚ ਹਰ ਜ਼ਿਲ੍ਹੇ ਨੂੰ ਸੀਲ ਕਰ ਦਿੱਤਾ ਜਾਵੇਗਾ ਤਾਂ ਜੋ ਭਾਜਪਾ-ਜੇਜੇਪੀ ਆਗੂਆਂ ਦੇ ਵਿਰੋਧ ਨੂੰ ਕਾਮਯਾਬ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਕਾਰਪੋਰੇਟ ਘਰਾਣਿਆਂ ਦਾ ਵੀ ਬਾਈਕਾਟ ਜਾਰੀ ਰਹੇਗਾ। ਦੱਸਣਯੋਗ ਹੈ ਕਿ ਹਰਿਆਣਾ ਵਿੱਚ ਭਾਜਪਾ ਅਤੇ ਜੇਜੇਪੀ ਦੇ ਆਗੂਆਂ ਦੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦਾ ਰੋਹ ਭਖ਼ਦਾ ਜਾ ਰਿਹਾ ਹੈ। ਇਸੇ ਤਹਿਤ ਕਿਸਾਨਾਂ ਨੇ ਪਹਿਲਾ ਮੁੱਖ ਮੰਤਰੀ ਦਾ ਅੰਬਾਲਾ ਅਤੇ ਪੰਚਕੂਲਾ ਵਿੱਚ ਅਤੇ ਹੁਣ ਕਰਨਾਲ ਸਮਾਗਮ ਖ਼ਿਲਾਫ਼ ਵਿਰੋਧ ਕੀਤਾ ਹੈ। ਜਦਕਿ ਉਪ ਮੁੱਖ ਮੰਤਰੀ ਦਾ ਉਚਾਣਾ ਵਿੱਚ ਵਿਰੋਧ ਕੀਤਾ ਜਾ ਚੁੱਕਿਆ ਹੈ।