ਰਮਨਦੀਪ ਸਿੰਘ
ਚਾਉਕੇ, 22 ਅਪਰੈਲ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਏ ਨਰਮੇ ਦੀ ਫ਼ਸਲ ਅਤੇ ਕਣਕ ਦਾ ਝਾੜ ਘੱਟ ਨਿਕਲਣ ਕਾਰਨ ਖ਼ੁਦਕੁਸ਼ੀ ਕਰਨ ਵਾਲੇ ਪਿੰਡ ਮਾਨਸਾ ਖ਼ੁਰਦ ਦੇ ਕਿਸਾਨ ਗੁਰਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ। ਸ੍ਰੀ ਸਿੱਧੂ ਨੇ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਕਹਿੰਦੇ ਸਨ ਕਿ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਆਉਣ ’ਤੇ ਕੋਈ ਕਿਸਾਨ ਖ਼ੁਦਕੁਸ਼ੀ ਨਹੀਂ ਕਰੇਗਾ, ਪਰ ਪਿਛਲੇ ਕੁਝ ਦਿਨਾਂ ਦੌਰਾਨ ਸਿਰਫ਼ ਬਠਿੰਡਾ ਵਿੱਚ ਹੀ ਸੱਤ ਕਿਸਾਨ ਖ਼ੁਦਕੁਸ਼ੀ ਕਰ ਗਏ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਖ਼ੁਦਕੁਸ਼ੀਆਂ ਦੀ ਜ਼ਿੰਮੇਵਾਰੀ ਸਿਆਸਤਦਾਨਾਂ ਨੂੰ ਲੈਣੀ ਚਾਹੀਦੀ ਹੈ ਕਿਉਂਕਿ ਪਿਛਲੇ ਸਾਲਾਂ ਦੌਰਾਨ ਐਸੀ ਕੋਈ ਨੀਤੀ ਨਹੀਂ ਬਣਾਈ ਗਈ, ਜੋ ਕਿਸਾਨਾਂ ਦੇ ਹੱਕ ਵਿੱਚ ਅਤੇ ਉਨ੍ਹਾਂ ਦੇ ਲਾਭ ਲਈ ਹੋਵੇ। ਉਨ੍ਹਾਂ ਕਿਹਾ ਕਿ ਇਹ ਸਮਾਂ ਕਿਸੇ ’ਤੇ ਦੋਸ਼ ਲਾਉਣ ਦਾ ਨਹੀਂ, ਸਗੋਂ ਕਿਸਾਨਾਂ ਨੂੰ ਧਿਆਨ ਵਿੱਚ ਰੱਖ ਕੇ ਨਵੀਆਂ ਨੀਤੀਆਂ ਤਿਆਰ ਕਰਨ ਲਈ ਸਿਰ ਜੋੜ ਕੇ ਬੈਠਣ ਦਾ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਜੇਕਰ ਕਿਸਾਨੀ ਪੈਰਾਂ-ਸਿਰ ਨਾ ਹੋਈ ਤਾਂ ਪੰਜਾਬ ਵੀ ਪੈਰਾਂ ਸਿਰ ਨਹੀਂ ਹੋ ਸਕੇਗਾ। ਉਨ੍ਹਾਂ ਕਿਹਾ ਕਿ ਉਹ ਕਿਸੇ ਅਹੁਦੇ ਜਾਂ ਲਾਲਚ ਲਈ ਨਹੀਂ, ਸਗੋਂ ਪੰਜਾਬ ਦੇ ਭਲੇ ਲਈ ਨੀਤੀਗਤ ਢੰਗ ਨਾਲ ਕੰਮ ਕਰਨ ਲਈ ਆਏ ਹਨ। ਇਸ ਮੌਕੇ ਸ੍ਰੀ ਸਿੱਧੂ ਨੇ ਮ੍ਰਿਤਕ ਦੇ ਭਰਾ ਨੂੰ ਆਪਣੇ ਖ਼ਰਚੇ ’ਤੇ ਨੌਕਰੀ ਦੇਣ ਦਾ ਭਰੋਸਾ ਦਿੱਤਾ।
ਮੌੜ ਮੰਡੀ (ਕੁਲਦੀਪ ਭੁੱਲਰ): ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪਿਛਲੇ ਦਿਨੀਂ ਵਿਧਾਨ ਸਭਾ ਹਲਕਾ ਮੌੜ ਦੇ ਪਿੰਡ ਮਾਈਸਰਖਾਨਾ ਤੇ ਮੰਡੀ ਖੁਰਦ ਵਿੱਚ ਖੁਦਕੁਸ਼ੀਆਂ ਕਰ ਗਏ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ। ਸ੍ਰੀ ਸਿੱਧੂ ਨੇ ਕਿਹਾ ਕਿ ਉਹ ਕਈ ਸਾਲਾਂ ਤੋਂ ਕਹਿੰਦੇ ਆ ਰਹੇ ਹਨ ਕਿ ਸਰਕਾਰਾਂ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦੀ ਥਾਂ ਕਿਸਾਨ ਮਾਰੂ ਨੀਤੀਆਂ ਲਾਗੂ ਕਰ ਰਹੀਆਂ ਹਨ।
ਉਨ੍ਹਾਂ ਮਾਈਸਰਖਾਨਾ ਦੇ ਨੌਜਵਾਨ ਕਿਸਾਨ ਜਸਪਾਲ ਸਿੰਘ ਅਤੇ ਮੰਡੀ ਖੁਰਦ ਦੇ ਕਿਸਾਨ ਗੁਰਦੀਪ ਸਿੰਘ ਵੱਲੋਂ ਖ਼ੁਦਕੁਸ਼ੀ ਕਰ ਜਾਣ ਲਈ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ।
ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਸੂਬੇ ਦੀ ‘ਆਪ’ ਸਰਕਾਰ ਤੋਂ ਪੀੜਤ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਮਾਲੀ ਸਹਾਇਤਾ ਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ।